ਚੰਡੀਗੜ੍ਹ, 16 ਮਈ (ਅਜੀਤ ਬਿਊਰੋ)-ਤੇਲ ਦੀਆਂ ਵਧੀਆਂ ਕੀਮਤਾਂ ਦਾ ਪੰਜਾਬ ਦੇ ਲੋਕਾਂ 'ਤੇ ਕੋਈ ਵਾਧੂ ਆਰਥਿਕ ਬੋਝ ਨਾ ਪਵੇ, ਇਸ ਲਈ ਜਿਵੇਂ 27 ਮਾਰਚ 2026 ਨੂੰ ਕੇਂਦਰ ਦੀ ਭਾਜਪਾ ਸਰਕਾਰ ਵਲੋਂ 10 ਰੁਪਏ ਪ੍ਰਤੀ ਲੀਟਰ ਟੈਕਸ ਘਟਾ ਕੇ ਤੇਲ ਦੀਆਂ ਵਧੀਆਂ ਕੀਮਤਾਂ ਦਾ ਬੋਝ ਆਪਣੇ ਸਿਰ ਲਿਆ ਗਿਆ ਸੀ, ਉਸੇ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੈਟਰੋਲ ਅਤੇ ਡੀਜ਼ਲ 'ਤੇ ਵਧੇ 3 ਰੁਪਏ ਪ੍ਰਤੀ ਲੀਟਰ ਦੇ ਬੋਝ ਨੂੰ ਸੂਬਾਈ ਟੈਕਸਾਂ ਵਿਚ ਕਟੌਤੀ ਕਰਕੇ ਆਪਣੇ ਸਿਰ ਲੈਣਾ ਚਾਹੀਦਾ ਹੈ, ਤਾਂ ਜੋ ਬਿਜਾਈ ਦੇ ਇਸ ਮਹੱਤਵਪੂਰਨ ਸਮੇਂ ਦੌਰਾਨ ਕਿਸਾਨਾਂ ਸਮੇਤ ਆਮ ਲੋਕਾਂ 'ਤੇ ਵਾਧੂ ਆਰਥਿਕ ਬੋਝ ਨਾ ਪਵੇ | ਇਹ ਗੱਲ ਪੰਜਾਬ ਭਾਜਪਾ ਦੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਨੇ ਪਾਰਟੀ ਦੇ ਸੂਬਾ ਮੀਡੀਆ ਮੁਖੀ ਵਿਨੀਤ ਜੋਸ਼ੀ ਦੀ ਹਾਜਰੀ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਹੀ | ਉਨ੍ਹਾਂ ਨੇ ਮੁੱਖ ਮੰਤਰੀ ਤੋਂ ਮੰਗ ਕੀਤੀ ਕਿ ਕੇਂਦਰ ਸਰਕਾਰ ਦੀ ਤਰਜ਼ 'ਤੇ ਪੰਜਾਬ ਸਰਕਾਰ ਵੀ ਆਪਣੇ ਟੈਕਸਾਂ ਵਿਚ ਕਟੌਤੀ ਕਰਕੇ ਇਸ 3 ਰੁਪਏ ਪ੍ਰਤੀ ਲੀਟਰ ਦੇ ਵਾਧੇ ਦਾ ਬੋਝ ਆਪਣੇ ਸਿਰ ਲਵੇ ਅਤੇ ਆਮ ਜਨਤਾ ਨੂੰ ਰਾਹਤ ਪ੍ਰਦਾਨ ਕਰੇ |