26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ ਦੇ ਕਰਮਚਾਰੀ 9 ਤੋਂ 12 ਜੁਲਾਈ ਤੱਕ ਕਰਨਗੇ ‘ਕਲਮਛੋੜ ਹੜਤਾਲ’

ਅਜੀਤ ਡੈਸਕ 06-07-2026

ਤਹਿਸੀਲਾਂ, ਸਬ-ਤਹਿਸੀਲਾਂ ਤੇ ਐਸ.ਡੀ.ਐਮ. ਦਫ਼ਤਰਾਂ ਦਾ ਕੰਮਕਾਜ ਰਹੇਗਾ ਠੱਪ
ਬਠਿੰਡਾ, 5 ਜੁਲਾਈ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਭਰ ਦੇ ਡੀ.ਸੀ. ਦਫ਼ਤਰਾਂ ਦੇ ਕਰਮਚਾਰੀਆਂ ਨੇ ਆਪਣੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਨਾਲ ਹੋਈਆਂ ਉੱਚ-ਪੱਧਰੀ ਮੀਟਿੰਗਾਂ ਬੇਨਤੀਜਾ ਰਹਿਣ ਤੋਂ ਬਾਅਦ 9 ਤੋਂ 12 ਜੁਲਾਈ ਤੱਕ ਕਲਮਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਡਿਪਟੀ ਕਮਿਸ਼ਨਰ ਦਫ਼ਤਰਾਂ, ਐਸ.ਡੀ.ਐਮ., ਤਹਿਸੀਲ ਅਤੇ ਸਬ-ਤਹਿਸੀਲ ਦਫ਼ਤਰਾਂ ’ਚ ਵਿਭਾਗੀ ਕੰਮਕਾਜ ਅਤੇ ਜਨਤਕ ਸੇਵਾਵਾਂ ਪੂਰੀ ਤਰ੍ਹਾਂ ਠੱਪ ਰਹਿਣਗੀਆਂ।ਇਸ ਸੰਬੰਧੀ ‘ਦੀ ਪੰਜਾਬ ਰਾਜ ਜ਼ਿਲ੍ਹਾ (ਡੀ.ਸੀ.) ਦਫ਼ਤਰ ਕਰਮਚਾਰੀ ਯੂਨੀਅਨ’ ਬਠਿੰਡਾ ਦੇ ਜਨਰਲ ਸਕੱਤਰ ਹਰਦੇਵ ਸਿੰਘ ਕੋਟਫੱਤਾ ਨੇ ਦੱਸਿਆ ਕਿ ਕਰਮਚਾਰੀਆਂ ਦੀ ਭਖਦੀਆਂ ਮੰਗਾਂ ਸੰਬੰਧੀ ਉਨ੍ਹਾਂ ਦੀ ਜਥੇਬੰਦੀ ਸਰਕਾਰ ਨੂੰ ਕਈ ਮੰਗ-ਪੱਤਰ ਸੌਂਪ ਚੁੱਕੀ ਹੈ ਤੇ ਮੁੱਖ ਸਕੱਤਰ ਅਤੇ ਮਾਲ ਮੰਤਰੀ ਨਾਲ ਮੀਟਿੰਗਾਂ ਵੀ ਹੋਈਆਂ ਹਨ ਪਰ ਕਿਸੇ ਵੀ ਮੰਗ ਦਾ ਹੱਲ ਨਹੀਂ ਨਿਕਲਿਆ, ਜਿਸ ਦੇ ਰੋਸ ਵਜੋਂ ਜਥੇਬੰਦੀ ਨੇ ਸੂਬਾ ਪੱਧਰੀ ਮੀਟਿੰਗ ਕਰਕੇ 9 ਤੋਂ 12 ਜੁਲਾਈ ਤੱਕ ਕਲਮਛੋੜ ਹੜਤਾਲ ਕਰਨ ਦਾ ਫ਼ੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਉਕਤ ਹੜਤਾਲ ਦੌਰਾਨ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਦਾ ਕੋਈ ਹੱਲ ਨਾ ਕੀਤਾ ਤਾਂ 12 ਜੁਲਾਈ ਨੂੰ ਅਗਲੇ ਤਿੱਖੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਹਰਦੇਵ ਸਿੰਘ ਕੋਟਫੱਤਾ ਨੇ ਕਿਹਾ ਕਿ ਹੜਤਾਲ ਕਾਰਨ ਲੋਕਾਂ ਨੂੰ ਆਉਣ ਵਾਲੀ ਮੁਸ਼ਕਿਲ ਅਤੇ ਸਰਕਾਰੀ ਕੰਮਕਾਜ ਵਿਚ ਰੁਕਾਵਟ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ, ਜਿਸ ਸੰਬੰਧੀ ਉਨ੍ਹਾਂ ਦੀ ਜਥੇਬੰਦੀ ਨੇ ਸੂਬੇ ਦੇ ਮਾਲ ਮੰਤਰੀ ਅਤੇ ਮਾਲ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੂੰ ਲਿਖਤੀ ਪੱਤਰ ਭੇਜ ਕੇ ਜਾਣੂ ਕਰਵਾ ਦਿੱਤਾ ਗਿਆ ਹੈ।

ਪਿਛਲੀ ਖ਼ਬਰ ਕੋਲਕਾਤਾ ’ਚ ਮੀਂਹ ਅਗਲੀ ਖ਼ਬਰ ਬੰਗਾਲ ਚੋਣਾਂ ਦੌਰਾਨ ਚੋਣ ਕਮਿਸ਼ਨ ਖ਼ਿਲਾਫ਼ 100 ਤੋਂ ਵੱਧ ਪਟੀਸ਼ਨਾਂ ਦਾਇਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।