06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

‘ਆਪ’ ਸਰਕਾਰ ਭਰਤੀ ਘੁਟਾਲਿਆਂ ਨਾਲ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ-ਡਾ. ਚੀਮਾ

ਅਜੀਤ ਡੈਸਕ 23-07-2026
ਰੂਪਨਗਰ, 22 ਜੁਲਾਈ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਗਾਇਆ ਕਿ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਲਗਾਤਾਰ ਸਾਹਮਣੇ ਆ ਰਹੇ ਭਰਤੀ ਘੁਟਾਲਿਆਂ ਕਾਰਨ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਬਾਵਜੂਦ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਵਲੋਂ ਪੰਜਾਬ ਵਿਚ ਭਰਤੀਆਂ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਦੱਸਣਾ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਹੈ। ਰੂਪਨਗਰ ਪ੍ਰੈੱਸ ਕਲੱਬ ਵਿਖੇ ਸੱਦੀ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਨਾਇਬ ਤਹਿਸੀਲਦਾਰਾਂ ਦੀ ਭਰਤੀ ਵਿਚ ਕਥਿਤ ਬੇਨਿਯਮੀਆਂ ਸਾਹਮਣੇ ਆਈਆਂ। ਇਸੇ ਤਰ੍ਹਾਂ ਆਬਕਾਰੀ ਅਤੇ ਕਰ ਵਿਭਾਗ ਦੀ ਪ੍ਰੀਖਿਆ ਵਿਚ ‘ਸਮਾਈਲ’, ‘ਕਰਮਾਂਵਾਲੀ’ ਤੇ ‘ਸਟੇਟ ਬੈਂਕ ਆਫ਼ ਇੰਡੀਆ’ ਵਰਗੇ ਨਾਂਅ ਅੰਤਿਮ ਚੋਣ ਸੂਚੀ ਵਿਚ ਆਉਣਾ ਪੂਰੀ ਭਰਤੀ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕਰਦਾ ਹੈ। ਉਨ੍ਹਾਂ ਕਿਹਾ ਕਿ ਕਈ ਮਾਮਲਿਆਂ ਵਿਚ ਇਕੋ ਜ਼ਿਲ੍ਹੇ ਸੰਗਰੂਰ ਤੋਂ ਵੱਡੀ ਗਿਣਤੀ ਵਿਚ ਉਮੀਦਵਾਰਾਂ ਦੀ ਚੋਣ ਹੋਈ ਹੈ, ਜਦਕਿ ਹਾਲ ਹੀ ਵਿਚ ਫਾਰਮੇਸੀ ਅਫ਼ਸਰਾਂ ਦੀ ਭਰਤੀ ਪ੍ਰੀਖਿਆ ਦੌਰਾਨ ਵੱਡੇ ਪੱਧਰ ’ਤੇ ਨਕਲ ਦੇ ਦੋਸ਼ ਵੀ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਭਰਤੀ ਪ੍ਰਣਾਲੀ ਵਿਚ ਲਗਾਤਾਰ ਹੋ ਰਹੀਆਂ ਗੜਬੜੀਆਂ ਤੋਂ ਸਪੱਸ਼ਟ ਹੈ ਕਿ ਸਰਕਾਰ ਨੂੰ ਪੰਜਾਬ ਦੇ ਨੌਜਵਾਨਾਂ ਅਤੇ ਉਨ੍ਹਾਂ ਦੇ ਭਵਿੱਖ ਦੀ ਕੋਈ ਚਿੰਤਾ ਨਹੀਂ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਲੱਖੇਵਾਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਮੱਕੜ, ਸਾਬਕਾ ਐਮ.ਸੀ. ਗੁਰਮੁਖ ਸਿੰਘ, ਐਮ.ਸੀ. ਸੁਖਵਿੰਦਰ ਸਿੰਘ ਪਟਵਾਰੀ, ਐਮ.ਸੀ. ਗੁਰਵਿੰਦਰ ਸਿੰਘ ਬਾਵਾ, ਐਸ.ਸੀ. ਵਿੰਗ ਦੇ ਪ੍ਰਧਾਨ ਰਾਜਿੰਦਰ ਸਿੰਘ ਬਿੰਦੀ, ਆਰ.ਪੀ. ਸਿੰਘ ਸ਼ੈਲੀ, ਸਾਬਕਾ ਐਮ.ਸੀ. ਵੇਦ ਪ੍ਰਕਾਸ਼, ਬਲਜਿੰਦਰ ਸਿੰਘ ਮਿੱਠੂ, ਰੁਪਿੰਦਰ ਸਿੰਘ ਲੱਖੇਵਾਲ ਅਤੇ ਜਸਬੀਰ ਸਿੰਘ ਗਿੱਲ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਅਵਾਜਾਈ ਨੈਟਵਰਕ ਮੁਹੱਈਆ ਕਰਵਾਉਣ ਲਈ ਵਚਨਬੱਧ-ਈ. ਟੀ. ਓ. ਅਗਲੀ ਖ਼ਬਰ ਐਸ.ਐਚ.ਓ. ਨਾਗਰਾ ਨੂੰ ਜੇਲ੍ਹ ਭੇਜਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।