ਸੰਗਰੂਰ ’ਚ ਕੱਲ੍ਹ ਸੂਬਾ ਕਾਰਜਕਾਰਨੀ ਦੀ ਬੈਠਕ ’ਚ ਪੰਜਾਬ ਭਾਜਪਾ ਉਲੀਕੇਗੀ 2027 ਦੀ ਚੋਣ ਰਣਨੀਤੀ
ਚੰਡੀਗੜ੍ਹ, 14 ਅਕਤੂਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਭਾਜਪਾ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ 16 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਕਾਰਜਕਾਰਨੀ ਦੀ ਮੀਟਿੰਗ ਕੀਤੀ ਜਾਵੇਗੀ । ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਵਿਚ ਪਾਰਟੀ ਦੀ ਚੋਣ ਰਣਨੀਤੀ, ਸੰਗਠਨਾਤਮਕ ਮਜ਼ਬੂਤੀ ਤੇ ਪੰਜਾਬ ਦੇ ਮੌਜੂਦਾ ਸਿਆਸੀ ਤੇ ਆਰਥਿਕ ਹਾਲਾਤ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ ।
ਚੰਡੀਗੜ੍ਹ, 14 ਅਕਤੂਬਰ (ਸੰਦੀਪ ਕੁਮਾਰ ਮਾਹਨਾ) – ਪੰਜਾਬ ਭਾਜਪਾ ਵਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ 16 ਅਕਤੂਬਰ ਨੂੰ ਸੰਗਰੂਰ ਵਿਖੇ ਸੂਬਾ ਕਾਰਜਕਾਰਨੀ ਦੀ ਮੀਟਿੰਗ ਕੀਤੀ ਜਾਵੇਗੀ । ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਣ ਵਾਲੀ ਇਸ ਮੀਟਿੰਗ ਵਿਚ ਪਾਰਟੀ ਦੀ ਚੋਣ ਰਣਨੀਤੀ, ਸੰਗਠਨਾਤਮਕ ਮਜ਼ਬੂਤੀ ਤੇ ਪੰਜਾਬ ਦੇ ਮੌਜੂਦਾ ਸਿਆਸੀ ਤੇ ਆਰਥਿਕ ਹਾਲਾਤ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ । ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ ਵਲੋਂ ਜਾਰੀ ਬਿਆਨ ਅਨੁਸਾਰ, ਕੇਂਦਰੀ ਮੰਤਰੀ ਡਾ. ਜਿਤੇਂਦਰ ਸਿੰਘ, ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਕੌਮੀ ਜਨਰਲ ਸਕੱਤਰ ਤਰੁਣ ਚੁੱਘ, ਸਹਿ-ਇੰਚਾਰਜ ਵਰਿੰਦਰ ਸਚਦੇਵਾ ਅਤੇ ਸੰਸਦ ਮੈਂਬਰ ਡਾ. ਅਲਕਾ ਗੁਰਜਰ ਸਮੇਤ ਕਈ ਸੀਨੀਅਰ ਆਗੂ ਮੀਟਿੰਗ ਵਿਚ ਸ਼ਾਮਿਲ ਹੋਣਗੇ । ਮੀਟਿੰਗ ਦਾ ਮੁੱਖ ਉਦੇਸ਼ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੇ ਆਧਾਰ ਨੂੰ ਮਜ਼ਬੂਤ ਕਰਨਾ, ਜਥੇਬੰਦਕ ਕਾਰਗੁਜ਼ਾਰੀ ਦੀ ਸਮੀਖਿਆ ਕਰਨਾ ਤੇ ਲੋਕਾਂ ਨਾਲ ਸੰਪਰਕ ਵਧਾਉਣ ਲਈ ਯੋਜਨਾ ਤਿਆਰ ਕਰਨਾ ਹੈ । ਇਸ ਵਿਚ ਸੂਬਾ ਤੇ ਜ਼ਿਲ੍ਹਾ ਪੱਧਰ ਦੇ ਅਹੁਦੇਦਾਰਾਂ, ਸੰਸਦ ਮੈਂਬਰਾਂ, ਵਿਧਾਇਕਾਂ ਅਤੇ ਪਾਰਟੀ ਦੇ ਹੋਰ ਪ੍ਰਮੁੱਖ ਆਗੂਆਂ ਦੀ ਸ਼ਮੂਲੀਅਤ ਹੋਵੇਗੀ । ਮੀਟਿੰਗ ਦੌਰਾਨ ਕਿਸਾਨਾਂ ਦੀਆਂ ਸਮੱਸਿਆਵਾਂ, ਨਸ਼ਿਆਂ ਦਾ ਵਧਦਾ ਪ੍ਰਕੋਪ, ਸਰਕਾਰੀ ਮੁਲਾਜ਼ਮਾਂ ਦੇ ਬਕਾਇਆ ਮਹਿੰਗਾਈ ਭੱਤੇ, ਕਾਨੂੰਨ-ਵਿਵਸਥਾ, ਔਰਤਾਂ ਦੀ ਸੁਰੱਖਿਆ ਅਤੇ ਪੰਜਾਬ ਦੀ ਆਰਥਿਕ ਸਥਿਤੀ ਵਰਗੇ ਅਹਿਮ ਮੁੱਦੇ ਵਿਚਾਰੇ ਜਾਣਗੇ । ਇਨ੍ਹਾਂ ਮਸਲਿਆਂ ਸਬੰਧੀ ਮਤੇ ਵੀ ਪਾਸ ਕੀਤੇ ਜਾਣਗੇ । ਪਾਰਟੀ ਆਗੂ ਇਨ੍ਹਾਂ ਮੁੱਦਿਆਂ ਨੂੰ ਆਧਾਰ ਬਣਾ ਕੇ ਆਉਣ ਵਾਲੀਆਂ ਚੋਣਾਂ ਲਈ ਆਪਣੀਆਂ ਤਰਜੀਹਾਂ ਨਿਰਧਾਰਤ ਕਰਨਗੇ ਅਤੇ ਚੋਣ ਪ੍ਰਚਾਰ ਦੀ ਰੂਪ-ਰੇਖਾ ਤਿਆਰ ਕਰਨਗੇ ।