ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਦਿਹਾਂਤ ਸੁਖਬੀਰ ਤੇ ਹੋਰ ਰਾਜਸੀ ਆਗੂ ਦੁੱਖ ਸਾਂਝਾ ਕਰਨ ਪੁੱਜੇ
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਬੀਤੀ ਦੇਰ ਰਾਤ ਦਿਲ ਦੀ ਧੜਕਣ ਰੁਕ ਜਾਣ ਕਾਰਨ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 82 ਸਾਲ ਸੀ।
ਹੁਸ਼ਿਆਰਪੁਰ, 12 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਸ਼੍ਰੋਮਣੀ ਅਕਾਲੀ ਦਲ (ਬ) ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਬੀਤੀ ਦੇਰ ਰਾਤ ਦਿਲ ਦੀ ਧੜਕਣ ਰੁਕ ਜਾਣ ਕਾਰਨ ਅਚਾਨਕ ਦਿਹਾਂਤ ਹੋ ਗਿਆ। ਉਨ੍ਹਾਂ ਦੀ ਉਮਰ 82 ਸਾਲ ਸੀ। ਉਨ੍ਹਾਂ ਦੇ ਦਿਹਾਂਤ ਨਾਲ ਬਾਜਵਾ ਪਰਿਵਾਰ, ਰਿਸ਼ਤੇਦਾਰਾਂ, ਸਨੇਹੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂਆਂ ਤੇ ਵਰਕਰਾਂ ’ਚ ਡੂੰਘੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਵਰਿੰਦਰ ਸਿੰਘ ਬਾਜਵਾ ਨੇ ਆਪਣੇ ਲੰਮੇ ਸਿਆਸੀ ਜੀਵਨ ਦੌਰਾਨ ਪਾਰਟੀ ਦੀ ਮਜ਼ਬੂਤੀ ਲਈ ਅਹਿਮ ਭੂਮਿਕਾ ਨਿਭਾਈ। ਉਹ ਸਿਰਫ਼ ਇਕ ਸਿਆਸੀ ਆਗੂ ਵਜੋਂ ਹੀ ਨਹੀਂ, ਸਗੋਂ ਲੋਕਾਂ ਨਾਲ ਜੁੜੇ ਹੋਏ ਅਤੇ ਸਮਾਜ ਦੀ ਬਿਹਤਰੀ ਲਈ ਹਮੇਸ਼ਾ ਯਤਨਸ਼ੀਲ ਰਹਿਣ ਵਾਲੇ ਵਿਅਕਤੀ ਵਜੋਂ ਵੀ ਜਾਣੇ ਜਾਂਦੇ ਸਨ। ਵਰਿੰਦਰ ਸਿੰਘ ਬਾਜਵਾ ਸ਼੍ਰੋਮਣੀ ਅਕਾਲੀ ਦਲ (ਬ) ਦੇ ਲੰਮੇ ਸਮੇਂ ਤੱਕ ਜ਼ਿਲ੍ਹਾ ਪ੍ਰਧਾਨ, ਚੇਅਰਮੈਨ ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਤੇ ਮੈਂਬਰ ਰਾਜ ਸਭਾ ਰਹੇ ਅਤੇ ਮੌਜੂਦਾ ਸਮੇਂ ’ਚ ਪਾਰਟੀ ’ਚ ਕੋਰ ਕਮੇਟੀ ਦੇ ਮੈਂਬਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਵਰਿੰਦਰ ਸਿੰਘ ਬਾਜਵਾ ਦੇ ਦਿਹਾਂਤ ਦੀ ਖ਼ਬਰ ਮਿਲਦਿਆਂ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਡਾ: ਦਲਜੀਤ ਸਿੰਘ ਚੀਮਾ, ਸਾਬਕਾ ਸੰਸਦ ਮੈਂਬਰ ਅਵਿਨਾਸ਼ ਰਾਏ ਖੰਨਾ, ਸਾਬਕਾ ਕੇਂਦਰੀ ਰਾਜ ਮੰਤਰੀ ਵਿਜੇ ਸਾਂਪਲਾ, ਸਾਬਕਾ ਕੈਬਨਿਟ ਮੰਤਰੀ ਤੀਕਸ਼ਣ ਸੂਦ, ਜਰਨੈਲ ਸਿੰਘ ਵਾਹਦ, ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਸਾਬਕਾ ਮੁੱਖ ਸੰਸਦੀ ਸਕੱਤਰ ਦੇਸ ਰਾਜ ਸਿੰਘ ਧੁੱਗਾ, ਜਤਿੰਦਰ ਸਿੰਘ ਲਾਲੀ ਬਾਜਵਾ ਤੇ ਹੋਰਨਾਂ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂਆਂ ਨੇ ਉਨ੍ਹਾਂ ਦੇ ਗ੍ਰਹਿ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਵਰਿੰਦਰ ਸਿੰਘ ਬਾਜਵਾ ਦਾ ਅੰਤਿਮ ਸੰਸਕਾਰ 14 ਸਤੰਬਰ ਦਿਨ ਸੋਮਵਾਰ ਨੂੰ ਦੁਪਹਿਰ 12 ਵਜੇ ਹਰਿਆਣਾ ਰੋਡ ਹੁਸ਼ਿਆਰਪੁਰ ਵਿਖੇ ਸਥਿਤ ਸ਼ਮਸ਼ਾਨਘਾਟ ਵਿਖੇ ਕੀਤਾ ਜਾਵੇਗਾ।