ਚੰਡੀਗੜ੍ਹ, 20 ਜਨਵਰੀ (ਅਜੀਤ ਬਿਊਰੋ)-ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਵਲੋਂ ਕਿਰਤ ਵਿਭਾਗ ਦੇ ਭਾਈਵਾਲਾਂ ਲਈ ਇਕ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੌਰਾਨ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵਲੋਂ ਬੋਰਡ ਦੀਆਂ ਸਕੀਮਾਂ ਅਤੇ ਪ੍ਰਕਿਰਿਆਵਾਂ ਬਾਰੇ ਇਕ ਹੈਂਡਬੁੱਕ ਜਾਰੀ ਕੀਤੀ ਗਈ | ਸਮਾਗਮ ਦੌਰਾਨ ਬਿਹਤਰ ਕਾਰਗੁਜ਼ਾਰੀ ਵਾਲੇ ਜ਼ਿਲਿ੍ਹਆਂ ਨੂੰ ਸਨਮਾਨਿਤ ਕੀਤਾ ਤੇ ਸਬੰਧਿਤ ਡਿਪਟੀ ਕਮਿਸ਼ਨਰਾਂ ਨੂੰ ਪ੍ਰਸ਼ੰਸਾ ਪੱਤਰ ਭੇਟ ਕੀਤੇ ਗਏ | ਬਿਹਤਰ ਕਾਰਗੁਜ਼ਾਰੀ ਵਾਲੇ ਸਹਾਇਕ ਲੇਬਰ ਕਮਿਸ਼ਨਰਾਂ ਅਤੇ ਲੇਬਰ ਇੰਸਪੈਕਟਰਾਂ ਨੂੰ ਵੀ ਪ੍ਰਸ਼ੰਸਾ ਪੱਤਰ ਸੌਂਪੇ ਗਏ | ਅਨੁਰਾਗ ਕੁੰਡੂ, ਮੈਂਬਰ ਪੀ.ਡੀ.ਸੀ. ਅਤੇ ਸਕੱਤਰ ਕਿਰਤ ਮਨਵੇਸ਼ ਸਿੰਘ ਸਿੱਧੂ ਨੇ ਬੋਰਡ ਦੁਆਰਾ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ, ਬੇਲੋੜੇ ਦਸਤਾਵੇਜ਼ਾਂ ਨੂੰ ਘਟਾਉਣ ਅਤੇ ਭਲਾਈ ਸਕੀਮਾਂ ਦੀ ਸਮੇਂ ਸਿਰ ਡਲਿਵਰੀ ਨੂੰ ਯਕੀਨੀ ਬਣਾਉਣ ਲਈ ਕੀਤੇ ਗਏ ਸੁਧਾਰਾਂ 'ਤੇ ਚਾਨਣਾ ਪਾਇਆ | ਰਾਜੀਵ ਗੁਪਤਾ ਕਿਰਤ ਕਮਿਸ਼ਨਰ-ਕਮ-ਸਕੱਤਰ, ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ, ਡਿਪਟੀ ਸਕੱਤਰ ਪਦਮਜੀਤ ਸਿੰਘ ਅਤੇ ਪੰਜਾਬ ਵਿਕਾਸ ਕਮਿਸ਼ਨ ਦੇ ਮੁਲਾਜ਼ਮਾਂ ਨੂੰ ਹੈਂਡਬੁੱਕ ਤਿਆਰ ਕਰਨ ਵਿਚ ਕੀਤੀਆਂ ਗਈਆਂ ਪਹਿਲਕਦਮੀਆਂ ਲਈ ਵਿਸ਼ੇਸ਼ ਸਨਮਾਨ ਦਿੱਤਾ ਗਿਆ | ਇਸ ਪ੍ਰੋਗਰਾਮ ਵਿਚ ਡਾਇਰੈਕਟਰ ਪੇਂਡੂ ਵਿਕਾਸ ਅਮਿਤ ਤਲਵਾਰ, ਡੀ.ਸੀ. ਸੰਗਰੂਰ ਰਾਹੁਲ ਚੱਬਾ, ਪਟਿਆਲਾ ਅਤੇ ਫਾਜ਼ਿਲਕਾ ਦੇ ਏ.ਡੀ.ਸੀ., ਸਹਾਇਕ ਕਿਰਤ ਕਮਿਸ਼ਨਰ, ਡਿਪਟੀ ਡਾਇਰੈਕਟਰ ਫੈਕਟਰੀਆਂ, ਕਿਰਤ ਇੰਸਪੈਕਟਰ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਤੇ ਕਿਰਤ ਭਲਾਈ ਬੋਰਡ ਦੇ ਮੁਲਾਜ਼ਮ ਵੀ ਸ਼ਾਮਿਲ ਹੋਏ |
ਸੌਂਦ ਵਲੋਂ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਦੀਆਂ ਸਕੀਮਾਂ ਤੇ ਪ੍ਰਕਿਰਿਆਵਾਂ ਬਾਰੇ ਹੈਂਡਬੁੱਕ ਜਾਰੀ <br/>
ਅਜੀਤ ਡੈਸਕ
21-01-2026