25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-07-2026

ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਦਿੱਲੀ-ਅੰਮ੍ਰਿਤਸਰ ਰੇਲ ਮਾਰਗ ’ਤੇ ਰੋਸ ਪ੍ਰਦਰਸ਼ਨ

ਅਜੀਤ ਡੈਸਕ 05-07-2026
ਵੱਖ-ਵੱਖ ਜਥੇਬੰਦੀਆਂ ਤੇ ਸਿਆਸੀ ਆਗੂਆਂ ਨੇ ਸ਼ਮੂਲੀਅਤ ਕਰ ਕੇ ਸੰਘਰਸ਼ ਦਾ ਕੀਤਾ ਸਮਰਥਨ
ਫ਼ਤਹਿਗੜ੍ਹ ਸਾਹਿਬ, 4 ਜੁਲਾਈ (ਬਲਜਿੰਦਰ ਸਿੰਘ)-ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਅਤੇ ਕਾਲੀ ਸੂਚੀ ਨੂੰ ਖ਼ਤਮ ਕਰਵਾਉਣ ਦੀ ਮੰਗ ਨੂੰ ਲੈ ਕੇ ਦਿੱਤੇ ਗਏ ਰੇਲ ਰੋਕੋ ਸੰਘਰਸ਼ ਪ੍ਰੋਗਰਾਮ ਤਹਿਤ ਦਿੱਲੀ-ਅੰਮ੍ਰਿਤਸਰ ਰੇਲ ਮਾਰਗ ’ਤੇ ਪੈਂਦੇ ਸਰਹਿੰਦ ਮਾਧੋਪੁਰ ਵਿਖੇ ਵੱਡੀ ਗਿਣਤੀ ਵਿਚ ਵੱਖ-ਵੱਖ ਸਮਾਜਿਕ ਤੇ ਧਾਰਮਿਕ ਸੰਸਥਾਵਾਂ ਅਤੇ ਰਾਜਸੀ ਪਾਰਟੀਆਂ ਦੇ ਆਗੂਆਂ ਵਲੋਂ ਅੱਜ ਸਵੇਰੇ 11 ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਰੇਲਵੇ ਟਰੈਕ ’ਤੇ ਰੇਲ ਆਵਾਜਾਈ ਠੱਪ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ, ਜਿਸ ਦੌਰਾਨ ਤਕਰੀਬਨ ਤਿੰਨ ਘੰਟੇ ਅੰਮ੍ਰਿਤਸਰ ਦਿੱਲੀ ਰੇਲ ਮਾਰਗ ਤੇ ਰੇਲਾਂ ਦੀ ਆਵਾਜਾਈ ਪ੍ਰਭਾਵਿਤ ਹੋਈ। ਇਸ ਪ੍ਰਦਰਸ਼ਨ ਵਿਚ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸਿਆਸੀ ਜਥੇਬੰਦੀਆਂ ਦੇ ਆਗੂਆਂ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਦਿਆਂ ਬੰਦੀ ਸਿੰਘਾਂ ਦੀ ਰਿਹਾਈ ਲਈ ਆਪਣੀ ਆਵਾਜ਼ ਬੁਲੰਦ ਕੀਤੀ। ਪ੍ਰਦਰਸ਼ਨ ਦੌਰਾਨ ਜਥੇਬੰਦੀਆਂ ਦੇ ਆਗੂਆਂ ਅਤੇ ਵਰਕਰਾਂ ਨੇ ਬੰਦੀ ਸਿੰਘਾਂ ਦੀ ਲੰਮੇ ਸਮੇਂ ਤੋਂ ਲਟਕੀ ਰਿਹਾਈ ਦੇ ਮਾਮਲੇ ’ਤੇ ਕੇਂਦਰ ਅਤੇ ਸੂਬਾ ਸਰਕਾਰਾਂ ਪ੍ਰਤੀ ਗਹਿਰਾ ਰੋਸ ਜ਼ਾਹਿਰ ਕੀਤਾ। ਧਰਨੇ ਦੌਰਾਨ ਨਾਅਰੇਬਾਜ਼ੀ ਕੀਤੀ ਗਈ ਅਤੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕਰਦਿਆਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੰਘਾਂ ਨੂੰ ਹੋਰ ਜੇਲ੍ਹਾਂ ਵਿਚ ਰੱਖਣਾ ਨਿਆਂ ਦੇ ਮੂਲ ਸਿਧਾਂਤਾਂ ਦੇ ਖ਼ਿਲਾਫ਼ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਕਰਨੈਲ ਸਿੰਘ ਪੰਜੋਲੀ ਅਤੇ ਅਕਾਲੀ ਦਲ ਪੁਨਰ ਸੁਰਜੀਤ ਦੇ ਕੋਰ ਕਮੇਟੀ ਮੈਂਬਰ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਹਰ ਤਰ੍ਹਾਂ ਦਾ ਲੋਕਤੰਤਰਿਕ ਅਤੇ ਸੰਵਿਧਾਨਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਆਗੂਆਂ ਕਿਹਾ ਕਿ ਕੌਮੀ ਇਨਸਾਫ਼ ਮੋਰਚੇ ਵਲੋਂ ਜਿਹੜਾ ਵੀ ਅਗਲਾ ਸੰਘਰਸ਼ ਪ੍ਰੋਗਰਾਮ ਤੈਅ ਕੀਤਾ ਜਾਵੇਗਾ, ਉਸ ਵਿਚ ਵੱਡੇ ਪੱਧਰ ’ਤੇ ਸ਼ਮੂਲੀਅਤ ਕੀਤੀ ਜਾਵੇਗੀ ਅਤੇ ਬੰਦੀ ਸਿੰਘਾਂ ਦੀ ਰਿਹਾਈ ਤੱਕ ਇਹ ਸੰਘਰਸ਼ ਜਾਰੀ ਰਹੇਗਾ। ਧਰਨੇ ਵਿਚ ਸ਼ਾਮਿਲ ਵੱਖ-ਵੱਖ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਇੱਕਜੁੱਟ ਹੋ ਕੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਇਸ ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ ਅਤੇ ਜਨਤਕ ਪੱਧਰ ’ਤੇ ਵੱਡੇ ਪ੍ਰੋਗਰਾਮ ਉਲੀਕੇ ਜਾਣਗੇ।ਇਸ ਧਰਨੇ ਵਿਚ ਵੱਖ-ਵੱਖ ਕਿਸਾਨ ਜਥੇਬੰਦੀਆਂ ਵਿਚ ਸ਼ੇਰੇ ਪੰਜਾਬ ਕਿਸਾਨ ਯੂਨੀਅਨ, ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ ਰਾਜੇਵਾਲ, ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਭਾਕਿਯੂ ਲੱਖੋਵਾਲ, ਭਾਕਿਯੂ ਕਾਦੀਆਂ ਸਮੇਤ ਧਾਰਮਿਕ ਅਤੇ ਰਾਜਸੀ ਆਗੂਆਂ ਵਿਚ ਜਥੇਦਾਰ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਜਥੇਦਾਰ ਗੁਰਚਰਨ ਸਿੰਘ ਹਵਾਰਾ, ਮਿਸ਼ਲ ਸਤਲੁਜ ਤੋਂ ਗੁਰਮੀਤ ਸਿੰਘ ਬਠਿੰਡਾ, ਅਜੇਪਾਲ ਸਿੰਘ ਬਰਾੜ, ਅਕਾਲੀ ਦਲ ਵਾਰਿਸ ਪੰਜਾਬ ਦੇ ਤੋਂ ਜ਼ਿਲ੍ਹਾ ਪ੍ਰਧਾਨ ਲਖਵੀਰ ਸਿੰਘ ਕੋਟਲਾ, ਸੀਨੀਅਰ ਆਗੂ ਅਮਰਰਿੰਦਰ ਸਿੰਘ ਲਿਬੜਾ, ਐਡ. ਵਰਿੰਦਰ ਸਿੰਘ ਢਿੱਲੋਂ, ਸ਼੍ਰੋਮਣੀ ਅਕਾਲੀ ਦਲ (ਅ) ਤੋਂ ਇੰਮਾਨ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ (ਬ) ਤੋਂ ਹਲਕਾ ਇੰਚਾਰਜ ਬਲਜੀਤ ਸਿੰਘ ਭੁੱਟਾ, ਸ਼੍ਰੋਮਣੀ ਅਕਾਲੀ ਦਲ ਪੁਨਰ ਸਰਜੀਤ ਦੇ ਜ਼ਿਲ੍ਹਾ ਪ੍ਰਧਾਨ ਮਨਦੀਪ ਸਿੰਘ ਤਰਖਾਣ ਮਾਜਰਾ, ਦਰਬਾਰਾ ਸਿੰਘ ਰੰਧਾਵਾ, ਸੁਰਿੰਦਰ ਸਿੰਘ ਸੁਹਾਗਹੇੜੀ, ਡਾ. ਮਨਜੀਤ ਸਿੰਘ, ਰਣਧੀਰ ਸਿੰਘ ਰੱਖੜਾ, ਜਸਪਾਲ ਸਿੰਘ ਦਾਦੂਮਾਜਰਾ, ਜਥੇ. ਸੁਰਜੀਤ ਸਿੰਘ ਚਨਾਰਥਲ, ਜਰਨੈਲ ਸਿੰਘ ਨਬੀਪੁਰ, ਬਲਵਿੰਦਰ ਸਿੰਘ ਖ਼ਾਲਸਾ, ਕੁਲਦੀਪ ਸਿੰਘ ਪੋਲਾ, ਦਵਿੰਦਰ ਸਿੰਘ ਬਹਿਲੋਲਪੁਰ, ਬਲਜਿੰਦਰ ਸਿੰਘ, ਦਮਨਜੋਤ ਸਿੰਘ, ਜੱਸਾ ਸਿੰਘ ਆਹਲੂਵਾਲੀਆ, ਮਾਸਟਰ ਚਰਨਜੀਤ ਸਿੰਘ, ਹਰਵੇਲ ਸਿੰਘ ਮਾਧੋਪੁਰ, ਪਵਿੱਤਰ ਸਿੰਘ ਖ਼ਾਲਸਾ, ਮਨਪ੍ਰੀਤ ਸਿੰਘ ਤਲਵਾੜਾ, ਸਪਿੰਦਰ ਸਿੰਘ, ਗੁਰਕਮਲ ਸਿੰਘ, ਹਰਵਿੰਦਰ ਸਿੰਘ ਬਧੌਛੀ, ਸਮੇਤ ਵੱਖ-ਵੱਖ ਪਾਰਟੀਆਂ ਦੇ ਆਗੂ ਵੀ ਮੌਜੂਦ ਸਨ।
ਪਿਛਲੀ ਖ਼ਬਰ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਸਾਂਝੇ ਮੰਚ ਵਲੋਂ ਮੋਗਾ ਵਿਖੇ ਸੂਬਾਈ ਰੈਲੀ ਅਗਲੀ ਖ਼ਬਰ ਭਾਖੜਾ ਡੈਮ ’ਚ ਪਾਣੀ ਦਾ ਪੱਧਰ 1562.52 ਫੁੱਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।