ਚੰਡੀਗੜ੍ਹ, 20 ਜਨਵਰੀ (ਵਿਕਰਮਜੀਤ ਸਿੰਘ ਮਾਨ)-ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਬਿਆਨ ਨੇ ਪੰਜਾਬ ਕਾਂਗਰਸ ਵਿਚ ਨਵਾਂ ਕਲੇਸ਼ ਛੇੜਿਆ ਹੋਇਆ ਹੈ | ਬਹੁਤੇ ਸੀਨੀਅਰ ਆਗੂ ਇਸ ਮਸਲੇ 'ਚ ਹਾਈਕਮਾਨ ਦੀ ਹਦਾਇਤ ਦੇ ਚਲਦੇ ਚੁੱਪ ਵੱਟੀ ਬੈਠੇ ਹਨ ਪਰ ਹਾਈਕਮਾਨ ਨੂੰ ਉਨ੍ਹਾਂ ਵਲੋਂ ਇਹ ਸੰਦੇਸ਼ ਜ਼ਰੂਰ ਦੇ ਦਿੱਤਾ ਗਿਆ ਹੈ ਕਿ ਅਜਿਹੇ ਬਿਆਨਾਂ ਨਾਲ ਪੰਜਾਬ 'ਚ ਕਾਂਗਰਸ ਦਾ ਨੁਕਸਾਨ ਹੋ ਰਿਹਾ ਹੈ | ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਇੱਥੇ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਭਾਜਪਾ ਤੋਂ ਉਲਟ ਕਾਂਗਰਸ ਲੋਕਾਂ ਨੂੰ ਜਾਤ ਜਾਂ ਧਰਮ ਦੇ ਨਾਂਅ 'ਤੇ ਵੰਡਣ 'ਚ ਯਕੀਨ ਨਹੀਂ ਰੱਖਦੀ ਹੈ | ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਹਾਲ ਹੀ ਵਿਚ ਕੀਤੀਆਂ ਟਿੱਪਣੀਆਂ ਬਾਰੇ ਸਵਾਲ ਉੱਪਰ ਵੜਿੰਗ ਨੇ ਕਿਹਾ ਕਿ ਉਹ ਇਸ ਮਸਲੇ ਵਿਚ ਟਿੱਪਣੀ ਨਹੀਂ ਕਰਨਾ ਚਾਹੁੰਦੇ ਹਨ | ਹਾਲਾਂਕਿ ਉਨ੍ਹਾਂ ਇਹ ਗੱਲ ਸਪੱਸ਼ਟ ਤੌਰ 'ਤੇ ਕਹਿ ਕਿ ਚੰਨੀ ਨੂੰ ਉੱਚ ਜਾਤੀ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਤੋਂ ਬਾਅਦ ਮੁੱਖ ਮੰਤਰੀ ਬਣਾਇਆ ਗਿਆ ਸੀ, ਜਦਕਿ ਕਿਸੇ ਵੀ ਵਿਧਾਇਕ ਨੇ ਪਹਿਲਾਂ ਉਨ੍ਹਾਂ ਦਾ ਸਮਰਥਨ ਨਹੀਂ ਕੀਤਾ ਸੀ | ਉਨ੍ਹਾਂ ਕਿਹਾ ਕਿ ਸੂਬਾ ਕਾਂਗਰਸ ਵਿਚ ਕਿਸੇ ਵੀ ਤਰ੍ਹਾਂ ਦੀ ਕੋਈ ਧੜੇਬੰਦੀ ਨਹੀਂ ਹੈ |