05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-07-2026

ਇਕਬਾਲ ਸਿੰਘ ਸੰਧੂ ਸ਼੍ਰੋਮਣੀ ਅਕਾਲੀ ਦਲ (ਬ) ਛੱਡ ਕੇ ਸਾਥੀਆਂ ਸਮੇਤ ‘ਵਾਰਿਸ ਪੰਜਾਬ ਦੇ’ ’ਚ ਹੋਏ ਸ਼ਾਮਿਲ

ਅਜੀਤ ਡੈਸਕ 21-07-2026

ਅੰਮ੍ਰਿਤਸਰ, 20 ਜੁਲਾਈ (ਜਸਵੰਤ ਸਿੰਘ ਜੱਸ)-ਅਕਾਲੀ ਦਲ (ਵਾਰਿਸ ਪੰਜਾਬ ਦੇ) ਦੇ ਸੀਨੀਅਰ ਆਗੂ ਅਤੇ ਹਲਕਾ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਅੱਜ ਇਥੇ ਕਿਹਾ ਕਿ 2027 ਦੀਆ ਵਿਧਾਨ ਸਭਾ ਹੋਣਾਂ ਦੌਰਾਨ ਭਾਈ ਅੰਮ੍ਰਿਤਪਾਲ ਸਿੰਘ ਪਾਰਟੀ ਵਲੋਂ ਮੁੱਖ ਮੰਤਰੀ ਦਾ ਚਿਹਰਾ ਹੋਣਗੇ ਤੇ ਇਸ ਬਾਰੇ ਪਾਰਟੀ ਪਹਿਲਾਂ ਹੀ ਫ਼ੈਸਲਾ ਕਰ ਚੁੱਕੀ ਹੈ। ਸ਼੍ਰੋਮਣੀ ਅਕਾਲੀ ਦਲ (ਬ) ਛੱਡ ਕੇ ਵੱਡੀ ਗਿਣਤੀ ’ਚ ਸਾਥੀਆਂ ਸਮੇਤ ਵਾਰਿਸ ਪੰਜਾਬ ਦੇ ਪਾਰਟੀ ਵਿਚ ਸ਼ਾਮਿਲ ਹੋਏ ਮਾਝੇ ਦੇ ਤਰਨ ਤਾਰਨ ਹਲਕੇ ਤੋਂ ਸੀਨੀਅਰ ਅਕਾਲੀ ਆਗੂ ਇਕਬਾਲ ਸਿੰਘ ਸੰਧੂ ਨੂੰ ਪਾਰਟੀ ਵਿਚ ਸ਼ਾਮਿਲ ਕਰਨ ਲਈ ਸਥਾਨਕ ਪ੍ਰੈਸ ਕਲੱਬ ਵਿਖੇ ਰੱਖੇ ਸਮਾਗਮ ਦੌਰਾਨ ਪਾਰਟੀ ਸਰਪ੍ਰਸਤ ਬਾਪੂ ਤਰਸੇਮ ਸਿੰਘ ਦੀ ਹਾਜ਼ਰੀ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਕ ਸਵਾਲ ਦੇ ਜਵਾਬ ਵਿਚ ਵਿਧਾਇਕ ਇਯਾਲੀ ਨੇ ਕਿਹਾ ਕਿ ਪਾਰਟੀ ਵਲੋਂ ਮੁੱਖ ਮੰਤਰੀ ਦੇ ਚਿਹਰੇ ਵਜੋਂ ਪਹਿਲਾਂ ਹੀ ਭਾਈ ਅੰਮ੍ਰਿਤਪਾਲ ਸਿੰਘ ਦਾ ਨਾਂਅ ਐਲਾਨਿਆਂ ਹੋਇਆ ਹੈ ਤੇ ਉਹ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਵਿਚੋਂ ਚੋਣ ਲੜਣਗੇ, ਪਰ ਉਹ ਕਿਸ ਹਲਕੇ ਤੋਂ ਚੋਣ ਲੜਣਗੇ, ਇਸ ਦਾ ਫ਼ੈਸਲਾ ਪਾਰਟੀ ਵਲੋਂ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਲੋਕ ਸਭਾ ਦੇ ਮੌਨਸੂਨ ਇਜਲਾਸ ਵਿਚ ਭਾਈ ਅੰਮ੍ਰਿਤਪਾਲ ਸਿੰਘ ਦੀ ਸ਼ਮੂਲੀਅਤ ਅਤੇ ਉਨ੍ਹਾਂ ਦੇ ਆਪਣੇ ਹਲਕੇ ਦੇ ਵਿਕਾਸ ਕਾਰਜਾਂ ਲਈ ਅਖ਼ਤਿਆਰੀ ਫੰਡ ਜਾਰੀ ਕਰਨ ਨੂੰ ਲੈ ਕੇ ਲੋਕ ਸਭਾ ਸਪੀਕਰ ਨੂੰ ਜਲਦ ਹੀ ਪਾਰਟੀ ਵਲੋਂ ਮੰਗ ਪੱਤਰ ਸੌਂਪਿਆ ਜਾਵੇਗਾ। ਉਨ੍ਹਾਂ ‘ਆਪ’ ਸਰਕਾਰ ਦੇ ਨਾਲ ਨਾਲ ਭਾਰਤੀ ਜਨਤਾ ਪਾਰਟੀ ਤੇ ਕਾਂਗਰਸ ਲੀਡਰਸ਼ਿਪ ਦੀ ਵੀ ਆਲੋਚਨਾ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਾਲੀਆ ਪੰਜਾਬ ਫੇਰੀ ਬਾਰੇ ਇਯਾਲੀ ਨੇ ਕਿਹਾ ਕਿ ਕੇਵਲ ਕੁਝ ਪਲ ਦਸਤਾਰ ਸਜਾਉਣ ਨਾਲ ਹੀ ਗੱਲ ਨਹੀਂ ਬਣਨੀ, ਪਹਿਲਾਂ ਬੰਦੀ ਸਿੰਘਾਂ ਸਮੇਤ ਪੰਥ, ਪੰਜਾਬ ਅਤੇ ਪੰਜਾਬੀਆਂ ਦੇ ਮਸਲੇ ਹੱਲ ਕਰਨੇ ਪੈਣੇ ਹਨ। ਇਸ ਦੌਰਾਨ ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਇਕਬਾਲ ਸਿੰਘ ਸੰਧੂ ਤੇ ਸਾਥੀਆਂ ਦੇ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਮਾਝਾ ਖੇਤਰ ਵਿਚ ਹੋਰ ਬੱਲ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸਤ ਇਕ ਨਵੇਂ ਦੌਰ ਵਿਚ ਦਾਖ਼ਲ ਹੋ ਰਹੀ ਹੈ, ਜਿੱਥੇ ਲੋਕ ਰਵਾਇਤੀ ਸਿਆਸਤ ਤੋਂ ਉੱਪਰ ਉੱਠ ਕੇ ਪੰਜਾਬ, ਪੰਥ ਅਤੇ ਨੌਜਵਾਨੀ ਦੇ ਹੱਕਾਂ ਦੀ ਗੱਲ ਕਰਨ ਵਾਲੀ ਸਾਡੀ ਪਾਰਟੀ ਨਾਲ ਜੁੜ ਰਹੇ ਹਨ। ਇਕਬਾਲ ਸਿੰਘ ਸੰਧੂ ਨੇ ਕਿਹਾ ਕਿ ਅਕਾਲੀ ਦਲ (ਬ) ਨੇ ਸਿਧਾਂਤਾਂ ਨੂੰ ਛੱਡ ਦਿੱਤਾ ਹੈ ਅਤੇ ਇਸ ਲਈ ਉਹ ਪੰਜਾਬ ਅਤੇ ਪੰਥ ਦੀ ਬਿਹਤਰੀ ਲਈ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋਏ ਹਨ। ਇਸ ਮੌਕੇ ਭਾਈ ਅਮਰਜੀਤ ਸਿੰਘ ਵੰਨਚਿੜੀ, ਹਰਭਜਨ ਸਿੰਘ ਤੁੜ, ਸੁਖਦੇਵ ਸਿੰਘ ਕਾਦੀਆਂ, ਗੁਰਦੇਵ ਸਿੰਘ ਸੰਧੂ, ਚਮਕੌਰ ਸਿੰਘ ਧੁੰਨ, ਦਲਜੀਤ ਸਿੰਘ ਜਵੰਦਾ, ਦਯਾ ਸਿੰਘ, ਚਾਚਾ ਪ੍ਰਗਟ ਸਿੰਘ, ਸ਼ਮਸ਼ੇਰ ਸਿੰਘ ਪੱਧਰੀ, ਨਰਿੰਦਰ ਸਿੰਘ ਕਲਸੀਆਂ, ਚਾਚਾ ਪਲਵਿੰਦਰ ਸਿੰਘ, ਰਣਜੀਤ ਸਿੰਘ ਰਾਣਾ, ਬਲਵੰਤ ਸਿੰਘ ਕੰਗ, ਪਰਮਜੀਤ ਸਿੰਘ ਜੱਲੂਪੁਰ ਸਮੇਤ ਹੋਰ ਪਾਰਟੀ ਆਗੂ ਸੰਧੂ ਦੇ ਸਮਰਥਕ ਹਾਜ਼ਰ ਸਨ।

ਪਿਛਲੀ ਖ਼ਬਰ ਬਠਿੰਡਾ ਮਿੰਨੀ ਸਕੱਤਰੇਤ ਦੀਆਂ ਕੰਧਾਂ ’ਤੇ ਲਿਖੇ ਭੜਕਾਊ ਨਾਅਰੇ ਅਗਲੀ ਖ਼ਬਰ ਹੱਜ ਯਾਤਰਾ-2027 ਲਈ ਫਾਰਮ ਭਰਨ ਦੀ ਆਖਰੀ ਤਰੀਕ ਵਧ ਕੇ 24 ਜੁਲਾਈ ਹੋਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।