ਜੱਦੀ ਪਿੰਡ ਭੰਮੇ ਕਲਾਂ ਵਿਖੇ ਹੋਵੇਗਾ ਦਲਜੀਤ ਸਿੰਘ ਦਾ ਅੰਤਿਮ ਸੰਸਕਾਰ ਪਰਿਵਾਰ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਹਾਈ ਕੋਰਟ ਨੇ ਬਦਲਿਆ ਪਹਿਲਾ ਹੁਕਮ
ਚੰਡੀਗੜ੍ਹ, 4 ਨਵੰਬਰ (ਪ੍ਰੋ. ਅਵਤਾਰ ਸਿੰਘ) -ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਲਜੀਤ ਸਿੰਘ ਦੇ ਅੰਤਿਮ ਸੰਸਕਾਰ ਦਾ ਸਥਾਨ ਬਦਲਦਿਆਂ ਚੰਡੀਗੜ੍ਹ ਦੇ ਸੈਕਟਰ-25 ਸਥਿਤ ਸ਼ਮਸ਼ਾਨਘਾਟ ਦੀ ਬਜਾਏ ਉਨ੍ਹਾਂ ਦੇ ਜੱਦੀ ਪਿੰਡ ਭੰਮੇ ਕਲਾਂ, ਜ਼ਿਲ੍ਹਾ ਮਾਨਸਾ ਵਿਖੇ ਅੰਤਿਮ ਰਸਮਾਂ ਕਰਨ ਦੇ ਹੁਕਮ ਦਿੱਤੇ ਹਨ।
ਚੰਡੀਗੜ੍ਹ, 4 ਨਵੰਬਰ (ਪ੍ਰੋ. ਅਵਤਾਰ ਸਿੰਘ) -ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਲਜੀਤ ਸਿੰਘ ਦੇ ਅੰਤਿਮ ਸੰਸਕਾਰ ਦਾ ਸਥਾਨ ਬਦਲਦਿਆਂ ਚੰਡੀਗੜ੍ਹ ਦੇ ਸੈਕਟਰ-25 ਸਥਿਤ ਸ਼ਮਸ਼ਾਨਘਾਟ ਦੀ ਬਜਾਏ ਉਨ੍ਹਾਂ ਦੇ ਜੱਦੀ ਪਿੰਡ ਭੰਮੇ ਕਲਾਂ, ਜ਼ਿਲ੍ਹਾ ਮਾਨਸਾ ਵਿਖੇ ਅੰਤਿਮ ਰਸਮਾਂ ਕਰਨ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਪਰਿਵਾਰ ਦੀਆਂ ਭਾਵਨਾਵਾਂ ਅਤੇ ਰਵਾਇਤਾਂ ਨੂੰ ਧਿਆਨ ਵਿਚ ਰੱਖਦਿਆਂ 5 ਨਵੰਬਰ ਨੂੰ ਦੁਪਹਿਰ 12 ਵਜੇ ਤੋਂ ਪਹਿਲਾਂ ਅੰਤਿਮ ਸੰਸਕਾਰ ਕਰਨ ਦੇ ਨਿਰਦੇਸ਼ ਦਿੱਤੇ। ਜਸਟਿਸ ਸੰਜੇ ਵਸ਼ਿਸ਼ਠ ਦੇ ਬੈਂਚ ਨੇ ਮ੍ਰਿਤਕ ਦੀ ਪਤਨੀ ਪਰਮਜੀਤ ਕੌਰ ਅਤੇ ਮਾਤਾ ਸ਼ਿੰਦਰ ਕੌਰ ਨੂੰ ਮਾਮਲੇ ਵਿਚ ਧਿਰ ਬਣਾਉਣ ਦੀ ਇਜਾਜ਼ਤ ਦਿੰਦਿਆਂ 3 ਨਵੰਬਰ ਨੂੰ ਜਾਰੀ ਆਪਣੇ ਪੁਰਾਣੇ ਹੁਕਮ ਵਿਚ ਸੋਧ ਕੀਤੀ। ਇਹ ਹੁਕਮ ਮ੍ਰਿਤਕ ਦੀ ਭੈਣ ਅਮਰਜੀਤ ਕੌਰ ਵਲੋਂ ਦਾਇਰ ਪਟੀਸ਼ਨ ’ਤੇ ਸੁਣਵਾਈ ਦੌਰਾਨ ਦਿੱਤਾ ਗਿਆ। ਪਹਿਲਾਂ ਹਾਈਕੋਰਟ ਨੇ ਪੀ.