30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-04-2026

ਬਰਜਿੰਦਰ ਸਿੰਘ ਮੱਖਣ ਬਰਾੜ ਨੇ ਛੱਡਿਆ ਅਕਾਲੀ ਦਲ (ਪੁਨਰ ਸੁਰਜੀਤ) <br/>

ਅਜੀਤ ਡੈਸਕ 05-04-2026

ਮੋਗਾ, 4 ਅਪ੍ਰੈਲ (ਸੁਰਿੰਦਰਪਾਲ ਸਿੰਘ)-ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅੱਜ ਇਕ ਹੋਰ ਵੱਡਾ ਝਟਕਾ ਲੱਗਾ ਜਦੋਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਨਰਲ ਸਕੱਤਰ ਤੇ ਮੁੱਖ ਬੁਲਾਰੇ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਆਪਣੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ | ਆਪਣੇ ਅਸਤੀਫ਼ੇ ਵਿਚ ਮੱਖਣ ਬਰਾੜ ਨੇ ਗੰਭੀਰ ਦੋਸ਼ ਲਗਾਉਂਦੇ ਹੋਏ ਕਿਹਾ ਕਿ ਕੁਝ ਆਗੂ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਪੰਥ ਤੇ ਪੰਜਾਬ ਨੂੰ ਗੁੰਮਰਾਹ ਕਰ ਰਹੇ ਹਨ | ਉਨ੍ਹਾਂ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਤੇ ਮਨਪ੍ਰੀਤ ਸਿੰਘ ਇਆਲੀ ਦਾ ਨਾਂਅ ਲੈਂਦਿਆਂ ਦਾਅਵਾ ਕੀਤਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਂਅ 'ਤੇ ਕੌਮ ਨੂੰ ਭਾਵੁਕ ਕਰਕੇ ਇਕ ਵੱਡੀ ਸਾਜ਼ਿਸ਼ ਰਚੀ ਗਈ ਹੈ | ਉਨ੍ਹਾਂ ਕਿਹਾ ਕਿ ਪੰਥ ਦੀ ਨੁਮਾਇੰਦਾ ਜਥੇਬੰਦੀ ਨੂੰ ਕਮਜ਼ੋਰ ਕਰਨ ਲਈ ਕੇਂਦਰੀ ਤਾਕਤਾਂ ਤੇ ਪੰਜਾਬ ਸਰਕਾਰ ਵਲੋਂ ਮਿਲ ਕੇ ਯਤਨ ਕੀਤੇ ਗਏ | ਉਨ੍ਹਾਂ ਮੁਤਾਬਿਕ ਮਨਪ੍ਰੀਤ ਸਿੰਘ ਇਆਲੀ ਅਕਸਰ ਪੰਥਕ ਮਸਲਿਆਂ 'ਤੇ ਚੁੱਪ ਰਹਿੰਦੇ ਸਨ ਪਰ ਸਿਰਫ਼ ਸ਼੍ਰੋਮਣੀ ਅਕਾਲੀ ਦਲ (ਬਾਦਲ) ਖ਼ਿਲਾਫ਼ ਬਿਆਨਬਾਜ਼ੀ ਕਰਦੇ ਸਨ | ਉਨ੍ਹਾਂ ਇਹ ਵੀ ਦੱਸਿਆ ਕਿ ਉਹ ਲੰਮੇ ਸਮੇਂ ਤੋਂ ਇਹ ਸਾਰਾ ਕੁਝ ਦੇਖ ਰਹੇ ਸਨ ਪਰ ਹੁਣ ਉਨ੍ਹਾਂ ਦੀ ਜ਼ਮੀਰ ਨੇ ਉਨ੍ਹਾਂ ਨੂੰ ਚੁੱਪ ਰਹਿਣ ਦੀ ਇਜਾਜ਼ਤ ਨਹੀਂ ਦਿੱਤੀ | ਉਨ੍ਹਾਂ ਕਿਹਾ ਕਿ ਉਹ ਜਲਦ ਹੀ ਪੰਥ ਦੀ ਕਚਹਿਰੀ ਵਿਚ ਸੱਚ ਸਭ ਦੇ ਸਾਹਮਣੇ ਰੱਖਣਗੇ ਜਿਸ ਕਾਰਨ ਉਹ ਅੱਜ ਪੁਨਰ ਸੁਰਜੀਤ ਦੇ ਸਾਰੇ ਅਹੁਦਿਆਂ ਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ | ਮੱਖਣ ਬਰਾੜ ਨੇ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਬਾਰੇ ਤਾਂ ਹੁਣ ਸੰਗਤ ਖ਼ੁਦ ਹੀ ਜਾਣ ਚੁੱਕੀ ਹੈ ਕਿ ਜਿਵੇਂ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਵਰਤ ਕੇ ਪੰਥ ਦੀ ਜਮਾਤ ਸ਼੍ਰੋਮਣੀ ਅਕਾਲੀ ਦਲ (ਬਾਦਲ) ਨੂੰ ਕੇਂਦਰੀ ਏਜੰਸੀਆਂ ਦੇ ਆਖੇ ਖ਼ਤਮ ਕਰਨ ਦਾ ਹਰ ਹੀਲਾ ਵਰਤਿਆ ਤੇ ਗਿਆਨੀ ਹਰਪ੍ਰੀਤ ਸਿੰਘ ਉਹੀ ਬੋਲਦੇ ਹਨ ਜੋ ਉਨ੍ਹਾਂ ਨੂੰ ਦਿੱਲੀ ਤੋਂ ਇਸ਼ਾਰਾ ਹੁੰਦਾ ਹੈ ਤੇ ਹੁਣ ਸਪਸ਼ਟ ਹੋ ਗਿਆ ਹੈ ਕਿ ਉਹ ਏਜੰਸੀਆਂ ਨਾਲ ਮਿਲ ਕੇ ਪੰਥ ਤੇ ਪੰਜਾਬ ਨੂੰ ਗੁਮਰਾਹ ਕਰ ਰਹੇ ਹਨ ਜਿਸ ਨੂੰ ਪੰਥ ਪ੍ਰਸਤ ਲੋਕ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕਰਨਗੇ | ਸੂਤਰ ਦੱਸਦੇ ਹਨ ਕਿ ਆਉਣ ਵਾਲੇ ਸਮੇਂ ਵਿਚ ਜਲਦੀ ਹੀ ਉਹ ਫਿਰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਪੱਲਾ ਫੜ ਸਕਦੇ ਹਨ | ਇਸ ਸਬੰਧੀ ਜਦੋਂ ਉਨ੍ਹਾਂ ਨਾਲ ਸੰਪਰਕ ਕਰਨਾ ਚਾਹਿਆ ਤਾਂ ਉਨ੍ਹਾਂ ਦਾ ਮੋਬਾਈਲ ਫ਼ੋਨ ਬੰਦ ਆ ਰਿਹਾ ਸੀ |

ਪਿਛਲੀ ਖ਼ਬਰ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸੋਧ ਲਈ ਸਾਰੀਆਂ ਤਿਆਰੀਆਂ ਮੁਕੰਮਲ-ਮੁੱਖ ਚੋਣ ਅਧਿਕਾਰੀ <br/> ਅਗਲੀ ਖ਼ਬਰ ਹੜਤਾਲ ਨੂੰ ਲੈ ਕੇ ਆੜ੍ਹਤੀ ਐਸੋਸੀਏਸ਼ਨ ਹੋਈ ਦੁਫਾੜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।