13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਸਫਾਈ ਸੇਵਕਾਂ ਤੇ ਸੀਵਰਮੈਨਾਂ ਦੇ ਹੱਕ ’ਚ ਮਾਨ ਸਰਕਾਰ ਦਾ ਵੱਡਾ ਕਦਮ

ਅਜੀਤ ਡੈਸਕ 29-07-2026

3 ਸਾਲ ਪੁਰਾਣੇ ਆਊਟਸੋਰਸ ਮੁਲਾਜ਼ਮ ਹੋਣਗੇ ਸਿੱਧੇ ਠੇਕੇ ’ਤੇ, 5 ਸਾਲ ਵਾਲਿਆਂ ਨੂੰ ਮਿਲੇਗਾ ਰੈਗੂਲਰ ਦਾ ਲਾਭ
ਚੰਡੀਗੜ੍ਹ, 28 ਜੁਲਾਈ (ਪ੍ਰੋ. ਅਵਤਾਰ ਸਿੰਘ)-ਸਫਾਈ ਕਰਮਚਾਰੀਆਂ ਦੇ ਮਸਲੇ ਨੂੰ ਲੈ ਕੇ ਵਧ ਰਹੇ ਰੋਸ ਦਰਮਿਆਨ ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਕਈ ਅਹਿਮ ਐਲਾਨ ਕੀਤੇ ਹਨ। ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਰਕਾਰ ਨੇ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੀ ਭਲਾਈ ਲਈ ਨਵੀਂ ਨੀਤੀ ਤਹਿਤ ਵੱਡੇ ਫੈਸਲੇ ਲਏ ਹਨ, ਜਿਸ ਨਾਲ ਹਜ਼ਾਰਾਂ ਕਰਮਚਾਰੀਆਂ ਨੂੰ ਸਿੱਧਾ ਲਾਭ ਮਿਲੇਗਾ।ਪੰਜਾਬ ਭਵਨ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿਚ ਆਊਟਸੋਰਸ ਪ੍ਰਣਾਲੀ ਰਾਹੀਂ ਕੰਮ ਕਰ ਰਹੇ ਉਹ ਸਫਾਈ ਸੇਵਕ ਅਤੇ ਸੀਵਰਮੈਨ, ਜਿਨ੍ਹਾਂ ਨੇ 3 ਸਾਲ ਦੀ ਲਗਾਤਾਰ ਸੇਵਾ ਪੂਰੀ ਕਰ ਲਈ ਹੈ, ਨੂੰ ਸਿੱਧੇ ਠੇਕੇ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 5 ਸਾਲ ਦੀ ਸੇਵਾ ਪੂਰੀ ਕਰ ਚੁੱਕੇ ਕੰਟਰੈਕਟ ਸਫਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਨਾਲ-ਨਾਲ ਸਾਲ 2021 ਵਿਚ ਭਰਤੀ ਕੀਤੇ ਗਏ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਇਸ ਨੂੰ ਸਫਾਈ ਕਰਮਚਾਰੀਆਂ ਦੀ ਭਲਾਈ ਲਈ ਮਾਨ ਸਰਕਾਰ ਦਾ ਇਤਿਹਾਸਕ ਕਦਮ ਕਰਾਰ ਦਿੱਤਾ।ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ 1 ਅਗਸਤ 2026 ਤੋਂ ਕੰਟਰੈਕਟ ’ਤੇ ਕੰਮ ਕਰ ਰਹੇ ਸਫਾਈ ਕਰਮਚਾਰੀਆਂ ਦੀ ਮਹੀਨਾਵਾਰ ਮਿਹਨਤਾਨਾ ਰਕਮ ਵਧਾ ਕੇ 20,520 ਰੁਪਏ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਆਊਟਸੋਰਸ ਤੋਂ ਸਿੱਧੇ ਠੇਕੇ ’ਤੇ ਆਉਣ ਵਾਲੇ ਕਰਮਚਾਰੀਆਂ ਨੂੰ ਵੀ ਇਹੀ ਮਿਹਨਤਾਨਾ ਮਿਲੇਗਾ ਅਤੇ ਲਾਗੂ ਨਿਯਮਾਂ ਅਨੁਸਾਰ ਬਣਦੇ ਯੋਗਦਾਨ ਵੀ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਸਾਰੇ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਆਪਣੇ-ਆਪਣੇ ਹਾਊਸਾਂ ਵਿਚ ਮਤੇ ਪਾਸ ਕਰਕੇ ਯੋਗ ਕਰਮਚਾਰੀਆਂ ਦੀ ਸੂਚੀ ਸਰਕਾਰ ਨੂੰ ਭੇਜਣ। ਉਨ੍ਹਾਂ ਕਿਹਾ ਕਿ ਸਥਾਨਕ ਸੰਸਥਾਵਾਂ ਕੋਲ ਕਰਮਚਾਰੀਆਂ ਦੀ ਸੇਵਾ ਨਾਲ ਸੰਬੰਧਿਤ ਪੂਰਾ ਰਿਕਾਰਡ ਮੌਜੂਦ ਹੈ ਅਤੇ ਜਿਹੜੀ ਸੰਸਥਾ ਜਲਦੀ ਪ੍ਰਸਤਾਵ ਭੇਜੇਗੀ, ਉਸ ਦੀ ਪ੍ਰਕਿਰਿਆ ਵੀ ਜਲਦੀ ਪੂਰੀ ਕੀਤੀ ਜਾਵੇਗੀ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਫੈਸਲੇ ਕਰਮਚਾਰੀ ਯੂਨੀਅਨਾਂ ਦੇ ਆਗੂਆਂ ਨਾਲ ਕੀਤੀਆਂ ਗਈਆਂ ਮੀਟਿੰਗਾਂ ਤੋਂ ਬਾਅਦ ਲਏ ਗਏ ਹਨ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ’ਤੇ ਆਧਾਰਿਤ ਕੈਬਨਿਟ ਸਬ-ਕਮੇਟੀ ਨੇ ਵੀ ਸਫਾਈ ਕਰਮਚਾਰੀ ਯੂਨੀਅਨਾਂ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਹੈ। ਮੰਤਰੀ ਨੇ ਕਿਹਾ ਕਿ ਮੁੱਖ ਮੰਗਾਂ ’ਤੇ ਸਹਿਮਤੀ ਬਣ ਗਈ ਹੈ ਅਤੇ ਬਾਕੀ ਰਹਿੰਦੇ ਛੋਟੇ ਮੁੱਦਿਆਂ ਨੂੰ ਵੀ ਆਉਣ ਵਾਲੇ ਦਿਨਾਂ ਵਿੱਚ ਹੱਲ ਕੀਤਾ ਜਾਵੇਗਾ। ਇਸ ਦੌਰਾਨ ਹਰਜੋਤ ਸਿੰਘ ਬੈਂਸ ਨੇ ਸਫਾਈ ਕਰਮਚਾਰੀ ਯੂਨੀਅਨਾਂ ਨੂੰ ਮਾਨਸੂਨ ਦੇ ਮੱਦੇਨਜ਼ਰ ਹੜਤਾਲ ਖਤਮ ਕਰਕੇ ਮੁੜ ਡਿਊਟੀ ’ਤੇ ਪਰਤਣ ਦੀ ਅਪੀਲ ਕੀਤੀ।

ਪਿਛਲੀ ਖ਼ਬਰ ਵਿਜੀਲੈਂਸ ਵਲੋਂ 8 ਲੱਖ ਰੁਪਏ ਰਿਸ਼ਵਤ ਲੈਂਦਾ ਮਾਈਨਿੰਗ ਵਿਭਾਗ ਦਾ ਐੱਸ.ਡੀ.ਓ. ਕਾਬੂ ਅਗਲੀ ਖ਼ਬਰ ਐਲ.ਏ.ਡੀ.ਸੀ. ਯੋਜਨਾ ਦੇ ਵਿਰੋਧ ’ਚ ਵਕੀਲਾਂ ਦੀ ਹੜਤਾਲ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।