ਨਵੀਂ ਦਿੱਲੀ, 20 ਜਨਵਰੀ (ਜਗਤਾਰ ਸਿੰਘ)-ਸੁਪਰੀਮ ਕੋਰਟ ਇਸ ਕਾਨੂੰਨੀ ਸਵਾਲ 'ਤੇ ਵਿਚਾਰ ਕਰਨ ਲਈ ਸਹਿਮਤ ਹੋ ਗਈ ਹੈ ਕਿ, ਕੀ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਇੱਕ 'ਕਾਨੂੰਨੀ ਇਕਾਈ' ਦੇ ਤੌਰ 'ਤੇ ਸਿੱਧੇ ਹਾਈ ਕੋਰਟ ਵਿਚ ਰਿੱਟ ਪਟੀਸ਼ਨ ਦਾਇਰ ਕਰ ਸਕਦਾ ਹੈ? ਸੁਪਰੀਮ ਕੋਰਟ ਵੱਲੋਂ ਮੰਗਲਵਾਰ ਨੂੰ ਕੇਰਲ ਅਤੇ ਤਾਮਿਲਨਾਡੂ ਸੂਬਿਆਂ ਵਲੋਂ ਦਾਇਰ ਪਟੀਸ਼ਨਾਂ 'ਤੇ ਈ.ਡੀ. ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ਵਿਚ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ, ਬੇਸ਼ੱਕ, ਕਿਸੇ ਤਰ੍ਹਾਂ ਦੀ ਅੰਤਰਿਮ ਰੋਕ ਨਹੀਂ ਲਗਾਈ ਗਈ ਹੈ¢ ਇਨ੍ਹਾਂ ਪਟੀਸ਼ਨਾਂ ਵਿਚ ਇਹ ਅਹਿਮ ਸੰਵਿਧਾਨਕ ਸਵਾਲ ਚੁੱਕਿਆ ਗਿਆ ਹੈ ਕਿ, ਕੀ ਈ.ਡੀ. ਨੂੰ ਭਾਰਤੀ ਸੰਵਿਧਾਨ ਦੀ ਧਾਰਾ 226 ਦੇ ਤਹਿਤ ਰਿੱਟ ਪਟੀਸ਼ਨ ਦਾਇਰ ਕਰਨ ਦਾ ਅਧਿਕਾਰ ਹੈ? ਕੀ ਧਾਰਾ 226 ਹਾਈ ਕੋਰਟ ਨੂੰ ਨਾਗਰਿਕਾਂ ਅਤੇ ਸੰਸਥਾਵਾਂ ਦੀ ਸ਼ਿਕਾਇਤਾਂ 'ਤੇ ਆਦੇਸ਼ ਜਾਂ ਨਿਰਦੇਸ਼ ਜਾਰੀ ਕਰਨ ਦਾ ਅਧਿਕਾਰ ਦਿੰਦਾ ਹੈ ? ਸੂਬਾ ਸਰਕਾਰਾਂ ਨੇ ਕੇਰਲ ਹਾਈ ਕੋਰਟ ਦੇ ਉਸ ਆਦੇਸ਼ ਨੂੰ ਚੁਨੌਤੀ ਦਿੱਤੀ ਹੈ, ਜਿਸ ਨੇ ਧਾਰਾ 226 ਦੇ ਤਹਿਤ ਰਿੱਟ ਪਟੀਸ਼ਨ ਦਾਇਰ ਕਰਨ ਦੇ ਈ.ਡੀ. ਦੇ ਅਧਿਕਾਰ ਨੂੰ ਬਰਕਰਾਰ ਰੱਖਿਆ ਸੀ¢ ਇਹ ਮਾਮਲਾ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸਤੀਸ਼ ਚੰਦਰ ਸ਼ਰਮਾ ਦੀ ਬੈਂਚ ਦੇ ਮੂਹਰੇ ਸੁਣਵਾਈ ਲਈ ਆਇਆ¢ ਕੇਰਲ ਸੂਬੇ ਵੱਲੋਂ ਸੀਨੀਅਰ ਵਕੀਲ ਕਪਿਲ ਸਿੱਬਲ ਪੇਸ਼ ਹੋਏ ਜਦਕਿ ਤਾਮਿਲਨਾਡੂ ਸੂਬੇ ਵੱਲੋਂ ਹੋਰਨਾ ਵਕੀਲਾਂ ਨੇ ਪੱਖ ਰੱਖਿਆ¢