08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਐਨ.ਆਰ.ਆਈਜ਼ ਦੇ ਮਸਲੇ ਮਿੱਥੇ ਸਮੇਂ ਅੰਦਰ ਹੱਲ ਕਰਨੇ ਪੰਜਾਬ ਸਰਕਾਰ ਦੀ ਤਰਜੀਹ-ਡਾ. ਰਵਜੋਤ ਸਿੰਘ

ਅਜੀਤ ਡੈਸਕ 23-07-2026
ਲੁਧਿਆਣਾ, 22 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਹੈ ਕਿ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨਾਲ ਸੰਬੰਧਿਤ ਹਰ ਮਸਲੇ ਦਾ ਨਿਪਟਾਰਾ ਪੂਰੀ ਪਾਰਦਰਸ਼ਤਾ, ਮੈਰਿਟ ਅਤੇ ਸਮਾਂਬੱਧ ਢੰਗ ਨਾਲ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਐਨ.ਆਰ.ਆਈ. ਦੀਆਂ ਸਮੱਸਿਆਵਾਂ ਦੇ ਤੁਰੰਤ ਅਤੇ ਪ੍ਰਭਾਵਸ਼ਾਲੀ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਸੋਹਣ ਲਾਲ ਪਾਹਵਾ ਆਡੀਟੋਰੀਅਮ, ਗੁਰੂ ਨਾਨਕ ਦੇਵ ਭਵਨ ਵਿਖੇ ਕਰਵਾਈ ਗਈ ‘ਐਨ.ਆਰ.ਆਈ. ਮਿਲਣੀ-2026’ ਦੌਰਾਨ ਡਾ. ਰਵਜੋਤ ਸਿੰਘ ਨੇ ਕਿਹਾ ਕਿ ਇਸ ਵਿਸ਼ੇਸ਼ ਮਿਲਣੀ ਦਾ ਮਕਸਦ ਪ੍ਰਵਾਸੀਆਂ ਦੀਆਂ ਸ਼ਿਕਾਇਤਾਂ ਨੂੰ ਮੌਕੇ ’ਤੇ ਸੁਣਨਾ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਰਾਹੀਂ ਉਨ੍ਹਾਂ ਦੇ ਹੱਲ ਲਈ ਤੁਰੰਤ ਕਾਰਵਾਈ ਕਰਵਾਉਣਾ ਹੈ। ਇਸ ਮਿਲਣੀ ਵਿਚ ਲੁਧਿਆਣਾ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਜ਼ਿਲ੍ਹਿਆਂ ਨਾਲ ਸੰਬੰਧਿਤ ਵੱਡੀ ਗਿਣਤੀ ਵਿਚ ਪ੍ਰਵਾਸੀ ਪੰਜਾਬੀਆਂ ਨੇ ਹਿੱਸਾ ਲਿਆ। ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਅੱਜ ਦੀ ਐਨ.ਆਰ.ਆਈ. ਮਿਲਣੀ ਦੌਰਾਨ ਕਰੀਬ 50 ਸ਼ਿਕਾਇਤਾਂ ਪ੍ਰਾਪਤ ਹੋਈਆਂ। ਉਨ੍ਹਾਂ ਅੰਕੜਿਆਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਜਨਵਰੀ 2022 ਤੋਂ 15 ਜੁਲਾਈ 2026 ਤੱਕ ਐਨ.ਆਰ.ਆਈ. ਵਿਭਾਗ ਨੂੰ ਕੁੱਲ 27,956 ਸ਼ਿਕਾਇਤਾਂ ਪ੍ਰਾਪਤ ਹੋਈਆਂ, ਜਿਨ੍ਹਾਂ ਵਿਚੋਂ 27,525 ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ। ਇਸ ਮਿਆਦ ਦੌਰਾਨ 1,202 ਐਫ.ਆਈ.ਆਰਜ਼ ਦਰਜ ਹੋਈਆਂ ਅਤੇ 1,468 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਮੰਤਰੀ ਨੇ ਦੱਸਿਆ ਕਿ ਹਰ ਸਾਲ ਲਗਭਗ 5,000 ਤੋਂ 6,000 ਸ਼ਿਕਾਇਤਾਂ ਵਿਭਾਗ ਕੋਲ ਪ੍ਰਾਪਤ ਹੁੰਦੀਆਂ ਹਨ, ਜਿਨ੍ਹਾਂ ਵਿਚੋਂ ਵੱਡੀ ਗਿਣਤੀ ਦਾ ਨਿਪਟਾਰਾ ਆਪਸੀ ਸਹਿਮਤੀ ਜਾਂ ਕਾਨੂੰਨੀ ਪ੍ਰਕਿਰਿਆ ਰਾਹੀਂ ਕਰਵਾਇਆ ਜਾਂਦਾ ਹੈ। ਇਸ ਮੌਕੇ ਐਨ.ਆਰ.ਆਈ. ਮਾਮਲਿਆਂ ਦੇ ਸਕੱਤਰ ਮੁਹੰਮਦ ਤਈਅਬ, ਕਮਿਸ਼ਨਰ ਜਲੰਧਰ ਡਿਵੀਜ਼ਨ ਰਾਮਵੀਰ, ਵਿਸ਼ੇਸ਼ ਸਕੱਤਰ ਐਨ.ਆਰ.ਆਈ. ਅਮਨਦੀਪ ਕੌਰ, ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ, ਐਨ.ਆਰ.ਆਈ. ਵਿੰਗ ਐਸ.ਏ.ਐਸ. ਨਗਰ ਦੇ ਏ.ਆਈ.ਜੀ. ਅਜਿੰਦਰ ਸਿੰਘ, ਏ.ਡੀ.ਸੀ.ਪੀ. (ਓਪਰੇਸ਼ਨ) ਰਮਨਦੀਪ ਸਿੰਘ ਭੁੱਲਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਿਤ ਬੈਂਬੀ, ਉਪ ਮੰਡਲ ਮੈਜਿਸਟਰੇਟ ਪੂਰਬੀ ਜਸਲੀਨ ਕੌਰ ਭੁੱਲਰ, ਮੁੱਖ ਮੰਤਰੀ ਫੀਲਡ ਅਫਸਰ ਤੁਸ਼ਿਤਾ ਗੁਲਾਟੀ, ਸੰਗਰੂਰ, ਬਰਨਾਲਾ ਅਤੇ ਮਾਲੇਰਕੋਟਲਾ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਫ਼ਾਈ ਕਾਮਿਆਂ ’ਤੇ ਲਾਠੀਚਾਰਜ ਮਾਮਲੇ ’ਚ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦਾ ਸਖ਼ਤ ਰੁਖ਼ ਅਗਲੀ ਖ਼ਬਰ ਡੱਡਲ ਮੁਹੱਲਾ ਵਿਖੇ ਗੁੰਡਾਗਰਦੀ, ਘਰ ’ਚ ਦਾਖ਼ਲ ਹੋ ਕੇ ਨੌਜਵਾਨ ਦੀ ਕੁੱਟਮਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।