ਠੱਠੀ ਭਾਈ, 30 ਮਾਰਚ (ਜਗਰੂਪ ਸਿੰਘ ਮਠਾੜੂ)-ਪਿੰਡ ਸੇਖਾ ਕਲਾਂ ਵਿਚ ਲਗਾਤਾਰ ਹੋ ਰਹੀਆਂ ਚੋਰੀਆਂ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਦਿੱਤਾ ਹੈ | ਚੋਰਾਂ ਵਲੋਂ ਰਾਤ ਦੇ ਹਨੇਰੇ ਵਿਚ ਤਹਿਲਕਾ ਮਚਾਉਂਦਿਆਂ ਕਿਸਾਨਾਂ ਦੀਆਂ ਬਿਜਲੀ ਵਾਲੀਆਂ ਕੇਬਲਾਂ ਵੱਢ ਕੇ ਹਜ਼ਾਰਾਂ ਰੁਪਏ ਦਾ ਨੁਕਸਾਨ ਕੀਤਾ ਜਾ ਰਿਹਾ ਹੈ, ਜਿਸ ਕਾਰਨ ਕਿਸਾਨ ਵਰਗ ਵਿਚ ਭਾਰੀ ਗ਼ੁੱਸਾ ਅਤੇ ਨਿਰਾਸ਼ਾ ਪਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਬਲਾਕ ਸਮਾਲਸਰ ਦੇ ਪ੍ਰਧਾਨ ਹਰਦੀਸ਼ ਸਿੰਘ ਸਿੱਧੂ, ਜਸਵੰਤ ਸਿੰਘ ਕਾਕਾ ਸਿੱਧੂ, ਗੁਰਪ੍ਰੀਤ ਸਿੰਘ ਨੰਬਰਦਾਰ, ਬਲਦੇਵ ਸਿੰਘ ਸਿੱਧੂ (ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ), ਕਿਸਾਨ ਯੂਨੀਅਨ ਦੇ ਪ੍ਰਧਾਨ ਕੇਵਲ ਸਿੰਘ, ਗੁਰਲਾਲ ਸਿੰਘ ਨੰਬਰਦਾਰ, ਜੀਤ ਸਿੰਘ, ਮਾਸਟਰ ਰਾਜਵਿੰਦਰ ਸਿੰਘ, ਗੁਰਵੀਰ ਸਿੱਧੂ, ਸੁਖਚੈਨ ਚੈਨਾ ਸਮੇਤ ਦਰਜਨਾਂ ਕਿਸਾਨਾਂ ਨੇ ਦੱਸਿਆ ਕਿ ਪਿੰਡ ਵਿਚ ਚੋਰਾਂ ਨੇ ਦਹਿਸ਼ਤ ਦਾ ਰਾਜ ਕਾਇਮ ਕਰ ਦਿੱਤਾ ਹੈ | ਉਨ੍ਹਾਂ ਦੱਸਿਆ ਕਿ ਇਹ ਕੋਈ ਪਹਿਲੀ ਵਾਰ ਨਹੀਂ, ਸਗੋਂ ਲਗਾਤਾਰ ਤੀਜੀ ਵਾਰ ਉਨ੍ਹਾਂ ਦੀਆਂ ਕੇਬਲਾਂ ਚੋਰੀ ਹੋਈਆਂ ਹਨ | ਬੀਤੀ ਰਾਤ ਵੀ ਲਗਭਗ ਦਰਜਨ ਦੇ ਕਰੀਬ ਕਿਸਾਨਾਂ ਦੀਆਂ ਕੇਬਲਾਂ ਵੱਢ ਕੇ ਚੋਰੀ ਕਰ ਲਈਆਂ ਗਈਆਂ, ਜਿਸ ਨਾਲ ਕਿਸਾਨਾਂ ਨੂੰ ਵੱਡਾ ਆਰਥਿਕ ਝਟਕਾ ਲੱਗਿਆ ਹੈ | ਚੋਰੀਆਂ ਦੀਆਂ ਵਾਰਦਾਤਾਂ ਕਾਰਨ ਪਿੰਡ ਵਿਚ ਹਰ ਪਾਸੇ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣ ਗਿਆ ਹੈ ਅਤੇ ਕਿਸਾਨ ਰਾਤਾਂ ਨੂੰ ਖੇਤਾਂ ਵਿਚ ਪਹਿਰੇਦਾਰੀ ਕਰਨ ਲਈ ਮਜਬੂਰ ਹੋ ਰਹੇ ਹਨ | ਕਿਸਾਨਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਦੀ ਕਾਰਗੁਜ਼ਾਰੀ 'ਤੇ ਸਵਾਲ ਚੁੱਕਦਿਆਂ ਕਿਹਾ ਕਿ ਲਗਾਤਾਰ ਹੋ ਰਹੀਆਂ ਚੋਰੀਆਂ ਦੇ ਬਾਵਜੂਦ ਪੁਲਿਸ ਵਲੋਂ ਕੋਈ ਢੰਗ ਦੀ ਕਾਰਵਾਈ ਨਹੀਂ ਕੀਤੀ ਜਾ ਰਹੀ, ਜਿਸ ਨਾਲ ਚੋਰਾਂ ਦੇ ਹੌਸਲੇ ਹੋਰ ਵੀ ਬੁਲੰਦ ਹੋ ਰਹੇ ਹਨ | ਉਨ੍ਹਾਂ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਤੁਰੰਤ ਸਖ਼ਤ ਕਦਮ ਚੁੱਕੇ ਜਾਣ ਅਤੇ ਚੋਰੀਆਂ ਦੇ ਇਸ ਦਹਿਸ਼ਤ ਭਰੇ ਸਿਲਸਿਲੇ ਨੂੰ ਰੋਕਣ ਲਈ ਦੋਸ਼ੀਆਂ ਨੂੰ ਜਲਦ ਕਾਬੂ ਕਰਕੇ ਕੜੀ ਸਜ਼ਾ ਦਿੱਤੀ ਜਾਵੇ, ਤਾਂ ਜੋ ਕਿਸਾਨਾਂ ਨੂੰ ਰਾਹਤ ਮਿਲ ਸਕੇ ਅਤੇ ਪਿੰਡ ਵਿਚ ਦੁਬਾਰਾ ਸ਼ਾਂਤੀ ਕਾਇਮ ਹੋ ਸਕੇ |