ਭੁੱਨਰਹੇੜੀ, 30 ਮਾਰਚ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਸਨੌਰ ਦੇ ਦੁੱਧਨ ਸਾਧਾਂ ਵਿਖੇ ਅੱਜ ਹਲਕਾ ਪੱਧਰੀ ਰੈਲੀ ਕੀਤੀ ਗਈ | ਇਹ ਰੈਲੀ ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਕਰਵਾਈ ਗਈ, ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ | ਰੈਲੀ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਇਲਾਕੇ ਵਿਚ ਲਗਭਗ ਸੌ ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੇ ਨੀਂਹ ਪੱਥਰ ਰੱਖੇ | ਇਸ ਰੈਲੀ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਨੇ ਆਪਣੀ ਸਰਕਾਰ ਦੇ ਚਾਰ ਸਾਲਾਂ ਦੀਆਂ ਉਪਲਬਧੀਆਂ ਗਿਣਾਉਂਦਿਆਂ ਕਿਹਾ ਕਿ ਜਨਤਾ ਨਾਲ ਕੀਤੇ ਵਾਅਦਿਆਂ ਵਿਚੋਂ ਬਹੁਤੇ ਪੂਰੇ ਕਰ ਦਿੱਤੇ ਗਏ ਹਨ, ਜਦਕਿ ਬਾਕੀ ਵਾਅਦੇ ਵੀ ਜਲਦੀ ਪੂਰੇ ਕੀਤੇ ਜਾਣਗੇ | ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ 10 ਲੱਖ ਰੁਪਏ ਤੱਕ ਦੀ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ | ਪੇਂਡੂ ਖੇਤਰਾਂ ਵਿਚ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ 'ਤੇ ਖੇਡ ਮੈਦਾਨ ਬਣਾਏ ਜਾ ਰਹੇ ਹਨ | ਸਰਕਾਰੀ ਸਕੂਲਾਂ ਵਿਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਵਿਦੇਸ਼ਾਂ ਵਿਚ ਸਿਖਲਾਈ ਦਿੱਤੀ ਜਾ ਰਹੀ ਹੈ | ਮੁੱਖ ਮੰਤਰੀ ਨੇ ਕਿਹਾ ਕਿ ਘੜਾਮ, ਉਦੇਪੁਰ ਅਤੇ ਸੇਖਪੁਰ ਟੇਲਾਂ ਦੀ ਮਜ਼ਬੂਤੀ ਨਾਲ ਹਜ਼ਾਰਾਂ ਏਕੜ ਜ਼ਮੀਨ ਨੂੰ ਲਗਾਤਾਰ ਪਾਣੀ ਮਿਲੇਗਾ | ਉਨ੍ਹਾਂ ਨੇ ਦੱਸਿਆ ਕਿ ਸਨੌਰ ਹਲਕੇ ਵਿਚ 49.60 ਕਰੋੜ ਦੀ ਲਾਗਤ ਨਾਲ ਸੜਕਾਂ ਦਾ ਜਾਲ ਵਿਛਾਇਆ ਜਾਵੇਗਾ ਅਤੇ ਪਟਿਆਲਾ-ਪਿਹੋਵਾ ਸੜਕ ਨੂੰ ਚਾਰ-ਮਾਰਗੀ ਬਣਾਉਣ ਦੀ ਮੰਗ ਵੀ ਜਲਦ ਪੂਰੀ ਕੀਤੀ ਜਾਵੇਗੀ | ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੁਣ ਤੱਕ 65,264 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ | ਇਸ ਮੌਕੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਸਰਕਾਰ ਪਿੰਡਾਂ ਦੇ ਹਰ ਕੋਨੇ ਤੱਕ ਪਾਣੀ ਪਹੁੰਚਾਉਣ ਲਈ ਵਚਨਬੱਧ ਹੈ | ਰਣਜੋਧ ਸਿੰਘ ਹਡਾਣਾ ਵਲੋਂ ਮੁਖ ਮੰਤਰੀ, ਮੰਤਰੀਆਂ, ਵਿਧਾਇਕਾਂ ਤੋਂ ਇਲਾਵਾ ਹਲਕੇ ਤੋਂ ਆਏ ਲੋਕਾਂ ਦਾ ਧੰਨਵਾਦ ਕੀਤਾ, ਪੰਜਾਬ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਲੋਕਾਂ ਤੋਂ ਹੋਰ ਸਹਿਯੋਗ ਮੰਗਿਆ | ਇਸ ਰੈਲੀ ਦੌਰਾਨ ਸਿਹਤ ਮੰਤਰੀ ਡਾ. ਬਲਬੀਰ ਸਿੰਘ, ਬਰਿੰਦਰ ਗੋਇਲ, ਹਰਚੰਦ ਬਰਸਟ, ਵਿਧਾਇਕ ਚੇਤਨ ਜੌੜੇਮਾਜਰਾ, ਕੁਲਵੰਤ ਬਾਜੀਗਰ, ਦੇਵ ਮਾਨ, ਨੀਨਾ ਮਿੱਤਲ, ਗੁਰਲਾਲ ਘਨੌਰ, ਅਜੀਤਪਾਲ ਕੋਹਲੀ, ਮੇਅਰ ਕੁੰਦਨ ਗੋਗੀਆ, ਬਲਜਿੰਦਰ ਢਿੱਲੋਂ, ਇੰਦਰਜੀਤ ਸੰਧੂ, ਤੇਜਿੰਦਰ ਮਹਿਤਾ, ਡਾ. ਗੁਰਮੀਤ ਬਿੱਟੂ, ਜੱਸੀ ਸੋਹੀਆਂਵਾਲਾ ਗੁਰਮੇਜ ਸਿੰਘ ਭੁੱਨਰਹੇੜੀ, ਰਾਜਾ ਧੰਜੂ, ਨਰਿੰਦਰ ਤਖਰ ਐਮ ਸੀ, ਪਰਦੀਪ ਜੋਸਨ ਪ੍ਰਧਾਨ ਸਨੌਰ ਅਤੇ ਸਵਿੰਦਰ ਕੌਰ ਧੰਜੂ, ਬਲਦੇਵ ਸਿੰਘ ਚੇਅਰਮੈਨ ਸਮੇਤ ਕਈ ਹੋਰ ਆਗੂ ਵੀ ਮੌਜੂਦ ਸਨ |
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਨੌਰ ਹਲਕੇ 'ਚ ਮਹਾਂ ਰੈਲੀ
ਅਜੀਤ ਡੈਸਕ
31-03-2026