ਐੱਸ. ਏ. ਐੱਸ. ਨਗਰ, 22 ਜਨਵਰੀ (ਕਪਿਲ ਵਧਵਾ)-ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਮੁਹਾਲੀ ਤੋਂ ਪ੍ਰਧਾਨ ਪਰਵਿੰਦਰ ਸਿੰਘ ਸੋਹਾਣਾ ਨੂੰ ਕਥਿਤ ਤੌਰ 'ਤੇ ਗੈਂਗਸਟਰਾਂ ਵਲੋਂ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਕੇ 5 ਕਰੋੜ ਰੁਪਏ ਦੀ ਫਿਰੌਤੀ ਮੰਗਣ ਦੇ ਮਾਮਲੇ ਵਿਚ ਥਾਣਾ ਸੋਹਾਣਾ ਵਿਖੇ ਐਫ. ਆਈ. ਆਰ. ਦਰਜ ਕੀਤੀ ਗਈ ਹੈ | ਇਹ ਕਾਰਵਾਈ ਪਰਵਿੰਦਰ ਸਿੰਘ ਸੋਹਾਣਾ ਵਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਗਈ ਹੈ | ਸ਼ਿਕਾਇਤ ਮੁਤਾਬਿਕ 3 ਜਨਵਰੀ, 2026 ਨੂੰ ਉਸ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ 'ਤੇ ਧਮਕੀ ਭਰੀ ਕਾਲ ਆਈ, ਜਿਸ ਵਿਚ ਕਾਲ ਕਰਨ ਵਾਲੇ ਨੇ ਆਪਣੇ ਆਪ ਨੂੰ ਕਥਿਤ ਗੈਂਗਸਟਰ ਪਵਨ ਸ਼ੌਕੀਨ ਦੱਸਦਿਆਂ 5 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ | ਇਸ ਦੇ ਨਾਲ ਹੀ ਫ਼ੋਨ ਕਰਨ ਵਾਲੇ ਨੇ ਧਮਕੀ ਦਿੱਤੀ ਕਿ ਜੇਕਰ ਮੰਗ ਪੂਰੀ ਨਾ ਕੀਤੀ ਗਈ ਤਾਂ ਉਸ ਨੂੰ ਅਤੇ ਉਸ ਦੇ ਪਰਿਵਾਰ ਨੂੰ ਜਾਨੀ ਨੁਕਸਾਨ ਪਹੁੰਚਾਇਆ ਜਾਵੇਗਾ | ਪੁਲਿਸ ਨੇ ਗੈਂਗਸਟਰ ਪਵਨ ਸ਼ੌਕੀਨ ਸਮੇਤ 2 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ |