24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਸੱਦੇ ’ਤੇ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਮੁਲਾਜ਼ਮਾਂ ਵਲੋਂ ਸੂਬਾ ਪੱਧਰੀ ਰੋਸ ਰੈਲੀ

ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਸੱਦੇ ’ਤੇ ਮੁੱਖ ਮੰਤਰੀ ਦੇ ਪਿੰਡ ਸਤੌਜ ਵਿਖੇ ਮੁਲਾਜ਼ਮਾਂ ਵਲੋਂ ਸੂਬਾ ਪੱਧਰੀ ਰੋਸ ਰੈਲੀ

ਅਜੀਤ ਡੈਸਕ 24-08-2026

ਚੀਮਾ ਮੰਡੀ, 23 ਅਗਸਤ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ)-ਪੁਰਾਣੀ ਪੈਨਸ਼ਨ ਬਹਾਲੀ ਸਾਂਝਾ ਮੰਚ ਦੇ ਸੱਦੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਪਿੰਡ ਸਤੌਜ ਵਿਖੇ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ, ਮਹਿੰਗਾਈ ਭੱਤਾ ਜਾਰੀ ਕਰਨ, ਪਰਖ ਕਾਲ ਅਤੇ ਕੇਂਦਰੀ ਸਕੇਲ ਰੱਦ ਕਰਨ ਦੀਆਂ ਮੰਗਾਂ ਨੂੰ ਲੈ ਕੇ ਇਕ ਵਿਸ਼ਾਲ ਰੈਲੀ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ, ਸੁਖਜੀਤ ਸਿੰਘ ਡਿੰਪੀ, ਗੁਰਜੰਟ ਸਿੰਘ ਕੋਕਰੀ ਦੀ ਸਾਂਝੀ ਅਗਵਾਈ ਹੇਠ ਸੂਬੇ ਭਰ ਦੇ ਵੱਖ-ਵੱਖ ਵਿਭਾਗਾਂ ਦੇ ਮੁਲਾਜ਼ਮਾਂ ਵਲੋਂ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਰੈਲੀ ਸੰਬੰਧੀ ਆਗੂਆਂ ਨੇ ਪਹਿਲਾਂ ਹੀ ਐਲਾਨ ਕੀਤਾ ਹੋਇਆ ਸੀ, ਜਿਸ ਕਰਕੇ ਅੱਜ ਸਵੇਰ ਤੋਂ ਹੀ ਪਿੰਡ ਸਤੌਜ ਨੂੰ ਜਾਣ ਵਾਲੇ ਰਸਤੇ ਪੁਲਿਸ ਪ੍ਰਸ਼ਾਸਨ ਨੇ ਸੀਲ ਕਰ ਰੱਖੇ ਸਨ ਅਤੇ ਪੂਰੇ ਪਿੰਡ ਸਤੌਜ ਨੂੰ ਪ੍ਰਸ਼ਾਸਨ ਨੇ ਪੁਲਿਸ ਛਾਉਣੀ ਚ ਤਬਦੀਲ ਕਰ ਰੱਖਿਆ ਸੀ ਪਰ ਮੁਲਾਜ਼ਮ ਬਹੁਤ ਹੀ ਪ੍ਰਭਾਵਸ਼ਾਲੀ ਅਤੇ ਦ੍ਰਿੜ੍ਹ ਇਰਾਦੇ ਨਾਲ ਅੱਗੇ ਵਧੇ, ਜਿਸ ਕਰਕੇ ਮੁਲਾਜ਼ਮਾਂ ਦੇ ਹੜ੍ਹ ਨੂੰ ਪੁਲਿਸ ਵਲੋਂ ਲਗਾਏ ਗਏ ਬੈਰੀਕਾਡ ਅਤੇ ਵਾਟਰ ਕੈਨਨ ਦੇ ਪਾਣੀ ਦੀਆਂ ਬੁਛਾੜਾਂ ਵੀ ਰੋਕ ਨਹੀਂ ਸਕੀਆਂ। ਪੰਜਾਬ ਸਰਕਾਰ ਤੋਂ ਅੱਕੇ ਸੂਬੇ ਭਰ ਤੋ ਵੱਖ-ਵੱਖ ਵਿਭਾਗਾਂ ਦੇ ਪੁੱਜੇ ਮੁਲਾਜ਼ਮ ਇੰਨੇ ਰੋਹ ਚ ਨਜ਼ਰੀ ਆਏ ਕਿ ਉਹ ਝੋਨੇ ਦੇ ਖੇਤਾਂ ’ਚ ਦੀ ਹੋ ਕੇ ਪਿੰਡ ਸਤੌਜ ਪੁੱਜਣ ਚ ਕਾਮਯਾਬ ਹੋ ਗਏ । ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਸਰਕਾਰ ਬਣਨ ਉਪਰੰਤ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ। ਮੁਲਾਜ਼ਮਾਂ ਦੀਆਂ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ, ਪੇਅ ਕਮਿਸ਼ਨ ਤੇ ਕੇਂਦਰ ਸਰਕਾਰ ਮੁਲਾਜ਼ਮਾਂ ਨੂੰ ਵਿਚਾਰਾਂ ਵਿੱਚ ਪੱਕਾ ਕੀਤਾ ਜਾਵੇਗਾ ਤੇ ਆਊਟਸੋਰਸਿੰਗ ਖ਼ਤਮ ਕੀਤੀ ਜਾਵੇਗੀ ਪਰ ਸਰਕਾਰ ਨੇ ਸਾਢੇ ਚਾਰ ਸਾਲ ਬਾਅਦ ਵੀ ਆਪਣਾ ਕੋਈ ਇਕ ਵੀ ਵਾਅਦਾ ਪੂਰਾ ਨਹੀਂ ਕੀਤਾ। ਰੈਲੀ ਨੂੰ ਸੰਬੋਧਨ ਕਰਦਿਆਂ ਆਗੂਆਂ  ਨੇ ਕਿਹਾ ਕਿ ਸਰਕਾਰ ਵਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਲਿਆਂਦਾ ਗਿਆ ਕਾਨੂੰਨ ਵੀ ਅਧੂਰਾ ਹੀ ਹੈ ਅਤੇ ਬਹੁਤ ਸਾਰੇ ਮੁਲਾਜ਼ਮਾਂ ਨੂੰ ਇਸ ਦਾ ਲਾਭ ਨਹੀਂ ਮਿਲ ਰਿਹਾ। ਅੰਤ ’ਚ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਦਾ ਸਮੁੱਚੇ ਮੁਲਾਜ਼ਮ ਵਰਗ ਵਲੋਂ ਪੰਜਾਬ ਸਰਕਾਰ ਦੇ ਅੜੀਅਲ ਰਵੱਈਏ ਤੋਂ ਤੰਗ ਆ ਕੇ ਅੱਜ ਮੁੱਖ ਮੰਤਰੀ ਦੇ ਪਿੰਡ ਸਤੌਜ ਤੋਂ ਸੰਘਰਸ਼ ਦਾ ਬਿਗੁਲ ਵਜਾ ਦਿੱਤਾ ਹੈ ਅਤੇ ਹੁਣ ਮੁਲਾਜ਼ਮ ਵਰਗ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਦੀ ਪ੍ਰਾਪਤੀ ਤੱਕ ਪਿੱਛੇ ਨਹੀਂ ਹਟੇਗਾ। ਇਸ ਮੌਕੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ, ਸੀ.ਪੀ.ਐੱਫ. ਕਰਮਚਾਰੀ ਯੂਨੀਅਨ ਪੰਜਾਬ, ਪੁਰਾਣੀ ਪੈਨਸ਼ਨ ਪ੍ਰਾਪਤੀ ਮੋਰਚਾ ਪੰਜਾਬ, ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੂਬਾਈ ਅਤੇ ਜ਼ਿਲ੍ਹਾ ਪੱਧਰੀ ਆਗੂਆਂ ਤੋ ਇਲਾਵਾ ਭਾਰੀ ਗਿਣਤੀ ’ਚ ਮੁਲਾਜ਼ਮ ਵਰਗ ਮੌਜੂਦ ਸੀ।
27 ਦੀ ਮੀਟਿੰਗ ’ਚ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤਿੱਖਾ ਕਰਾਂਗੇ-ਆਗੂ 
ਸੂਬੇ ਭਰ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਰੋਸ ਨੂੰ ਵੇਖਦਿਆਂ ਮੁੱਖ ਮੰਤਰੀ ਭਗਵੰਤ ਮਾਨ ਵਲੋਂ 27 ਅਗਸਤ ਨੂੰ ਪੁਰਾਣੀ ਪੈਨਸ਼ਨ ਬਹਾਲੀ ਸਾਝਾ ਮੋਰਚਾ ਮੰਚ ਪੰਜਾਬ ਵਲੋਂ ਪੰਜਾਬ ਭਵਨ ਚੰਡੀਗੜ ਵਿਖੇ ਸੱਦਿਆ ਗਿਆ ਹੈ. ਮੀਟਿੰਗ ਦੀ ਪੁਸ਼ਟੀ ਕਰਦਿਆਂ ਉਕਤ ਮੰਚ ਦੇ ਸੂਬਾ ਕਨਵੀਨਰ ਜਸਵੀਰ ਸਿੰਘ ਤਲਵਾੜਾ ਅਤੇ ਗੁਰਜੰਟ ਸਿੰਘ ਕੋਕਰੀ ਸੂਬਾ ਆਗੂ ਨੇ ਦੱਸਿਆ ਕਿ ਜੇਕਰ 27 ਅਗਸਤ ਦੀ ਮੀਟਿੰਗ ਚ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਹੋਰ ਵੀ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ।

ਪਿਛਲੀ ਖ਼ਬਰ ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ ਅਗਲੀ ਖ਼ਬਰ 26 ਨੂੰ ਬਠਿੰਡਾ ਵਿਖੇ ਹੋਵੇਗੀ ਐਨ.ਆਰ.ਆਈ. ਮਿਲਣੀ ਸੱਤ ਜ਼ਿਲ੍ਹਿਆਂ ਨਾਲ ਸੰਬੰਧਿਤ ਪ੍ਰਵਾਸੀ ਪੰਜਾਬੀ ਹੋਣਗੇ ਸ਼ਾਮਿਲ-ਡਾ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।