ਐੱਸ. ਏ. ਐੱਸ. ਨਗਰ, 2 ਜੂਨ (ਪ੍ਰੋ. ਅਵਤਾਰ ਸਿੰਘ)-ਮਿਸਲ ਸਤਲੁਜ ਜਥੇਬੰਦੀ ਦੇ ਪ੍ਰਧਾਨ ਅਜੇਪਾਲ ਸਿੰਘ ਬਰਾੜ ਨੇ 20ਵੀਂ ਸਦੀ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੇ ਜਨਮ ਦਿਹਾੜੇ ਮੌਕੇ ਸਮੂਹ ਸਿੱਖ ਸੰਗਤਾਂ ਨੂੰ ਵਧਾਈ ਦਿੰਦਿਆਂ ਸਮੂਹ ਪੰਥਕ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਨਿੱਜੀ ਮਤਭੇਦਾਂ ਤੇ ਮੁਫ਼ਾਦਾਂ ਤੋਂ ਉੱਪਰ ਉੱਠ ਕੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਵਲੋਂ ਦਰਸਾਏ ਗਏ ਸੱਚ, ਨਿਡਰਤਾ, ਅਨੁਸ਼ਾਸਨ ਤੇ ਪੰਥਕ ਸਮਰਪਣ ਦੇ ਸਿਧਾਂਤਾਂ ਤੋਂ ਸੇਧ ਲੈਣ | ਉਨ੍ਹਾਂ ਕਿਹਾ ਕਿ ਇਨ੍ਹਾਂ ਸਿਧਾਂਤਾਂ 'ਤੇ ਚੱਲ ਕੇ ਹੀ ਸਿੱਖ ਕੌਮ ਨੂੰ ਪੇਸ਼ ਆਉਣ ਵਾਲੀਆਂ ਦਰਪੇਸ਼ ਸਮੱਸਿਆਵਾਂ ਦਾ ਹੱਲ ਲੱਭਿਆ ਜਾ ਸਕਦਾ ਹੈ ਤੇ ਪੰਥ ਨੂੰ ਹੋਰ ਮਜ਼ਬੂਤ ਬਣਾਇਆ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਅਜੋਕੇ ਸਮੇਂ 'ਚ ਪੰਥਕ ਏਕਤਾ ਸਭ ਤੋਂ ਵੱਡੀ ਲੋੜ ਬਣ ਚੁੱਕੀ ਹੈ | ਸਿੱਖ ਕੌਮ ਨੂੰ ਦਰਪੇਸ਼ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਚੁਣੌਤੀਆਂ ਦਾ ਸਾਹਮਣਾ ਕੇਵਲ ਆਪਸੀ ਇਕਜੁੱਟਤਾ ਅਤੇ ਸਾਂਝੀ ਸੋਚ ਰਾਹੀਂ ਹੀ ਕੀਤਾ ਜਾ ਸਕਦਾ ਹੈ | ਉਨ੍ਹਾਂ ਕਿਹਾ ਕਿ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਆਪਣੇ ਜੀਵਨ ਦੌਰਾਨ ਸਿੱਖੀ ਸਿਧਾਂਤਾਂ, ਗੁਰਬਾਣੀ ਅਤੇ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਪ੍ਰਚਾਰ ਲਈ ਅਹਿਮ ਯੋਗਦਾਨ ਪਾਇਆ ਸੀ | ਉਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ ਧਰਮ, ਕੌਮ ਅਤੇ ਆਪਣੇ ਵਿਰਸੇ ਨਾਲ ਜੋੜਨ ਦਾ ਜੋ ਮਹਾਨ ਕਾਰਜ ਕੀਤਾ ਹੈ, ਉਹ ਅੱਜ ਵੀ ਸਿੱਖ ਸਮਾਜ ਲਈ ਪ੍ਰੇਰਨਾ ਸ੍ਰੋਤ ਹੈ |
ਸਮੂਹ ਆਗੂ ਪੰਥਕ ਏਕਤਾ ਲਈ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਸਿਧਾਂਤ ਤੋਂ ਸੇਧ ਲੈਣ-ਬਰਾੜ <br/>
ਅਜੀਤ ਡੈਸਕ
03-06-2026