29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਹੁਸ਼ਿਆਰਪੁਰ ਕੇਂਦਰੀ ਜੇਲ੍ਹ ਨਸ਼ਾ ਤਸਕਰੀ ਮਾਮਲੇ ’ਚ ਡਿਪਟੀ ਜੇਲ੍ਹ ਸੁਪਰਡੈਂਟ ਗ੍ਰਿਫ਼ਤਾਰ

ਅਜੀਤ ਡੈਸਕ 06-07-2026

ਹੁਣ ਤੱਕ 12 ਲੋਕਾਂ ਦੀ ਹੋ ਚੁੱਕੀ ਹੈ ਗ੍ਰਿਫ਼ਤਾਰੀ
ਹੁਸ਼ਿਆਰਪੁਰ, 5 ਜੁਲਾਈ (ਨਰਿੰਦਰ ਸਿੰਘ ਬੱਡਲਾ, ਹਰਪ੍ਰੀਤ ਕੌਰ)-ਹੁਸ਼ਿਆਰਪੁਰ ਕੇਂਦਰੀ ਜੇਲ੍ਹ ’ਚ ਨਸ਼ਾ ਅਤੇ ਮੋਬਾਈਲ ਤਸਕਰੀ ਵਾਲੇ ਮਾਮਲੇ ’ਚ ਜ਼ਿਲ੍ਹਾ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਕੇਂਦਰੀ ਜੇਲ੍ਹ ਦੇ ਡਿਪਟੀ ਜੇਲ੍ਹ ਸੁਪਰਡੈਂਟ ਹਰਭਜਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਸ ਮਾਮਲੇ ’ਚ ਹੁਣ ਤੱਕ ਕੁੱਲ 12 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਲੱਖਾਂ ਰੁਪਏ ਦੀ ਵਿੱਤੀ ਲੈਣ-ਦੇਣ ਦੇ ਸਬੂਤ ਵੀ ਮਿਲੇ ਹਨ।ਜ਼ਿਕਰਯੋਗ ਹੈ ਕਿ ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ ਸੀ, ਜਦੋਂ ਜੇਲ੍ਹ ਚੋਂ ਇਕ ਕੈਦੀ ਮਨਪ੍ਰੀਤ ਸਿੰਘ ਮੰਨਾ ਦਾ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਸੀ। ਵੀਡੀਓ ’ਚ ਮਨਪ੍ਰੀਤ ਮੰਨਾ ਨੇ ਕਥਿਤ ਤੌਰ ’ਤੇ ਦੋਸ਼ ਲਗਾਇਆ ਸੀ ਕਿ ਡਿਪਟੀ ਜੇਲ੍ਹ ਸੁਪਰਡੈਂਟ ਹਰਭਜਨ ਸਿੰਘ ਉਸ ’ਤੇ ਜੇਲ੍ਹ ਅੰਦਰ ਨਸ਼ਾ ਪਹੁੰਚਾਉਣ ਅਤੇ ਨਸ਼ਾ ਵੇਚਣ ਦਾ ਦਬਾਅ ਬਣਾ ਰਿਹਾ ਸੀ। ਉਸ ਨੇ ਦੋਸ਼ ਲਗਾਇਆ ਸੀ ਕਿ ਅਜਿਹਾ ਨਾ ਕਰਨ ’ਤੇ ਉਸ ਨੂੰ ਤੰਗ ਪ੍ਰੇਸ਼ਾਨ ਵੀ ਕੀਤਾ ਜਾਂਦਾ ਸੀ। ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ ਨੇ ਦੱਸਿਆ ਕਿ 14 ਜੂਨ ਨੂੰ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਇਸ ਸੰਬੰਧੀ ਥਾਣਾ ਸਿਟੀ ’ਚ ਐਫ.ਆਈ.ਆਰ ਦਰਜ਼ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸਾਹਮਣੇ ਆਏ ਸਬੂਤਾਂ ਦੇ ਆਧਾਰ ’ਤੇ ਪੁਲਿਸ ਨੇ ਕੇਂਦਰੀ ਜੇਲ੍ਹ ਦੇ ਡਿਪਟੀ ਜੇਲ੍ਹ ਸੁਪਰਡੈਂਟ ਹਰਭਜਨ ਸਿੰਘ ਅਤੇ ਵਾਰਡਰ ਰਵਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਕਥਿਤ ਦੋਸ਼ੀਆਂ ਨੂੰ ਅਦਾਲਤ ’ਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਜਾਵੇਗਾ।

ਪਿਛਲੀ ਖ਼ਬਰ ਕਾਂਗਰਸ, ਭਾਜਪਾ ਤੇ ਅਕਾਲੀ ਦਲ (ਬ) ਨੇ ਮੁੱਖ ਮੰਤਰੀ ਨੂੰ ਘੇਰਨ ਲਈ ਟੀਮ ‘ਏ’,‘ਬੀ’, ‘ਸੀ’ ਬਣਾ ਲਈ-ਬਲਤੇਜ ਪੰਨੂ ਅਗਲੀ ਖ਼ਬਰ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਉਤਸ਼ਾਹ ਸਹਿਤ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।