ਜਲੰਧਰ, 23 ਜੁਲਾਈ (ਸ਼ਿਵ)-ਸਾਬਕਾ ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸਾਬਕਾ ਸੂਬਾ ਪ੍ਰਧਾਨ ਵਿਜੇ ਸਾਂਪਲਾ ਨੇ ਕਾਂਗਰਸ ’ਤੇ ਨੀਟ ਮਾਮਲੇ ਦਾ ਸਿਆਸੀਕਰਨ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਕਿ ਇਸ ਮੁੱਦੇ ’ਤੇ ਰਚਨਾਤਮਿਕ ਚਰਚਾ ਸੰਸਦ ਵਿਚ ਕਰਨ ਅਤੇ ਕਾਂਗਰਸ ਨੇ ਇਸ ਦਾ ਹੱਲ ਲੱਭਣ ਦੀ ਥਾਂ ’ਤੇ ਨਾ ਸਿਰਫ਼ ਇਸ ਨੂੰ ਸਿਆਸੀ ਮੁੱਦਾ ਬਣਾਇਆ, ਸਗੋਂ ਵਿਦਿਆਰਥੀਆਂ ਨੂੰ ਭੜਕਾ ਕੇ ਮਾਹੌਲ ਵੀ ਖ਼ਰਾਬ ਕਰਵਾਇਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਜੇ ਸਾਂਪਲਾ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵਿਦਿਆਰਥੀਆਂ ਦੇ ਹਿੱਤਾਂ ਦੀ ਰੱਖਿਆ ਕਰਨ ਅਤੇ ਪ੍ਰੀਖਿਆਵਾਂ ਵਿਚ ਹੋਈਆਂ ਬੇਨਿਯਮੀਆਂ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਪਹਿਲਾਂ ਹੀ ਸਖ਼ਤ ਕਾਰਵਾਈ ਆਰੰਭ ਕਰ ਚੁੱਕੀ ਹੈ ਅਤੇ ਦੋਸ਼ੀਆਂ ਨੂੰ ਬਣਦੀਆਂ ਸਜ਼ਾਵਾਂ ਦਿੱਤੀਆਂ ਜਾਣਗੀਆਂ। ਸਾਂਪਲਾ ਨੇ ਕਿਹਾ ਕਿ ਸ਼ਾਂਤਮਈ ਪ੍ਰਦਰਸ਼ਨ ਕਰਨਾ ਲੋਕਤੰਤਰੀ ਹੱਕ ਹੈ ਪਰ ਵਿਰੋਧੀ ਪਾਰਟੀਆਂ ਨੇ ਸਿਆਸੀ ਲਾਭ ਲਈ ਵਿਦਿਆਰਥੀਆਂ ਨੂੰ ਭੜਕਾਉਣ ਦਾ ਕੰਮ ਕੀਤਾ।ਇਸ ਮੌਕੇ ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਕ੍ਰਿਸ਼ਨ ਦੇਵ ਭੰਡਾਰੀ, ਸ਼ੀਤਲ ਅੰਗੁਰਾਲ, ਅਸ਼ੋਕ ਸਰੀਨ ਹਿੱਕੀ, ਸੁਸ਼ੀਲ ਸ਼ਰਮਾ, ਰਾਜੇਸ਼ ਕਪੂਰ, ਅਮਰਜੀਤ ਸਿੰਘ ਗੋਲਡੀ ਆਦਿ ਹਾਜ਼ਰ ਸਨ।
‘ਨੀਟ’ ਮਾਮਲੇ ਵਿਚ ਕਾਂਗਰਸ ਸਮੇਤ ਵਿਰੋਧੀ ਪਾਰਟੀਆਂ ਸਿਆਸਤ ਕਰ ਰਹੀਆਂ-ਸਾਂਪਲਾ
ਅਜੀਤ ਡੈਸਕ
24-07-2026