30 ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ ਮੀਟਿੰਗ
ਚੰਡੀਗੜ੍ਹ, 27 ਨਵੰਬਰ (ਪ੍ਰੋ. ਅਵਤਾਰ ਸਿੰਘ)-ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ ਨੂੰ ਲੈ ਕੇ ਪਿਛਲੇ ਸਮੇਂ ਤੋਂ ਬਣੇ ਮਤਭੇਦਾਂ ਨੂੰ ਦੂਰ ਕਰਨ ਅਤੇ ਵਿਚਾਰ-ਵਟਾਂਦਰੇ ਰਾਹੀਂ ਸਾਂਝੀ ਸਹਿਮਤੀ ਬਣਾਉਣ ਦੀ ਦਿਸ਼ਾ ਵਿਚ ਅਹਿਮ ਪਹਿਲਕਦਮੀ ਹੋਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਕਮੇਟੀ ਦੇ ਸੱਦੇ ’ਤੇ ਸਰਕਾਰ ਵਲੋਂ ਗਠਿਤ ਤਾਲਮੇਲ ਕਮੇਟੀ 30 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੀ ਮੀਟਿੰਗ ਵਿਚ ਸ਼ਮੂਲੀਅਤ ਕਰੇਗੀ। ਇਸ ਸੰਬੰਧੀ ਫ਼ੈਸਲਾ ਅੱਜ ਚੰਡੀਗੜ੍ਹ ਸਥਿਤ ਕਿਸਾਨ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਲਿਆ ਗਿਆ। ਮੀਟਿੰਗ ਉਪਰੰਤ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਕਮੇਟੀ ਨੇ 30 ਨਵੰਬਰ ਨੂੰ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੀਟਿੰਗ ਰੱਖੀ ਹੈ, ਜਿਸ ਵਿਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਤਾਲਮੇਲ ਕਮੇਟੀ ਵਲੋਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਸ਼ਾਮਿਲ ਹੋ ਕੇ ਸਤਿਕਾਰ ਸੋਧ ਐਕਟ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਕਿਸਾਨ ਭਵਨ ਵਿਖੇ ਹੋਈ ਮੀਟਿੰਗ ਦੌਰਾਨ ਤਾਲਮੇਲ ਕਮੇਟੀ ਦੇ ਕਈ ਹੋਰ ਮੈਂਬਰ ਵੀ ਮੌਜੂਦ ਸਨ। 30 ਨਵੰਬਰ ਦੀ ਮੀਟਿੰਗ ਵਿਚ ਦੋਵਾਂ ਕਮੇਟੀਆਂ ਵਿਚਕਾਰ ਸਤਿਕਾਰ ਸੋਧ ਐਕਟ ਦੇ ਵੱਖ-ਵੱਖ ਪ੍ਰਬੰਧਾਂ, ਇਸ ਦੀ ਲੋੜ ਅਤੇ ਇਸ ਨਾਲ ਜੁੜੇ ਇਤਰਾਜ਼ਾਂ ਬਾਰੇ ਕੀ ਵਿਚਾਰ ਸਾਹਮਣੇ ਆਉਂਦੇ ਹਨ, ਇਹ ਦੇਖਣਾ ਅਹਿਮ ਹੋਵੇਗਾ। ਸਭ ਤੋਂ ਮਹੱਤਵਪੂਰਨ ਪਹਿਲੂ ਇਹ ਰਹੇਗਾ ਕਿ ਕੀ ਦੋਵੇਂ ਕਮੇਟੀਆਂ ਆਪਣੇ ਪਿਛਲੇ ਮਤਭੇਦਾਂ ਨੂੰ ਪਾਸੇ ਰੱਖ ਕੇ ਕਿਸੇ ਸਾਂਝੇ ਨਤੀਜੇ ’ਤੇ ਪਹੁੰਚ ਸਕਦੀਆਂ ਹਨ ਜਾਂ ਨਹੀਂ। ਇਸ ਬੈਠਕ ਦੇ ਨਤੀਜਿਆਂ ’ਤੇ ਸਿੱਖ ਹਲਕਿਆਂ ਦੀ ਵਿਸ਼ੇਸ਼ ਨਜ਼ਰ ਰਹੇਗੀ।