14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਾਕਾ ਸ੍ਰੀ ਪਾਉਂਟਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ

ਅਜੀਤ ਡੈਸਕ 24-05-2026

ਅਖੌਤੀ ਮਹੰਤਾਂ ਤੋਂ ਗੁਰੂ ਘਰ ਆਜ਼ਾਦ ਕਰਵਾਉਣ ਲਈ ਦਿੱਤੀਆਂ ਸ਼ਹਾਦਤਾਂ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ-ਧਾਮੀ
ਅੰਮਿ੍ਤਸਰ, 23 ਮਈ (ਜਸਵੰਤ ਸਿੰਘ ਜੱਸ)-62 ਵਰੇ੍ਹ ਪਹਿਲਾਂ ਸੰਨ੍ਹ 1964 'ਚ ਦਸਵੇਂ ਪਾਤਿਸ਼ਾਹ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ (ਹਿਮਾਚਲ ਪ੍ਰਦੇਸ਼) ਦੇ ਪ੍ਰਬੰਧ ਨੂੰ ਪਤਿਤ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ ਵਾਪਰੇ ਸ਼ਹੀਦੀ ਸਾਕੇ 'ਚ ਮਿਸਲ ਸ਼ਹੀਦਾਂ ਤਰਨਾ ਦਲ ਦੇ ਸ਼ਹੀਦ ਹੋਏ 11 ਨਿਹੰਗ ਸਿੰਘਾਂ ਦੀ ਯਾਦ ਵਿਚ ਅੱਜ ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਾਕੇ ਦੇ ਗਵਾਹ, ਜ਼ਿੰਦਾ ਸ਼ਹੀਦ ਦਾ ਖਿਤਾਬ ਪ੍ਰਾਪਤ ਤੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲਿਆਂ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ, ਸ਼ੋ੍ਰਮਣੀ ਕਮੇਟੀ ਅਧਿਕਾਰੀਆਂ ਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ | ਅਖੰਡ ਪਾਠ ਦੇ ਭੋਗ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਖ਼ਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਸਰਵਨ ਕਰਾਇਆ | ਇਸ ਦੌਰਾਨ ਸੰਗਤਾਂ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਨਿਹੰਗ ਸਿੰਘ ਜਥੇਬੰਦੀ ਮਿਸਲ ਸ਼ਹੀਦਾਂ ਤਰਨਾ ਦਲ ਨੇ ਪੰਥਕ ਕਾਰਜਾਂ ਵਿਚ ਹਮੇਸ਼ਾਂ ਮੋਹਰੀ ਭੂਮਿਕਾ ਨਿਭਾਈ ਹੈ | ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਅਖੌਤੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਇਸ ਦਲ ਦੇ ਸਿੰਘਾਂ ਨੇ ਜੋ ਮਹਾਨ ਸ਼ਹਾਦਤਾਂ ਦਿੱਤੀਆਂ, ਉਨ੍ਹਾਂ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ | ਬਾਬਾ ਨਿਹਾਲ ਸਿੰਘ ਨੇ ਕਿਹਾ ਕਿ ਬੇਇਨਸਾਫ਼ੀ ਅਤੇ ਧੱਕੇਸ਼ਾਹੀ ਵਿਰੁੱਧ ਲੜਨ ਦੀ ਸ਼ਕਤੀ ਸਿੱਖ ਨੂੰ ਹਮੇਸ਼ਾਂ ਗੁਰੂ-ਸ਼ਬਦ ਵਿਚੋਂ ਮਿਲਦੀ ਹੈ | ਗੁਰਮਤਿ ਸਿਧਾਂਤਾਂ 'ਤੇ ਪਹਿਰਾ ਦਿੰਦਿਆਂ ਗੁਰੂ ਘਰਾਂ ਅੰਦਰ ਪੰਥਕ ਮਰਯਾਦਾ ਬਹਾਲ ਰੱਖਣ ਲਈ ਕੌਮ ਨੇ ਹਮੇਸ਼ਾ ਹੀ ਕੁਰਬਾਨੀਆਂ ਦਿੱਤੀਆਂ ਹਨ ਤੇ ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦਾ ਪ੍ਰਬੰਧ ਲੈਣ ਲਈ ਇਹ ਸੇਵਾ ਗੁਰੂ ਸਾਹਿਬ ਵਲੋਂ ਮਿਸਲ ਸ਼ਹੀਦਾਂ ਤਰਨਾ ਦਲ ਦੇ ਸਿੰਘਾਂ ਨੂੰ ਪ੍ਰਾਪਤ ਹੋਈ | ਇਸ ਮੌਕੇ ਐਡਵੋਕੇਟ ਧਾਮੀ ਅਤੇ ਹੋਰਨਾਂ ਸ਼ਖ਼ਸੀਅਤਾਂ ਵਲੋਂ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਨੂੰ ਸਿਰੋਪਾਉ ਅਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਧਰਮ ਪ੍ਰਚਾਰ ਕਮੇਟੀ ਮੈਂਬਰ ਅਜੈਬ ਸਿੰਘ ਅਭਿਆਸੀ, ਓ.ਐਸ.ਡੀ. ਸਤਬੀਰ ਸਿੰਘ ਧਾਮੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਤੇ ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੁੱਖ ਮੈਨੇਜਰ ਮੇਜਰ ਸਿੰਘ ਅਰਜਨ ਮਾਂਗਾ, ਵਧੀਕ ਸਕੱਤਰ ਪ੍ਰੀਤਪਾਲ ਸਿੰਘ, ਭਗਵੰਤ ਸਿੰਘ ਧੰਗੇੜਾ, ਅਰਦਾਸੀਏ ਭਾਈ ਪ੍ਰੇਮ ਸਿੰਘ ਤੇ ਕਥਾਵਾਚਕ ਭਾਈ ਹਰਮਿੱਤਰ ਸਿੰਘ, ਮੀਤ ਸਕੱਤਰ ਗੁਰਦਿਆਲ ਸਿੰਘ, ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਅਜ਼ਾਦਦੀਪ ਸਿੰਘ, ਜਸਪਾਲ ਸਿੰਘ ਢੱਡੇ, ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ ਤੇ ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਵਧੀਕ ਮੈਨੇਜਰ ਇਕਬਾਲ ਸਿੰਘ ਮੁਖੀ, ਬਿਕਰਮਜੀਤ ਸਿੰਘ ਝੰਗੀ, ਗੁਰਤਿੰਦਰਪਾਲ ਸਿੰਘ ਕਾਦੀਆਂ, ਜਸਪਾਲ ਸਿੰਘ ਤੇ ਯੁਵਰਾਜ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਤਿ ਦੀ ਗਰਮੀ ਨਾਲ ਨਜਿੱਠਣ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ-ਸਿਹਤ ਮੰਤਰੀ ਅਗਲੀ ਖ਼ਬਰ ਪੇਪਰਾਂ ਵਿਚੋਂ ਨੰਬਰ ਘੱਟ ਆਉਣ 'ਤੇ 15 ਸਾਲ ਦੇ ਬੱਚੇ ਵਲੋਂ ਖੁਦਕੁਸ਼ੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।