19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਵਿਧਾਨ ਸਭਾ ਦੇ ਬਾਹਰ ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ 'ਚ ਬੈਂਡ ਵਾਜੇ ਲੈ ਕੇ ਪੁੱਜੇ 'ਆਪ' ਆਗੂ <br/>

ਅਜੀਤ ਡੈਸਕ 07-03-2026
ਚੰਡੀਗੜ੍ਹ, 6 ਮਾਰਚ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦਾ ਪਹਿਲਾ ਦਿਨ ਹੰਗਾਮਾਖੇਜ ਦਿਖਾਈ ਦਿੱਤਾ | ਇਸ ਦੌਰਾਨ ਵਿਰੋਧੀ ਧਿਰ ਕਾਂਗਰਸ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਅਤੇ ਸੱਤਾਧਾਰੀ ਆਮ ਆਦਮੀ ਪਾਰਟੀ ਕਾਂਗਰਸ ਖ਼ਿਲਾਫ਼ ਪ੍ਰਦਰਸ਼ਨ ਕਰਦੀ ਨਜ਼ਰ ਆਈ | ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਵਰਕਰ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੀ ਅਗਵਾਈ 'ਚ ਪੰਜਾਬ ਵਿਧਾਨ ਸਭਾ ਦੇ ਬਾਹਰ ਬੈਂਡ ਵਾਜਿਆਂ ਨਾਲ ਪੁੱਜੇ ਤੇ ਕਾਂਗਰਸ ਖਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਨਾਅਰੇਬਾਜ਼ੀ ਕੀਤੀ | 'ਆਪ' ਆਗੂਆਂ ਨੇ ਇਸ ਮੌਕੇ ਦੋਸ਼ ਲਾਇਆ ਕਿ ਕਾਂਗਰਸ ਦੇ ਕੁਝ ਆਗੂ ਜਿੱਥੇ ਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਵਾਲੇ ਬਿਆਨ ਦੇ ਰਹੇ ਹਨ, ਉਥੇ ਪੰਜਾਬ ਦੇ ਗਰੀਬ, ਕੀਰਤੀਆਂ ਅਤੇ ਬੈਂਡ ਵਾਜਿਆਂ ਵਾਲਿਆਂ ਦੇ ਦਿਲਾਂ ਨੂੰ ਵੀ ਭਾਰੀ ਠੇਸ ਪਹੁੰਚਾਈ ਜਾ ਰਹੀ ਹੈ | ਕੈਬਨਿਟ ਮੰਤਰੀ ਨੇ ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਦਿਨੀਂ ਇਕ ਰੈਲੀ ਦੌਰਾਨ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਵਲੋਂ ਗਰੀਬ ਵਰਗ ਦੇ ਕਿਰਤੀਆਂ ਬੈਂਡ ਵਾਜੇ ਵਾਲੇ ਵਰਗ ਦੇ ਖ਼ਿਲਾਫ਼ ਇਕ ਇਤਰਾਜ਼ਯੋਗ ਟਿੱਪਣੀ ਕੀਤੀ ਗਈ ਸੀ ਜਿਸ ਦੀ ਜਿੱਥੇ ਉਹ ਕਾਨੂੰਨੀ ਲੜਾਈ ਲੜ ਰਹੇ ਹਨ ਉੱਥੇ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਵੀ ਪ੍ਰਤਾਪ ਸਿੰਘ ਬਾਜਵਾ ਦਾ ਵਿਰੋਧ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਬਾਜਵਾ ਦੇ ਉਸ ਬਿਆਨ ਨੇ ਕਾਂਗਰਸ ਦੀ ਗਰੀਬ ਕੀਰਤੀ ਮਜ਼ਦੂਰ ਅਤੇ ਬੈਂਡ ਵਾਜੇ ਵਾਲਿਆਂ ਪ੍ਰਤੀ ਨਫਰਤੀ ਸੋਚ ਦਾ ਪ੍ਰਗਟਾਵਾ ਕੀਤਾ ਹੈ ਅਤੇ ਅਜਿਹੀ ਸੋਚ ਅਤੇ ਬਿਆਨਬਾਜ਼ੀ ਦਾ ਵਿਰੋਧ ਜਾਰੀ ਰਹੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਦੇਸ਼ ਭਰ ਵਿਚੋਂ ਖਤਮ ਹੁੰਦੀ ਜਾ ਰਹੀ ਹੈ ਅਤੇ ਪੰਜਾਬ ਵਿਚ ਬਾਜਵਾ ਵਲੋਂ ਅਜਿਹਾ ਬਿਆਨ ਕਾਂਗਰਸ ਦੇ ਤਾਬੂਤ ਵਿਚ ਆਖਰੀ ਕਿੱਲ ਸਾਬਤ ਹੋਵੇਗਾ |
ਸਰਕਾਰ ਆਪਣੀਆਂ ਨਾਕਾਮੀਆਂ ਛੁਪਾਉਣ ਲਈ ਅਜਿਹੇ ਡਰਾਮੇ ਰਚ ਰਹੀ ਹੈ-ਬਾਜਵਾ
ਉਧਰ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵੀ ਆਮ ਆਦਮੀ ਪਾਰਟੀ 'ਤੇ ਤਿੱਖਾ ਹਮਲਾ ਕਰਦੇ ਹੋਏ ਕਿਹਾ ਕਿ ਸਰਕਾਰ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਬੇਵਜ੍ਹਾ ਅਜਿਹੇ ਡਰਾਮੇ ਰਚ ਕਰ ਰਹੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਨੂੰਨ–ਵਿਵਸਥਾ ਦੀ ਸਥਿਤੀ ਬਹੁਤ ਗੰਭੀਰ ਹੈ ਅਤੇ ਸਰਕਾਰ ਇਸ ਨੂੰ ਸੰਭਾਲਣ ਵਿਚ ਨਾਕਾਮ ਰਹੀ ਹੈ | ਬਾਜਵਾ ਨੇ ਕਿਹਾ ਕਿ ਜੇਕਰ ਅਸੀਂ ਪੰਜਾਬ ਦੀ ਸੁਰੱਖਿਆ ਬਾਰੇ ਕੋਈ ਗੱਲ ਕਰਦੇ ਹਾਂ ਤਾਂ ਸਰਕਾਰ ਨੂੰ ਉਸ 'ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ, ਨਾ ਕਿ ਉਸ ਨੂੰ ਰਾਜਨੀਤਿਕ ਮਸਲਾ ਬਣਾਉਣਾ ਚਾਹੀਦਾ ਹੈ | ਦੂਜੇ ਪਾਸੇ ਆਮ ਆਦਮੀ ਪਾਰਟੀ ਦੇ ਮੰਤਰੀਆਂ ਅਤੇ ਵਿਧਾਇਕਾਂ 'ਤੇ ਵਿਧਾਨ ਸਭਾ ਕੰਪਲੈਕਸ ਦੇ ਅੰਦਰ ਸੁਰੱਖਿਆ ਨਿਯਮਾਂ ਦੀ ਉਲੰਘਣਾ ਅਤੇ ਮਰਿਆਦਾ ਦੀ ਉਲੰਘਣਾ ਕਰਨ ਦੇ ਗੰਭੀਰ ਦੋਸ਼ ਲਗਾਏ | ਉਨ੍ਹਾਂ ਦੱਸਿਆ ਕਿ ਪੰਜਾਬ ਕਾਂਗਰਸ ਨੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਨੂੰ ਪੱਤਰ ਲਿਖ ਕੇ ਪੂਰੇ ਮਾਮਲੇ ਦੀ ਚੰਡੀਗੜ੍ਹ ਪੁਲਿਸ ਤੋਂ ਜਾਂਚ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ |

ਪਿਛਲੀ ਖ਼ਬਰ ਸਿਮਰਨਦੀਪ ਕੌਰ ਵਲੋਂ ਸਿਵਲ ਸਰਵਿਸਿਜ਼ ਪ੍ਰੀਖਿਆ 'ਚ ਦੇਸ਼ ਭਰ 'ਚੋਂ 15ਵਾਂ ਰੈਂਕ ਹਾਸਿਲ <br/> ਅਗਲੀ ਖ਼ਬਰ ਮਜੀਠੀਆ ਦੀ ਸੁਰੱਖਿਆ 'ਤੇ ਹਾਈ ਕੋਰਟ ਸਖ਼ਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।