28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-04-2026

ਬਿਜਲੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਮੰਗਾਂ ਨੂੰ ਲੈ ਕੇ ਮੁੱਖ ਦਫ਼ਤਰ ਘੇਰਿਆ

ਅਜੀਤ ਡੈਸਕ 11-04-2026
ਪਟਿਆਲਾ, 10 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ)-ਬਿਜਲੀ ਕਾਮਿਆਂ ਦੀਆਂ ਪ੍ਰਮੁੱਖ ਮੁਲਾਜ਼ਮ ਅਤੇ ਪੈਨਸ਼ਨਰ ਜਥੇਬੰਦੀਆਂ 'ਤੇ ਆਧਾਰਿਤ ਬਣੇ ਸਾਂਝੇ ਥੜੇ ਪੀ.ਐਸ.ਈ.ਬੀ. ਇੰਪਲਾਈਜ਼ ਜੁਆਇੰਟ ਫੋਰਮ, ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ, ਐਸੋਸੀਏਸ਼ਨ ਆਫ਼ ਜੂਨੀਅਰ ਇੰਜੀਨੀਅਰਜ਼, ਗਰਿੱਡ ਸਬ-ਸਟੇਸ਼ਨ ਇੰਪਲਾਈਜ਼ ਯੂਨੀਅਨ ਪਾਵਰਕਾਮ ਐਂਡ ਟ੍ਰਾਂਸਕੋ ਪੈਨਸ਼ਨਰ ਯੂਨੀਅਨ ਏਟਕ ਪੰਜਾਬ, ਪੈਨਸ਼ਨਰ ਵੈੱਲਫੇਅਰ ਫੈਡਰੇਸ਼ਨ (ਪਹਿਲਵਾਨ) ਦੇ ਸੂਬਾ ਪੱਧਰੀ ਸੱਦੇ 'ਤੇ ਅੱਜ ਵੱਡੀ ਗਿਣਤੀ ਵਿਚ ਬਿਜਲੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਮੂਹਰੇ ਮੁਲਾਜ਼ਮ ਆਗੂਆਂ ਕੁਲਵਿੰਦਰ ਸਿੰਘ ਢਿੱਲੋਂ ਅਤੇ ਗੁਰਪ੍ਰੀਤ ਸਿੰਘ ਗੰਡੀਵਿੰਡ ਦੀ ਅਗਵਾਈ ਹੇਠ ਵਿਸ਼ਾਲ ਰੋਸ ਧਰਨਾ ਲਗਾ ਕੇ ਮੰਗਾਂ ਲਾਗੂ ਨਾ ਕਰਨ ਦੇ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਗੁਰਭੇਜ ਸਿੰਘ ਢਿੱਲੋਂ, ਸੁਰਿੰਦਰਪਾਲ ਲਹੌਰੀਆ, ਨਿਰਮਲ ਸਿੰਘ ਹੁਸ਼ਿਆਰਪੁਰ, ਬਲਜੀਤ ਸਿੰਘ ਮੋਦਲਾ, ਦਵਿੰਦਰ ਸਿੰਘ ਪਿਸ਼ੌਰ, ਰਣਜੀਤ ਸਿੰਘ ਢਿੱਲੋਂ, ਰਵੇਲ ਸਿੰਘ ਸਹਾਏਪੁਰ, ਮਨਜੀਤ ਸਿੰਘ ਚਾਹਲ, ਨਰਿੰਦਰ ਕੁਮਾਰ ਬੱਲ ਨੇ ਕਿਹਾ ਕਿ ਮੁਲਾਜ਼ਮ ਅਤੇ ਪੈਨਸ਼ਨਰ ਮਸਲਿਆਂ ਦੇ ਨਿਪਟਾਰੇ ਸੰਬੰਧੀ 10 ਤੇ 14 ਅਗਸਤ 2025 ਅਤੇ 14 ਜਨਵਰੀ 2026 ਨੂੰ ਖ਼ਜ਼ਾਨਾ ਅਤੇ ਬਿਜਲੀ ਮੰਤਰੀ ਦੀ ਹਾਜ਼ਰੀ ਵਿਚ ਪੰਜਾਬ ਭਵਨ ਅਤੇ ਗੈੱਸਟ ਹਾਊਸ ਮੁਹਾਲੀ ਵਿਖੇ ਪਾਵਰ ਮੈਨੇਜਮੈਂਟ ਨਾਲ ਜਥੇਬੰਦੀਆਂ ਦੀਆਂ ਹੋਈਆਂ ਮੀਟਿੰਗਾਂ ਵਿਚ ਬੇਸ਼ੱਕ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਵਾਜਬ ਮੰਗਾਂ ਮੰਨ ਲਈਆਂ ਸਨ ਪਰ ਉਹ ਅੱਜ ਤੱਕ ਲਾਗੂ ਨਹੀਂ ਕੀਤੀਆਂ ਗਈਆਂ | ਆਗੂਆਂ ਨੇ ਕਿਹਾ ਕਿ ਬਿਜਲੀ ਕਾਮੇ ਜੂਨ ਦੇ ਦੂਸਰੇ ਹਫ਼ਤੇ ਦੋ ਦਿਨਾਂ ਮੁਕੰਮਲ ਹੜਤਾਲ ਕਰਕੇ ਪਾਵਰ ਮੈਨੇਜਮੈਂਟ ਅਤੇ ਪੰਜਾਬ ਸਰਕਾਰ ਦੇ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਰੁੱਖੇ ਰਵੱਈਏ ਖ਼ਿਲਾਫ਼ ਚੱਲ ਰਹੇ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ | ਧਰਨਾਕਾਰੀਆਂ ਨੇ ਬਿਜਲੀ ਮੰਤਰੀ ਸੰਜੀਵ ਅਰੋੜਾ ਅਤੇ ਸੀ.ਐਮ.ਡੀ. ਬਸੰਤ ਗਰਗ ਦੀ ਪਾਵਰਕਾਮ ਦੇ ਦਫ਼ਤਰ ਵਿਚ ਆਮਦ 'ਤੇ ਮੁੱਖ ਦਫ਼ਤਰ ਦੇ ਗੇਟਾਂ 'ਤੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਬਿਜਲੀ ਨਿਗਮ ਦਫ਼ਤਰ ਦੇ ਦੋਨੋਂ ਮੁੱਖ ਗੇਟਾਂ ਨੂੰ ਬੰਦ ਕਰ ਦਿੱਤਾ | ਜਿਸ ਨਾਲ ਬਿਜਲੀ ਮੰਤਰੀ ਵੀ ਅੰਦਰ ਘਿਰ ਗਏ | ਸਥਿਤੀ ਦੇ ਮੱਦੇਨਜ਼ਰ ਜਥੇਬੰਦੀਆਂ ਨੂੰ 16 ਅਪੈ੍ਰਲ ਨੂੰ ਮੀਟਿੰਗ ਕਰਨ ਦਾ ਲਿਖਤੀ ਸੱਦਾ ਪੱਤਰ ਦੇਣ 'ਤੇ ਧਰਨਾਕਾਰੀਆਂ ਨੇ ਪ੍ਰਦਰਸ਼ਨ ਖ਼ਤਮ ਕਰ ਦਿੱਤਾ | ਬਿਜਲੀ ਕਰਮਚਾਰੀਆਂ ਵਲੋਂ 11 ਤੋਂ 25 ਅਪੈ੍ਰਲ ਤੱਕ ਵਰਕ ਟੂ ਰੂਲ ਅਨੁਸਾਰ ਸਿਰਫ਼ ਆਪਣੀ ਬਣਦੀ ਡਿਊਟੀ ਕਰਨ ਉਪਰੰਤ ਮਈ ਦੇ ਦੂਸਰੇ ਹਫ਼ਤੇ ਮੰਗਾਂ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਸੂਬਾ ਪੱਧਰੀ ਰੋਸ ਧਰਨਾ ਦੇ ਕੇ ਮੁਜ਼ਾਹਰਾ ਕੀਤਾ ਜਾਵੇਗਾ |
ਪਿਛਲੀ ਖ਼ਬਰ ਬੇਮੌਸਮੀ ਬਾਰਿਸ਼ ਨਾਲ ਪੰਜਾਬ 'ਚ ਕਣਕ ਨੂੰ ਭਾਰੀ ਨੁਕਸਾਨ, ਕਿਸਾਨ ਚਿੰਤਤ <br/> ਅਗਲੀ ਖ਼ਬਰ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਦਲ ਖ਼ਾਲਸਾ ਵਲੋਂ ਮੁੱਖ ਮੰਤਰੀ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।