![]()
ਅੰਮ੍ਰਿਤਸਰ, 12 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਵਿਧਾਇਕਾਂ ਤੇ ਹਲਕਾ ਇੰਚਾਰਜਾਂ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਕੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਦੇ ਨਾਂਅ ਮੰਗ ਪੱਤਰ ਸੌਂਪਿਆ। ਵਫ਼ਦ ਨੇ 10 ਅਕਤੂਬਰ ਨੂੰ ਗੁਰਦੁਆਰਾ ਬੰਗਲਾ ਸਾਹਿਬ ਦੀ ਹਦੂਦ ਅੰਦਰ ਪੁਲਿਸ ਦੇ ਦਾਖ਼ਲੇ ਦੀ ਘਟਨਾ ’ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਵਫ਼ਦ ਦੀ ਅਗਵਾਈ ਕਰ ਰਹੇ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ, ਕੁਲਦੀਪ ਸਿੰਘ ਅਤੇ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਸ਼ ਲਾਇਆ ਕਿ ਪੁਲਿਸ ਮੁਲਾਜ਼ਮਾਂ ਵਲੋਂ ਬੂਟਾਂ ਸਮੇਤ ਤੇ ਨੰਗੇ ਸਿਰ ਗੁਰਦੁਆਰਾ ਸਾਹਿਬ ਦੀ ਹਦੂਦ ਅੰਦਰ ਦਾਖ਼ਲ ਹੋ ਕੇ ਧਾਰਮਿਕ ਮਰਿਆਦਾ ਦੀ ਉਲੰਘਣਾ ਕੀਤੀ ਗਈ। ਡਾ. ਨਿੱਜਰ ਨੇ 1984 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਹੋਰ ਗੁਰਧਾਮਾਂ ’ਤੇ ਹੋਏ ਫ਼ੌਜੀ ਹਮਲੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਿੱਖ ਕੌਮ ਅਜੇ ਵੀ ਉਸ ਦਰਦ ਨੂੰ ਨਹੀਂ ਭੁੱਲੀ। ਉਨ੍ਹਾਂ ਭਾਜਪਾ ਦੀਆਂ ਨੀਤੀਆਂ ਦੀ ਆਲੋਚਨਾ ਕਰਦਿਆਂ ਧਾਰਮਿਕ ਅਸਥਾਨਾਂ ਦੀ ਮਰਿਆਦਾ ਅਤੇ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ । ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਭੂਮਿਕਾ ’ਤੇ ਵੀ ਸਵਾਲ ਉਠਾਏ । ਉਨ੍ਹਾਂ ਦਾਅਵਾ ਕੀਤਾ ਕਿ ਹਰਸਿਮਰਤ ਕੌਰ ਬਾਦਲ ਵਲੋਂ ਘਟਨਾ ਦੀ ਨਿੰਦਾ ਕਰਦਿਆਂ ਸੋਸ਼ਲ ਮੀਡੀਆ ’ਤੇ ਪਾਈ ਗਈ ਪੋਸਟ ਕਥਿਤ ਤੌਰ ’ਤੇ ਭਾਜਪਾ ਦੇ ਸੀਨੀਅਰ ਆਗੂਆਂ ਦੇ ਦਬਾਅ ਹੇਠ ਹਟਾ ਦਿੱਤੀ ਗਈ ਸੀ। ਇਸ ਦੌਰਾਨ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਦੋਸ਼ ਲਾਇਆ ਕਿ ਉਨ੍ਹਾਂ ਨੂੰ ਦਲਿਤ ਹੋਣ ਕਾਰਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਚ ਦਾਖ਼ਲ ਹੋਣ ਤੋਂ ਰੋਕਿਆ ਗਿਆ। ਹਾਲਾਂਕਿ, ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਨਿੱਜੀ ਸਹਾਇਕ ਜਸਕਰਨ ਸਿੰਘ ਨੇ ਇਸ ਦੋਸ਼ਨੂੰ ਨਕਾਰਦਿਆਂ ਕਿਹਾ ਕਿ ਗਿਆਸਪੁਰਾ ਨੂੰ ਜਾਤੀ ਦੇ ਆਧਾਰ ’ਤੇ ਨਹੀਂ, ਸਗੋਂ ਸਿੱਖ ਸ਼ਖ਼ਸੀਅਤਾਂ ਤੇ ਸੰਸਥਾਵਾਂ ਬਾਰੇ ਕਥਿਤ ਇਤਰਾਜ਼ਯੋਗ ਸ਼ਬਦਾਵਲੀ ਵਰਤਣ ਕਾਰਨ ਰੋਕਿਆ ਗਿਆ । ਉਨ੍ਹਾਂ ਗਿਆਸਪੁਰਾ ਨੂੰ ਆਪਣੇ ਬਿਆਨਾਂ ਲਈ ਮੁਆਫ਼ੀ ਮੰਗਣ ਦੀ ਅਪੀਲ ਕੀਤੀ ਅਤੇ ਅਜਿਹਾ ਨਾ ਕਰਨ ’ਤੇ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੱਤੀ। ਜਸਕਰਨ ਸਿੰਘ ਨੇ ਦੱਸਿਆ ਕਿ ‘ਆਪ’ ਵਿਧਾਇਕਾਂ ਦਾ ਮੰਗ ਪੱਤਰ ਜਥੇਦਾਰ ਸਾਹਿਬ ਦੇ ਧਿਆਨ ਵਿਚ ਲਿਆਂਦਾ ਗਿਆ ਹੈ। ਮਾਮਲੇ ਦੀ ਘੋਖ-ਪੜਤਾਲ ਕੀਤੀ ਜਾਵੇਗੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਵੀ ਜਵਾਬ ਮੰਗਿਆ ਜਾ ਸਕਦਾ ਹੈ।