ਅਕਾਲੀ ਦਲ ਵਲੋਂ ਬਿਜਲੀ ਕੱਟਾਂ ਦੇ ਮਾਮਲੇ ’ ਤੇ ਪੰਜਾਬ ਭਰ ’ ਚ ਵਿਆਪਕ ਰੋਸ ਮੁਜ਼ਾਹਰੇ
ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬਿਜਲੀ ਕੱਟਾਂ ਦੇ ਵਿਰੋਧ ਵਿਚ ਸੂਬੇ ਭਰ ਵਿਚ ਵਿਆਪਕ ਰੋਸ ਮੁਜ਼ਾਹਰੇ ਕੀਤੇ, ਜਿਸ ਦੌਰਾਨ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕੱਟਾਂ ਕਾਰਨ ਨਾ ਸਿਰਫ ਝੋਨੇ ਦੀ ਫਸਲ ਦਾ ਨੁਕਸਾਨ ਹੋ ਰਿਹਾ ਹੈ ਬਲਕਿ ਘਰੇਲੂ ਖਪਤਕਾਰਾਂ ਨੂੰ ਮੁਸ਼ਕਿਲਾਂ ਝੱਲਣੀਆਂ ਪੈ ਰਹੀਆਂ ਹਨ ਤੇ ਉਦਯੋਗ ਵੀ ਸੰਕਟ ਵਿਚ ਹਨ। ਸੂਬੇ ਭਰ ਵਿਚ ਡਿਪਟੀ ਕਮਿਸ਼ਨਰ, ਐਸ.
ਚੰਡੀਗੜ੍ਹ, 16 ਸਤੰਬਰ (ਅਜੀਤ ਬਿਊਰੋ) : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਬਿਜਲੀ ਕੱਟਾਂ ਦੇ ਵਿਰੋਧ ਵਿਚ ਸੂਬੇ ਭਰ ਵਿਚ ਵਿਆਪਕ ਰੋਸ ਮੁਜ਼ਾਹਰੇ ਕੀਤੇ, ਜਿਸ ਦੌਰਾਨ ਜ਼ੋਰ ਦੇ ਕੇ ਕਿਹਾ ਕਿ ਇਨ੍ਹਾਂ ਕੱਟਾਂ ਕਾਰਨ ਨਾ ਸਿਰਫ ਝੋਨੇ ਦੀ ਫਸਲ ਦਾ ਨੁਕਸਾਨ ਹੋ ਰਿਹਾ ਹੈ ਬਲਕਿ ਘਰੇਲੂ ਖਪਤਕਾਰਾਂ ਨੂੰ ਮੁਸ਼ਕਿਲਾਂ ਝੱਲਣੀਆਂ ਪੈ ਰਹੀਆਂ ਹਨ ਤੇ ਉਦਯੋਗ ਵੀ ਸੰਕਟ ਵਿਚ ਹਨ। ਸੂਬੇ ਭਰ ਵਿਚ ਡਿਪਟੀ ਕਮਿਸ਼ਨਰ, ਐਸ.ਡੀ. ਐਮ. ਦਫਤਰਾਂ ਤੋਂ ਇਲਾਵਾ ਪਾਵਰਕਾਮ ਦੇ ਚੀਫ ਇੰਜੀਨੀਅਰ ਦਫਤਰ ਤੇ ਗ੍ਰਿੱਡਾਂ ਦੇ ਸਾਹਮਣੇ ਵਿਸ਼ਾਲ ਰੋਸ ਧਰਨੇ ਦਿੱਤੇ ਗਏ ਜਿਸ ਦੌਰਾਨ ਅਕਾਲੀ ਵਰਕਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਪੁਤਲੇ ਫੂਕੇ। ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਮਜੀਠਾ ਵਿਚ ਵਿਸ਼ਾਲ ਰੋਸ ਧਰਨੇ ਦੀ ਅਗਵਾਈ ਕੀਤੀ, ਜਿਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਨੂੰ ਮੌਜੂਦਾ ਬਿਜਲੀ ਸੰਕਟ ਲਈ ਜ਼ਿੰਮੇਵਾਰ ਠਹਿਰਾਇਆ। ਅਕਾਲੀ ਵਰਕਰਾਂ ਨੇ ਜਲੰਧਰ ਵਿਚ ਸ਼ਕਤੀ ਸਦਨ ਦੇ ਬਾਹਰ ਚੀਫ ਇੰਜੀਨੀਅਰ ਦਫਤਰ ਦੇ ਬਾਹਰ ਵਿਸ਼ਾਲ ਰੋਸ ਮੁਜ਼ਾਹਰਾ ਕੀਤਾ। ਇਹ ਰੋਸ ਮੁਜ਼ਾਹਰਾ ਜਿਸਦੀ ਅਗਵਾਈ ਸ਼ਹਿਰੀ ਪ੍ਰਧਾਨ ਇਕਬਾਲ ਸਿੰਘ ਢੀਂਡਸਾ ਕਰ ਰਹੇ ਸਨ, ਦੌਰਾਨ ਪਾਰਟੀ ਵਰਕਰਾਂ ਨੇ ਭਗਵੰਤ ਮਾਨ ਤੇ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਪੁਤਲੇ ਵੀ ਸਾੜੇ। ਢੀਂਡਸਾ ਨੇ ਕਿਹਾ ਕਿ ਮੌਜੂਦਾ ਸੰਕਟ ‘ਆਪ’ ਸਰਕਾਰ ਦੇ ਕੁਪ੍ਰਬੰਧਨ ਦੇ ਮਾੜੀ ਯੋਜਨਾਬੰਦੀ ਦਾ ਨਤੀਜਾ ਹੈ। ਮੁਹਾਲੀ ਵਿਚ ਅਕਾਲੀ ਵਰਕਰਾਂ ਨੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਜਿਸ ਦੌਰਾਨ ਮੁੱਖ ਮੰਤਰੀ ਦਾ ਪੁਤਲਾ ਸਾੜਿਆ। ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਤੇ ਸੀਨੀਅਰ ਆਗੂ ਐਨ.ਕੇ. ਸ਼ਰਮਾ ਨੇ ਰੋਸ ਪ੍ਰਦਰਸ਼ਨ ਦੀ ਅਗਵਾਈ ਕੀਤੀ। ਰੋਪੜ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ 132 ਕੇ.ਵੀ. ਗ੍ਰਿੱਡ ਸਾਹਮਣੇ ਵਿਸ਼ਾਲ ਧਰਨੇ ਦੀ ਅਗਵਾਈ ਕੀਤੀ। ਡਾ. ਚੀਮਾ ਨੇ ਕਿਹਾ ਕਿ ਆਪ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੀ। ਉਸਨੂੰ ਨਿਰਵਿਘਨ ਸਪਲਾਈ ਯਕੀਨੀ ਬਣਾਉਣੀ ਚਾਹੀਦੀ ਹੈ। ਇਸ ਦੌਰਾਨ ਕੋਟਕਪੁਰਾ ਤੋਂ ਰਿਪੋਰਟ ਵਿਚ ਦੱਸਿਆ ਗਿਆ ਕਿ ਮਨਤਾਰ ਸਿੰਘ ਬਰਾੜ ਤੇ ਸ਼ੇਰ ਸਿੰਘ ਮੰਡ ਦੀ ਅਗਵਾਈ ਵਿਚ ਪਾਰਟੀ ਵਰਕਰਾਂ ਨੇ ਐਸ.ਡੀ.ਐਮ. ਦਫਤਰਾਂ ਮੂਹਰੇ ਵਿਸ਼ਾਲ ਧਰਨਾ ਦਿੱਤਾ। ਪਟਿਆਲਾ, ਬਠਿੰਡਾ, ਅੰਮ੍ਰਿਤਸਰ, ਗੁਰਦਾਸਪੁਰ, ਤਰਨ ਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਕਪੂਰਥਲਾ ਸਮੇਤ ਹੋਰ ਜ਼ਿਲ੍ਹਿਆਂ ਵਿਚ ਵੀ ਬਿਜਲੀ ਦਫਤਰਾਂ ਸਾਹਮਣੇ ਵਿਸ਼ਾਲ ਧਰਨੇ ਦਿੱਤੇ ਗਏ।