ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਫੈਡਰੇਸ਼ਨ ਦੀ ਵਰ੍ਹੇਗੰਢ ਮੌਕੇ ਪੰਥਕ ਏਕਤਾ ਤੇ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਸਮੇਤ ਅਹਿਮ ਮਤੇ ਪਾਸ
ਨਸ਼ਿਆਂ ਦੇ ਖ਼ਾਤਮੇ ਅਤੇ ਧਰਮ ਪਰਿਵਰਤਨ ਵਰਗੀਆਂ ਚੁਣੌਤੀਆਂ ਦਾ ਟਾਕਰਾ ਕਰਨ ਲਈ ਸਿੱਖ ਨੌਜਵਾਨਾਂ ਨੂੰ ਲਾਮਬੰਦ ਕੀਤਾ ਜਾਵੇਗਾ-ਅਮਰਬੀਰ ਸਿੰਘ ਢੋਟ
ਜਸਵੰਤ ਸਿੰਘ ਜੱਸ
ਅੰਮ੍ਰਿਤਸਰ, 14 ਸਤੰਬਰ-ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਫੈਡਰੇਸ਼ਨ ਦੀ 83ਵੀਂ ਵਰ੍ਹੇਗੰਢ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਸਮਾਗਮ ਕਰਵਾਇਆ ਗਿਆ। ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਅਤੇ ਸਕੱਤਰ ਜਨਰਲ ਲਖਬੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਭਾਈ ਢੋਟ ਸਮੇਤ ਵੱਖ-ਵੱਖ ਬੁਲਾਰਿਆਂ ਨੇ ਫੈਡਰੇਸ਼ਨ ਦੇ ਇਤਿਹਾਸ, ਸਿੱਖ ਨੌਜਵਾਨਾਂ ਦੀ ਭੂਮਿਕਾ ਤੇ ਮੌਜੂਦਾ ਸਮੇਂ ਵਿਚ ਪੰਥ ਅਤੇ ਪੰਜਾਬ ਸਾਹਮਣੇ ਖੜ੍ਹੀਆਂ ਚੁਣੌਤੀਆਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਫੈਡਰੇਸ਼ਨ ਨੇ ਆਪਣੇ ਲੰਮੇ ਸਫ਼ਰ ਦੌਰਾਨ ਸਿੱਖ ਨੌਜਵਾਨਾਂ ਨੂੰ ਆਪਣੇ ਧਰਮ, ਵਿਰਸੇ, ਹੱਕਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ ਤੇ ਭਵਿੱਖ ਵਿਚ ਵੀ ਇਹ ਕਾਰਜ ਨਿਰੰਤਰ ਜਾਰੀ ਰਹਿਣਗੇ ।
ਸ
ਸਿੱਖ ਸਟੂਡੈਂਟਸ ਫੈਡਰੇਸ਼ਨ ਦੀ 83ਵੀਂ ਵਰ੍ਹੇਗੰਢ ਨੂੰ ਸਮਰਪਿਤ ਫੈਡਰੇਸ਼ਨ (ਮਹਿਤਾ) ਵਲੋਂ ਕਰਵਾਏ ਸਮਾਗਮ ਦੌਰਾਨ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ, ਸਕੱਤਰ ਜਨਰਲ ਲਖਬੀਰ ਸਿੰਘ ਸੇਖੋਂ ਅਤੇ ਹੋਰ ਫੈਡਰੇਸ਼ਨ ਆਗੂ ਤੇ ਕਾਰਕੁੰਨ। ਅਜੀਤ ਤਸਵੀਰ
15-09-2026
ਅੰਮ੍ਰਿਤਸਰ, 14 ਸਤੰਬਰ-ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵਲੋਂ ਫੈਡਰੇਸ਼ਨ ਦੀ 83ਵੀਂ ਵਰ੍ਹੇਗੰਢ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਿਖੇ ਸਮਾਗਮ ਕਰਵਾਇਆ ਗਿਆ। ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਅਤੇ ਸਕੱਤਰ ਜਨਰਲ ਲਖਬੀਰ ਸਿੰਘ ਸੇਖੋਂ ਦੀ ਅਗਵਾਈ ਹੇਠ ਹੋਏ ਇਸ ਸਮਾਗਮ ਦੌਰਾਨ ਭਾਈ ਢੋਟ ਸਮੇਤ ਵੱਖ-ਵੱਖ ਬੁਲਾਰਿਆਂ ਨੇ ਫੈਡਰੇਸ਼ਨ ਦੇ ਇਤਿਹਾਸ, ਸਿੱਖ ਨੌਜਵਾਨਾਂ ਦੀ ਭੂਮਿਕਾ ਤੇ ਮੌਜੂਦਾ ਸਮੇਂ ਵਿਚ ਪੰਥ ਅਤੇ ਪੰਜਾਬ ਸਾਹਮਣੇ ਖੜ੍ਹੀਆਂ ਚੁਣੌਤੀਆਂ ਬਾਰੇ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਫੈਡਰੇਸ਼ਨ ਨੇ ਆਪਣੇ ਲੰਮੇ ਸਫ਼ਰ ਦੌਰਾਨ ਸਿੱਖ ਨੌਜਵਾਨਾਂ ਨੂੰ ਆਪਣੇ ਧਰਮ, ਵਿਰਸੇ, ਹੱਕਾਂ ਅਤੇ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਜਾਗਰੂਕ ਕਰਨ ਵਿਚ ਅਹਿਮ ਭੂਮਿਕਾ ਨਿਭਾਈ ਹੈ ਤੇ ਭਵਿੱਖ ਵਿਚ ਵੀ ਇਹ ਕਾਰਜ ਨਿਰੰਤਰ ਜਾਰੀ ਰਹਿਣਗੇ । ਪ੍ਰਧਾਨ ਢੋਟ ਨੇ ਦੱਸਿਆ ਕਿ ਇਸ ਵਰ੍ਹੇਗੰਢ ਸਮਾਗਮ ਦੌਰਾਨ ਮੌਜੂਦਾ ਪੰਥਕ ਤੇ ਸਮਾਜਿਕ ਮੁੱਦਿਆਂ ਸੰਬੰਧੀ ਕਈ ਅਹਿਮ ਮਤੇ ਪਾਸ ਕਰਦਿਆਂ ਪੰਥਕ ਏਕਤਾ ਨੂੰ ਸਮੇਂ ਦੀ ਲੋੜ ਦੱਸਦਿਆਂ ਉਨ੍ਹਾਂ ਬੰਦੀ ਸਿੰਘਾਂ ਦੀ ਤੁਰੰਤ ਰਿਹਾਈ ਦੀ ਮੰਗ ਕੀਤੀ ਗਈ ਜੋ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ । ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਇਸ ਮਾਮਲੇ ਨੂੰ ਮਨੁੱਖੀ ਅਤੇ ਕਾਨੂੰਨੀ ਨਜ਼ਰੀਏ ਨਾਲ ਦੇਖਦਿਆਂ ਅਜਿਹੇ ਸਾਰੇ ਮਾਮਲਿਆਂ ਦੀ ਸਮੀਖਿਆ ਕਰਕੇ ਯੋਗ ਵਿਅਕਤੀਆਂ ਦੀ ਰਿਹਾਈ ਯਕੀਨੀ ਬਣਾਉਣੀ ਚਾਹੀਦੀ ਹੈ । ਇਕ ਹੋਰ ਮਤੇ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨੂੰ ਅਪੀਲ ਕੀਤੀ ਕਿ ਮੌਜੂਦਾ ਸਮੇਂ ਵਿਚ ਸਿੱਖ ਕੌਮ ਨੂੰ ਦਰਪੇਸ਼ ਅੰਦਰੂਨੀ ਅਤੇ ਬਾਹਰੀ ਚੁਣੌਤੀਆਂ ਦੇ ਟਾਕਰੇ ਲਈ ਸਮੁੱਚੇ ਖ਼ਾਲਸਾ ਪੰਥ ਦੀ ਸ਼ਕਤੀ ਨੂੰ ਇਕ ਮੰਚ ’ਤੇ ਇਕੱਠਾ ਕਰਨ ਲਈ ਯਤਨ ਕੀਤੇ ਜਾਣ । ਇਕ ਹੋਰ ਅਹਿਮ ਮਤੇ ਰਾਹੀਂ ਪੰਜਾਬ ਵਿਚ ਤੇਜ਼ੀ ਨਾਲ ਫੈਲ ਰਹੇ ਨਸ਼ਿਆਂ ਦੇ ਕੋਹੜ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਸਮੱਸਿਆ ਸਿਰਫ਼ ਇਕ ਵਿਅਕਤੀ ਜਾਂ ਪਰਿਵਾਰ ਦੀ ਸਮੱਸਿਆ ਨਹੀਂ, ਸਗੋਂ ਇਹ ਪੰਜਾਬ ਦੀ ਨੌਜਵਾਨ ਪੀੜ੍ਹੀ ਤੇ ਸਮਾਜ ਦੇ ਭਵਿੱਖ ਨਾਲ ਜੁੜਿਆ ਗੰਭੀਰ ਮਸਲਾ ਹੈ । ਭਾਈ ਢੋਟ ਨੇ ਕਿਹਾ ਕਿ ਫੈਡਰੇਸ਼ਨ ਵਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ, ਧਰਮ ਪਰਿਵਰਤਨ ਤੇ ਸਮਾਜਿਕ ਬੁਰਾਈਆਂ ਵਰਗੀਆਂ ਚੁਣੌਤੀਆਂ ਪ੍ਰਤੀ ਜਾਗਰੂਕ ਹੋਣ, ਖੇਡਾਂ, ਸਿੱਖਿਆ, ਰੁਜ਼ਗਾਰ, ਸੱਭਿਆਚਾਰਕ ਅਤੇ ਰਚਨਾਤਮਕ ਗਤੀਵਿਧੀਆਂ ਨਾਲ ਜੋੜਨ ਅਤੇ ਪਿੰਡ-ਪਿੰਡ, ਸ਼ਹਿਰ-ਸ਼ਹਿਰ ਜਾਗਰੂਕਤਾ ਮੁਹਿੰਮ ਚਲਾਉਣ ਲਈ ਯਤਨ ਤੇਜ਼ ਕਰਨ ਦਾ ਵੀ ਅਹਿਦ ਕੀਤਾ। ਭਾਈ ਢੋਟ ਤੇ ਸੇਖੋਂ ਤੋਂ ਇਲਾਵਾ ਸਮਾਗਮ ਵਿਚ ਗਗਨਦੀਪ ਸਿੰਘ, ਕੁਲਵਿੰਦਰ ਸਿੰਘ ਸਮੇਤ ਹੋਰ ਫੈਡਰੇਸ਼ਨ ਆਗੂ ਹਾਜ਼ਰ ਸਨ।