ਮਲੋਟ, 26 ਮਾਰਚ (ਅਜਮੇਰ ਸਿੰਘ ਬਰਾੜ)-ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕਿ੍ਸ਼ੀ ਵਿਗਿਆਨ ਕੇਂਦਰ ਸ੍ਰੀ ਮੁਕਤਸਰ ਸਾਹਿਬ ਵਲੋਂ ਪਰਾਲੀ ਪ੍ਰਬੰਧਨ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਖੇਤ ਦਿਵਸ ਮਨਾਏ ਜਾ ਰਹੇ ਹਨ | ਮਲੋਟ ਬਲਾਕ ਦੇ ਪਿੰਡ ਤਰਖਾਣ ਵਾਲਾ ਵਿਖੇ ਇਲਾਕੇ ਦੇ ਕਿਸਾਨਾਂ ਨੇ ਵੱਡੀ ਗਿਣਤੀ ਵਿਚ ਭਾਗ ਲਿਆ | ਇਸ ਮੌਕੇ ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਪਰਾਲੀ ਸਾੜਨ ਨਾਲ ਵਾਤਾਵਰਨ ਤੇ ਮਿੱਟੀ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਪਰਾਲੀ ਪ੍ਰਬੰਧਨ ਤਕਨੀਕਾਂ ਨੂੰ ਅਪਣਾਉਣ ਨਾਲ ਨਾ ਸਿਰਫ਼ ਵਾਤਾਵਰਨ ਦੀ ਸੁਰੱਖਿਆ ਹੁੰਦੀ ਹੈ, ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵਿਚ ਸੁਧਾਰ ਤੇ ਖੇਤੀ ਖਰਚਿਆਂ ਵਿਚ ਕਮੀ ਵੀ ਆਉਂਦੀ ਹੈ | ਉਨ੍ਹਾਂ ਕਿਸਾਨਾਂ ਨੂੰ ਪਰਾਲੀ ਦਾ ਸੁਚੱਜਾ ਪ੍ਰਬੰਧਨ ਅਪਣਾਉਣ ਲਈ ਪ੍ਰੇਰਿਤ ਕੀਤਾ | ਇਸ ਦੌਰਾਨ ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਨਾਲ ਸੰਬੰਧਿਤ ਵੱਖ-ਵੱਖ ਤਕਨੀਕਾਂ ਅਤੇ ਮਸ਼ੀਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਖੇਤ ਵਿਚ ਹੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਦੇ ਲਾਭ ਸਮਝਾਏ | ਡਾ. ਸੁਖਜਿੰਦਰ ਸਿੰਘ ਮਾਨ ਸਹਾਇਕ ਪ੍ਰੋਫੈਸਰ (ਫ਼ਲ ਵਿਗਿਆਨ) ਨੇ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਤੇ ਬਾਗਬਾਨੀ ਫਸਲਾਂ ਦੀ ਅਹਿਮੀਅਤ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਆਪਣੀ ਘਰੇਲੂ ਲੋੜਾਂ ਦੀ ਪੂਰਤੀ ਲਈ ਪੌਸ਼ਟਿਕ ਬਗੀਚੀ ਲਗਾਉਣ ਲਈ ਪ੍ਰੇਰਿਤ ਕੀਤਾ | ਇਨ੍ਰਾਂ ਪ੍ਰੋਗਰਾਮਾਂ ਦੌਰਾਨ ਇਹ ਗੱਲ ਖਾਸ ਤੌਰ 'ਤੇ ਸਾਹਮਣੇ ਆਈ ਕਿ ਪਿਛਲੇ ਸਾਲਾਂ ਦੇ ਮੁਕਾਬਲੇ ਇਸ ਵਾਰ ਕਿਸਾਨਾਂ ਨੇ ਪਰਾਲੀ ਵਾਲੇ ਖੇਤਾਂ ਵਿਚ ਕਣਕ ਦੀ ਕਾਸ਼ਤ ਦੌਰਾਨ ਬਹੁਤ ਘੱਟ ਦਿੱਕਤਾਂ ਦਾ ਸਾਹਮਣਾ ਕੀਤਾ, ਜੋ ਕਿ ਪਰਾਲੀ ਪ੍ਰਬੰਧਨ ਤਕਨੀਕਾਂ ਬਾਰੇ ਕਿਸਾਨਾਂ ਦੀ ਵਧਦੀ ਸਮਝ, ਸੁਧਰੇ ਹੁਨਰ ਅਤੇ ਬਿਹਤਰ ਤਿਆਰੀ ਨੂੰ ਦਰਸਾਉਂਦਾ ਹੈ | ਪ੍ਰੋਗਰਾਮ ਦੇ ਅਖੀਰ 'ਚ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪਰਾਲੀ ਸਾੜਨ ਦੀ ਬਜਾਏ ਇਸ ਦਾ ਸੁਚੱਜਾ ਪ੍ਰਬੰਧਨ ਅਪਣਾ ਕੇ ਵਾਤਾਵਰਨ ਦੀ ਸੁਰੱਖਿਆ ਅਤੇ ਟਿਕਾਊ ਖੇਤੀ ਵੱਲ ਕਦਮ ਵਧਾਉਣ |