13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

ਸ਼੍ਰੋਮਣੀ ਕਮੇਟੀ ਨੇ ਮੁੱਖ ਮੰਤਰੀ ਖ਼ਿਲਾਫ਼ ਐੱਫ.ਆਈ.ਆਰ. ਦਰਜ ਕਰਨ ਲਈ ਡੀ.ਜੀ.ਪੀ. ਨੂੰ ਦਿੱਤੀ ਸ਼ਿਕਾਇਤ

ਅਜੀਤ ਡੈਸਕ 04-07-2026
ਚੰਡੀਗੜ੍ਹ, 3 ਜੁਲਾਈ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਵਾਇਰਲ ਵੀਡੀਓ ਨਾਲ ਜੁੜੇ ਵਿਵਾਦ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਭਗਵੰਤ ਮਾਨ ਵਿਰੁੱਧ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਪਰਚਾ ਦਰਜ਼ ਕਰਨ ਵਾਸਤੇ ਡੀ.ਜੀ.ਪੀ. ਪੰਜਾਬ ਨੂੰ ਲਿਖਤੀ ਸ਼ਿਕਾਇਤ ਸੌਂਪ ਕੇ ਤੁਰੰਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ।ਇਹ ਸ਼ਿਕਾਇਤ ਅੱਜ ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਨੇ ਅਮਰਬੀਰ ਸਿੰਘ ਰਾਏ (ਆਈ.ਪੀ.ਐਸ.) ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੰਜਾਬ ਪੁਲਿਸ ਨੂੰ ਉਨ੍ਹਾਂ ਦੇ ਦਫ਼ਤਰ ਵਿਖੇ ਸੌਂਪੀ। ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਦਲਜੀਤ ਸਿੰਘ ਭਿੰਡਰ, ਬਲਦੇਵ ਸਿੰਘ ਕਾਇਮਪੁਰ, ਮੰਗਵਿੰਦਰ ਸਿੰਘ ਖਾਪੜਖੇੜੀ, ਵਧੀਕ ਸਕੱਤਰ ਲਖਬੀਰ ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਸ਼ਾਮਿਲ ਸਨ। ਸ਼੍ਰੋਮਣੀ ਕਮੇਟੀ ਵਲੋਂ ਸੌਂਪੀ ਗਈ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਗੰਭੀਰ ਮਾਮਲੇ ਨੂੰ ਦਬਾਉਣ ਲਈ ਮੁੱਖ ਮੰਤਰੀ ਨੇ ਹੋਰ ਅਧਿਕਾਰੀਆਂ ਨਾਲ ਮਿਲ ਕੇ ਕਥਿਤ ਤੌਰ ’ਤੇ ਜਾਅਲੀ ਫੋਰੈਂਸਿਕ ਰਿਪੋਰਟ ਤਿਆਰ ਕਰਵਾਉਣ ਦੀ ਵੀ ਸਾਜ਼ਿਸ਼ ਰਚੀ, ਜਿਸ ਸੰਬੰਧੀ ਹਰਿਆਣਾ ’ਚ ਗੁਰੂਗ੍ਰਾਮ ਦੇ ਡੀ.ਐੱਲ.ਐੱਫ. ਥਾਣੇ ਵਿਚ ਸੰਬੰਧਿਤ ਵਿਅਕਤੀਆਂ ਵਿਰੁੱਧ ਐੱਫ.ਆਈ.ਆਰ. ਵੀ ਦਰਜ ਹੋ ਚੁੱਕੀ ਹੈ। ਇਹ ਬੇਹੱਦ ਸੰਜੀਦਾ ਤੇ ਗੰਭੀਰ ਮਾਮਲਾ ਹੈ, ਜਿਸ ਲਈ ਭਾਰਤੀ ਕਾਨੂੰਨ ਤਹਿਤ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਤੁਰੰਤ ਐੱਫ.ਆਈ.ਆਰ. ਦਰਜ ਕਰਕੇ ਨਿਰਪੱਖ ਜਾਂਚ ਕੀਤੀ ਜਾਵੇ ਅਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ ਤਾਂ ਜੋ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਅਤੇ ਕਾਨੂੰਨ ਦੀ ਮਰਯਾਦਾ ਬਰਕਰਾਰ ਰਹੇ।ਡੀ.ਜੀ.ਪੀ. ਦਫ਼ਤਰ ’ਚ ਸ਼ਿਕਾਇਤ ਦੇਣ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ 27 ਜੂਨ, 2026 ਨੂੰ ਹੋਈ ਜਰਨਲ ਇਕੱਤਰਤਾ ਵਿਚ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਅੰਤ੍ਰਿੰਗ ਕਮੇਟੀ ਨੂੰ ਇਸ ਮਾਮਲੇ ਵਿਚ ਕਾਨੂੰਨੀ ਕਾਰਵਾਈ ਕਰਨ ਦਾ ਅਧਿਕਾਰ ਦਿੱਤਾ ਗਿਆ ਸੀ। ਉਸੇ ਮਤੇ ਦੀ ਰੌਸ਼ਨੀ ਅੱਜ ਡੀ.ਜੀ.ਪੀ.. ਪੰਜਾਬ ਦੇ ਨਾਂਅ ਇਹ ਸ਼ਿਕਾਇਤ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਇਨ੍ਹਾਂ ਦੀ ਸਰਕਾਰ ਵਲੋਂ ਜਾਅਲੀ ਰਿਪੋਰਟ ਤਿਆਰ ਕਰਵਾ ਕੇ ਇਸ ਮਾਮਲੇ ਨੂੰ ਪ੍ਰਭਾਵਿਤ ਕਰਨ ਦੀ ਘਿਣਾਉਣੀ ਹਰਕਤ ਕੀਤੀ ਗਈ, ਜਿਸ ਸੰਬੰਧੀ ਹਰਿਆਣਾ ਪੁਲਿਸ ਵਲੋਂ ਪਰਚਾ ਵੀ ਦਰਜ ਹੋ ਚੁੱਕਾ ਹੈ। ਮੁੱਖ ਸਕੱਤਰ ਨੇ ਕਿਹਾ ਕਿ ਇਹ ਵਿਸ਼ਵ ਭਰ ਦੇ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਮਾਮਲਾ ਹੈ ਅਤੇ ਇਸ ਸੰਬੰਧੀ ਕਾਨੂੰਨ ਅਨੁਸਾਰ ਕਾਰਵਾਈ ਯਕੀਨੀ ਬਣਾਈ ਜਾਣੀ ਚਾਹੀਦੀ ਹੈ।
ਪਿਛਲੀ ਖ਼ਬਰ ਜਰਮਨੀ ਘੁੰਮਣ ਗਏ ਨੌਜਵਾਨ ਦੀ ਝੀਲ ਵਿਚ ਡੁੱਬਣ ਨਾਲ ਮੌਤ ਅਗਲੀ ਖ਼ਬਰ ਮਜੀਠੀਆ ਦੀ ਪੱਕੀ ਜਮਾਨਤ ’ਤੇ ਫ਼ੈਸਲਾ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।