ਜੀ.ਆਈ. ਚੰਡੀਗੜ੍ਹ ਵਿਖੇ ਦੁਬਾਰਾ ਪੋਸਟਮਾਰਟਮ ਤੋਂ ਬਾਅਦ ਸੈਕਟਰ-25 ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ਸੰਸਕਾਰ ਕਰਨ ਦੇ ਨਿਰਦੇਸ਼ ਦਿੱਤੇ ਸਨ। ਬਾਅਦ ਵਿਚ ਪਤਨੀ ਅਤੇ ਮਾਤਾ ਨੇ ਅੰਤਿਮ ਸੰਸਕਾਰ ਜੱਦੀ ਪਿੰਡ ਵਿਚ ਕਰਵਾਉਣ ਦੀ ਮੰਗ ਕੀਤੀ। ਬੁੱਧਵਾਰ ਨੂੰ ਸੁਣਵਾਈ ਦੌਰਾਨ ਪਤਨੀ ਪਰਮਜੀਤ ਕੌਰ ਅਤੇ ਭੈਣ ਅਮਰਜੀਤ ਕੌਰ ਅਦਾਲਤ ਵਿਚ ਮੌਜੂਦ ਸਨ। ਭੈਣ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਪੀ.ਐਸ. ਅਹਲੂਵਾਲੀਆ ਨੇ ਸਥਾਨ ਬਦਲਣ ’ਤੇ ਕੋਈ ਇਤਰਾਜ਼ ਨਾ ਹੋਣ ਦੀ ਗੱਲ ਕਹੀ। ਅਦਾਲਤ ਨੇ ਪਰਿਵਾਰ ਦੀ ਸਹਿਮਤੀ ਦਰਜ ਕਰਦਿਆਂ ਫ਼ੈਸਲਾ ਕੀਤਾ ਕਿ ਮ੍ਰਿਤਕ ਦੇਹ ਨੂੰ ਸਿੱਧਾ ਘਰ ਲਿਜਾਣ ਦੀ ਬਜਾਏ ਪਿੰਡ ਦੇ ਸ਼ਮਸ਼ਾਨਘਾਟ ਵਿਖੇ ਪਹੁੰਚਾਇਆ ਜਾਵੇਗਾ। ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਨੂੰ ਪੀ.ਜੀ.ਆਈ. ਦੀ ਮੁਰਦਾਘਰ ਵਿਚ ਰੱਖਿਆ ਜਾਵੇਗਾ। ਲੋੜੀਂਦੀਆਂ ਕਾਰਵਾਈਆਂ ਪੂਰੀਆਂ ਹੋਣ ’ਤੇ ਪੀ.ਜੀ.ਆਈ. ਪ੍ਰਸ਼ਾਸਨ ਇਸ ਨੂੰ ਪੁਲਿਸ ਅਧਿਕਾਰੀਆਂ ਦੀ ਸਾਂਝੀ ਟੀਮ ਦੇ ਹਵਾਲੇ ਕਰੇਗਾ, ਜੋ ਸੁਰੱਖਿਆ ਹੇਠ ਭਾਮੇ ਕਲਾਂ ਲੈ ਕੇ ਜਾਵੇਗੀ। ਹਾਈਕੋਰਟ ਨੇ ਸਿਆਸੀ ਪਾਰਟੀਆਂ, ਆਗੂਆਂ ਅਤੇ ਜਥੇਬੰਦੀਆਂ ਨੂੰ ਅੰਤਿਮ ਸੰਸਕਾਰ ਵਿਚ ਦਖ਼ਲ ਦੇਣ ਤੋਂ ਰੋਕਦਿਆਂ ਪੰਜਾਬ ਦੇ ਪੁਲਿਸ ਮੁਖੀ ਨੂੰ ਸੁਰੱਖਿਆ ਦੇ ਢੁਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਹਨ।