ਚੰਡੀਗੜ੍ਹ, 20 ਜਨਵਰੀ (ਪ੍ਰੋ. ਅਵਤਾਰ ਸਿੰਘ)-ਸ਼੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਮਹਾਂਰਾਸ਼ਟਰ ਵਿਖੇ ਵਿਸ਼ਾਲ ਪੱਧਰ 'ਤੇ ਹੋ ਰਹੇ ਦੋ ਦਿਨਾਂ ਸ਼ਤਾਬਦੀ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਚੇਅਰਮੈਨ ਸ਼ਹੀਦੀ ਸ਼ਤਾਬਦੀ ਸਮਾਗਮ ਪ੍ਰਬੰਧਕ ਕਮੇਟੀ ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਵਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਸ਼ੇਸ਼ ਤੌਰ 'ਤੇ ਸੱਦਾ ਪੱਤਰ ਭੇਜਿਆ ਗਿਆ | ਦਮਦਮੀ ਟਕਸਾਲ ਵਲੋਂ ਮੁੱਖ ਮੰਤਰੀ ਨਿਵਾਸ 'ਤੇ ਪੁੱਜੇ ਗਿਆਨੀ ਸਾਹਿਬ ਸਿੰਘ, ਭਾਈ ਹਰਸ਼ਦੀਪ ਸਿੰਘ ਰੰਧਾਵਾ ਤੇ ਡਾ. ਅਵਤਾਰ ਸਿੰਘ ਬੁੱਟਰ ਕੋਲੋਂ ਸੱਦਾ ਪੱਤਰ ਸਵਿਕਾਰ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਦਮਦਮੀ ਟਕਸਾਲ ਤੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਵਲੋਂ ਮਹਾਂਰਾਸ਼ਟਰ ਸਰਕਾਰ ਦੇ ਸਹਿਯੋਗ ਨਾਲ ਮਨਾਈ ਜਾ ਰਹੀ ਇਸ 350 ਸਾਲਾ ਸ਼ਹੀਦੀ ਸ਼ਤਾਬਦੀ ਦੀ ਸ਼ਲਾਘਾ ਕੀਤੀ | ਮੁੱਖ ਮੰਤਰੀ ਮਾਨ ਨੇ ਇਸ ਸੱਦੇ ਲਈ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਤੇ ਸਿੰਘ ਸਾਹਿਬ ਜਥੇਦਾਰ ਸੰਤ ਬਾਬਾ ਕੁਲਵੰਤ ਸਿੰਘ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਹਜ਼ੂਰ ਸਾਹਿਬ ਵਿਖੇ ਜ਼ਰੂਰ ਨਤਮਸਤਕ ਹੋਣਗੇ ਤੇ ਇੰਨ੍ਹਾਂ ਸਮਾਗਮਾਂ 'ਚ ਹਾਜ਼ਰੀ ਭਰਨਗੇ |
ਸ੍ਰੀ ਹਜ਼ੂਰ ਸਾਹਿਬ ਵਿਖੇ ਸ਼ਤਾਬਦੀ ਸਮਾਗਮਾਂ 'ਚ ਸ਼ਮੂਲੀਅਤ ਲਈ ਮੁੱਖ ਮੰਤਰੀ ਮਾਨ ਨੂੰ ਸੱਦਾ ਪੱਤਰ <br/>
ਅਜੀਤ ਡੈਸਕ
21-01-2026