08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਪ੍ਰਚਾਰਕਾਂ ਦੀ ਇਕੱਤਰਤਾ

ਅਜੀਤ ਡੈਸਕ 23-05-2026
ਤਲਵੰਡੀ ਸਾਬੋ (ਬਠਿੰਡਾ), 22 ਮਈ (ਰਣਜੀਤ ਸਿੰਘ ਰਾਜੂ)-ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' 'ਚ ਦਰਜ ਕੁਝ ਮੱਦਾਂ ਨੂੰ ਸਿੱਖ ਸਿਧਾਂਤਾਂ ਅਤੇ ਗੁਰਮਰਿਆਦਾ ਦੇ ਉਲਟ ਦੱਸਦਿਆਂ ਅੱਜ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਇਕ ਅਹਿਮ ਇਕੱਤਰਤਾ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਦੀ ਅਗਵਾਈ ਹੇਠ ਹੋਈ, ਜਿਸ 'ਚ ਮਾਲਵਾ ਖੇਤਰ ਦੇ ਸਿੱਖ ਪ੍ਰਚਾਰਕਾਂ, ਰਾਗੀਆਂ, ਢਾਡੀਆਂ ਅਤੇ ਧਾਰਮਿਕ ਸ਼ਖ਼ਸੀਅਤਾਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਇਕੱਤਰਤਾ ਨੂੰ ਸੰਬੋਧਨ ਕਰਦਿਆਂ ਬਾਬਾ ਟੇਕ ਸਿੰਘ ਨੇ ਸਪੱਸ਼ਟ ਲਫ਼ਜ਼ਾਂ ਵਿਚ ਕਿਹਾ ਕਿ ਸਰਕਾਰ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼੍ਰੋਮਣੀ ਕਮੇਟੀ ਨੂੰ ਬਿਨ੍ਹਾਂ ਭਰੋਸੇ ਵਿਚ ਲਏ ਤਿਆਰ ਕੀਤੇ ਗਏ ਇਸ ਕਾਨੂੰਨ ਵਿਚ ਕਈ ਅਜਿਹੀਆਂ ਤਰੁੱਟੀਆਂ ਹਨ, ਜੋ ਸਿੱਖ ਭਾਵਨਾਵਾਂ ਨੂੰ ਗੰਭੀਰ ਠੇਸ ਪਹੁੰਚਾਉਂਦੀਆਂ ਹਨ | ਉਨ੍ਹਾਂ ਨੇ ਪ੍ਰਚਾਰਕਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਕਾਨੂੰਨ ਵਿਚ ਰੱਖੀਆਂ ਗਈਆਂ ਕਮੀਆਂ ਅਤੇ ਸਿੱਖ ਸਿਧਾਂਤਾਂ ਵਿਰੁੱਧ ਦਰਜ ਮੱਦਾਂ ਬਾਰੇ ਸੰਗਤ ਨੂੰ ਜਾਣੂ ਕਰਵਾਉਣਾ ਸਾਡਾ ਪੰਥਕ ਫ਼ਰਜ਼ ਹੈ ਤੇ ਅੱਜ ਸਮੇਂ ਦੀ ਮੰਗ ਹੈ ਕਿ ਸਮੁੱਚੇ ਪ੍ਰਚਾਰਕ ਮਾਲਵੇ ਦੇ ਕੋਨੇ-ਕੋਨੇ ਵਿਚ ਜਾ ਕੇ ਸੰਗਤ ਨੂੰ ਇਸ ਕਾਨੂੰਨ ਦੀਆਂ ਕਮੀਆਂ ਬਾਰੇ ਜਾਗਰੂਕ ਕਰਨ | ਸਿੰਘ ਸਾਹਿਬ ਨੇ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਰੱਖੀ ਪੰਥਕ ਇਕੱਤਰਤਾ 'ਚ ਪੰਥ ਨੂੰ ਵਹੀਰਾਂ ਘੱਤ ਕੇ ਪੁੱਜਣ ਦੀ ਅਪੀਲ ਕੀਤੀ | ਇਕੱਤਰਤਾ ਨੂੰ ਧਰਮ ਪ੍ਰਚਾਰ ਕਮੇਟੀ ਦੇ ਮਾਲਵਾ ਜ਼ੋਨ ਇੰਚਾਰਜ ਬਾਬਾ ਬੂਟਾ ਸਿੰਘ ਤੇ ਸ਼੍ਰੋਮਣੀ ਕਮੇਟੀ ਅੰਤਿ੍ੰਗ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਬੀਬੀ ਗੁਰਿੰਦਰ ਕੌਰ ਭੋਲੂਵਾਲ, ਬੀਬੀ ਜੋਗਿੰਦਰ ਕੌਰ, ਸੁਰਜੀਤ ਸਿੰਘ ਰਾਏਪੁਰ ਤਿੰਨੇ ਮੈਂਬਰ ਸ਼੍ਰੋਮਣੀ ਕਮੇਟੀ, ਹਰਚੇਤ ਸਿੰਘ ਭੁੱਲਰ, ਗੁਰਿੰਦਰ ਸਿੰਘ ਮਥਰੇਵਾਲ ਸਕੱਤਰ ਧਰਮ ਪ੍ਰਚਾਰ ਕਮੇਟੀ, ਨਰਿੰਦਰਜੀਤ ਸਿੰਘ ਮੈਨੇਜਰ ਤਖ਼ਤ ਸ੍ਰੀ ਦਮਦਮਾ ਸਾਹਿਬ, ਭੋਲਾ ਸਿੰਘ ਇੰਚਾਰਜ ਸਬ ਆਫ਼ਿਸ ਧਰਮ ਪ੍ਰਚਾਰ ਆਦਿ ਮੌਜੂਦ ਸਨ |

ਪਿਛਲੀ ਖ਼ਬਰ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ ਅੱਜ <br/> ਅਗਲੀ ਖ਼ਬਰ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਵਿਖੇ ਸਾਲਾਨਾ ਸ਼ਹੀਦੀ ਸਮਾਗਮ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।