ਸੁਨਾਮ ਊਧਮ ਸਿੰਘ ਵਾਲਾ/ਜੋਗਾ, 19 ਜੁਲਾਈ (ਸਰਬਜੀਤ ਸਿੰਘ ਧਾਲੀਵਾਲ, ਹਰਚੰਦ ਸਿੰਘ ਭੁੱਲਰ, ਮਨਜੀਤ ਸਿੰਘ ਘੜੈਲੀ)-ਕਰਜ਼ੇ ਦੇ ਬੋਝ ਹੇਠ ਦੱਬੇ ਸੰਗਰੂਰ ਤੇ ਮਾਨਸਾ ਜ਼ਿਲ੍ਹੇ ’ਚ ਦੋ ਕਿਸਾਨਾਂ ਵਲੋਂ ਖ਼ੁਦਕੁਸ਼ੀ ਕੀਤੇ ਜਾਣ ਦੀ ਖ਼ਬਰ ਹੈ। ਸੰਗਰੂਰ ਦੇ ਪਿੰਡ ਖਡਿਆਲ ਦੇ ਇਕ ਕਿਸਾਨ ਵਲੋਂ ਖੁਦਕਸ਼ੀ ਕਰ ਲੈਣ ਦੀ ਦੁਖਦਾਈ ਖ਼ਬਰ ਹੈ। ਜਾਣਕਾਰੀ ਦਿੰਦਿਆ ਮ੍ਰਿਤਕ ਦੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਮੇਰੇ ਭਰਾ ਦਰਸ਼ਨ ਸਿੰਘ ਕੋਲ ਸਿਰਫ ਤਿੰਨ ਏਕੜ ਜ਼ਮੀਨ ਹੈ ਅਤੇ ਤਿੰਨ ਬੱਚੇ ਹਨ। ਫਸਲ ਮਰਨ ਅਤੇ ਕੁੜੀ ਤੇ ਮੁੰਡੇ ਦੇ ਵਿਆਹ ਕਾਰਨ ਕਰੀਬ ਵੀਹ ਬਾਈ ਲੱਖ ਰੁਪਏ ਮੇਰੇ ਭਰਾ ਦਰਸ਼ਨ ਸਿੰਘ ਸਿਰ ਸਰਕਾਰੀ ਅਤੇ ਨਿੱਜੀ ਕਰਜਾ ਚੜ੍ਹ ਗਿਆ ਸੀ, ਜਿਸ ਨੂੰ ਹੁਣ ਉਹ ਮੋੜਨ ਤੋਂ ਅਸਮਰੱਥ ਸੀ, ਜਿਸ ਕਾਰਨ ਉਹ ਅਕਸਰ ਹੀ ਪ੍ਰੇਸ਼ਾਨ ਰਹਿੰਦਾ ਸੀ। ਖੇਤ ਜਾ ਕੇ ਮੇਰੇ ਭਰਾ ਦਰਸ਼ਨ ਸਿੰਘ (45) ਪੁੱਤਰ ਦਲੀਪ ਸਿੰਘ ਵਾਸੀ ਪਿੰਡ ਖਡਿਆਲ ਨੇ ਸਲਫਾਸ ਦੀਆਂ ਗੋਲੀਆਂ ਖਾ ਲਈਆਂ। ਪਤਾ ਲੱਗਣ ’ਤੇ ਇਲਾਜ ਲਈ ਉਨ੍ਹਾਂ ਨੂੰ ਤੁਰੰਤ ਸੁਨਾਮ ਦੇ ਇਕ ਨਿੱਜੀ ਹਸਪਤਾਲ ਤੋਂ ਬਾਅਦ ਸਥਾਨਕ ਸਿਵਲ ਹਸਪਤਾਲ ਵਿਖੇ ਲਿਜਾਇਆ ਗਿਆ ਪਰ ਬਚਾਇਆ ਨਹੀਂ ਜਾ ਸਕਿਆ। ਪੁਲਿਸ ਚੌਕੀ ਮਹਿਲਾਂ ਚੌਕ ਦੇ ਇੰਚਾਰਜ ਸਬ-ਇੰਸਪੈਕਟਰ ਬਲਕਾਰ ਸਿੰਘ ਨੇ ਦੱਸਿਆ ਕਿ ਪੁਲਿਸ ਵਲੋਂ ਇਸ ਮਾਮਲੇ ਵਿਚ ਮ੍ਰਿਤਕ ਦੇ ਪੁੱਤਰ ਅਮਰੀਕ ਸਿੰਘ ਦੇ ਬਿਆਨਾਂ ’ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਗਈ ਹੈ। ਇਸੇ ਤਰ੍ਹਾਂ ਜ਼ਿਲ੍ਹਾ ਮਾਨਸਾ ਦੇ ਪਿੰਡ ਰੱਲਾ ਦੇ ਕਿਸਾਨ ਗੁਰਦੀਪ ਸਿੰਘ ਦੀਪਾ ਵਲੋਂ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲੈਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੇ ਸਿਰ 10 ਲੱਖ ਰੁਪਏ ਸਰਕਾਰੀ ਬੈਂਕ ਦੀ ਲਿਮਟ ਸੀ ਅਤੇ 10 ਲੱਖ ਆੜ੍ਹਤੀਏ ਦਾ ਕਰਜ਼ਾ ਚੜ੍ਹਿਆ ਹੋਇਆ ਸੀ, ਜਿਸ ਕਾਰਨ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਫ਼ਾਹਾ ਲਾ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ। ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਜਨਰਲ ਸਕੱਤਰ ਦੀਦਾਰ ਸਿੰਘ ਖਾਰਾ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਸਿਰ ਚੜ੍ਹੇ ਕਰਜ਼ੇ ’ਤੇ ਲੀਕ ਮਾਰੀ ਜਾਵੇ ਅਤੇ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।
ਕਰਜ਼ੇ ਦੇ ਬੋਝ ਹੇਠ ਦੱਬੇ ਦੋ ਕਿਸਾਨਾਂ ਵਲੋਂ ਖ਼ੁਦਕਸ਼ੀ
ਅਜੀਤ ਡੈਸਕ
20-07-2026