ਮੋਗਾ, 30 ਮਾਰਚ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਵਿਚ ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ. ਗੈਸ ਦਾ ਪੂਰਾ ਅਤੇ ਨਿਯਮਿਤ ਸਟਾਕ ਉਪਲਬਧ ਹੈ ਅਤੇ ਕਿਸੇ ਵੀ ਪੈਟਰੋਲੀਅਮ ਉਤਪਾਦ ਦੀ ਕੋਈ ਕਮੀ ਨਹੀਂ ਹੈ | ਪਿਛਲੇ ਕੁਝ ਦਿਨਾਂ ਦੌਰਾਨ ਸੋਸ਼ਲ ਮੀਡੀਆ 'ਤੇ ਫੈਲੀਆਂ ਅਫ਼ਵਾਹਾਂ ਕਾਰਨ ਮੰਗ ਵਿਚ ਅਚਾਨਕ ਵਾਧਾ ਦੇਖਣ ਨੂੰ ਮਿਲਿਆ ਸੀ, ਪਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਤੇਲ ਕੰਪਨੀਆਂ ਨਾਲ ਤਾਲਮੇਲ ਕਰ ਕੇ ਲੋਕਾਂ ਦੀ ਮੰਗ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀ ਪੂਰੀ ਸਪਲਾਈ ਯਕੀਨੀ ਬਣਾਈ ਗਈ ਹੈ | ਇਸ ਸਮੇਂ ਜ਼ਿਲ੍ਹੇ ਦੇ ਕਿਸੇ ਵੀ ਪੈਟਰੋਲ ਪੰਪ 'ਤੇ ਕੋਈ ਭੀੜ ਜਾਂ ਲਾਈਨ ਨਹੀਂ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਅਫ਼ਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਕੇਵਲ ਭਰੋਸੇਯੋਗ ਸਰਕਾਰੀ ਜਾਣਕਾਰੀ 'ਤੇ ਹੀ ਨਿਰਭਰ ਰਹਿਣ | ਜੇਕਰ ਕੋਈ ਵਿਅਕਤੀ ਗ਼ਲਤ ਜਾਣਕਾਰੀ ਫੈਲਾਉਂਦਾ ਜਾਂ ਅਫ਼ਵਾਹਾਂ ਪੈਦਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਪੈਟਰੋਲ ਪੰਪ ਡੀਲਰਾਂ ਨੂੰ ਵੀ ਹੁਕਮ ਦਿੱਤੇ ਹਨ ਕਿ ਤੇਲ ਦੀ ਜਮਾਂਖੋਰੀ ਨੂੰ ਰੋਕਣ ਲਈ ਪੂਰਾ ਸਹਿਯੋਗ ਦਿੱਤਾ ਜਾਵੇ | ਕਿਸੇ ਵੀ ਵਿਅਕਤੀ ਨੂੰ ਲੋੜ ਤੋਂ ਵੱਧ ਤੇਲ ਜਾਰੀ ਨਾ ਕੀਤਾ ਜਾਵੇ ਅਤੇ ਕੇਵਲ ਵਾਹਨਾਂ ਵਿਚ ਹੀ ਪੈਟਰੋਲ ਭਰਿਆ ਜਾਵੇ | ਕਿਸੇ ਵੀ ਕਿਸਮ ਦੇ ਕਨਟੇਨਰ, ਬੋਤਲਾਂ ਜਾਂ ਡਰੰਮਾਂ ਵਿਚ ਪੈਟਰੋਲ ਜਾਰੀ ਕਰਨ 'ਤੇ ਪਾਬੰਦੀ ਰਹੇਗੀ | ਡਿਪਟੀ ਕਮਿਸ਼ਨਰ ਨੇ ਘਰੇਲੂ ਗੈਸ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿਚ ਵਾਧੂ ਸਿਲੰਡਰ ਇਕੱਠੇ ਨਾ ਕਰਨ ਅਤੇ ਸਿਰਫ਼ ਲੋੜ ਅਨੁਸਾਰ ਹੀ ਗੈਸ ਦੀ ਬੁਕਿੰਗ ਕਰਵਾਉਣ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਗੈਸ ਦੀ ਜਮਾਂਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ ਅਤੇ ਸਬੰਧਿਤ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ | ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿਚ ਵਪਾਰਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀ ਸਪਲਾਈ ਵੀ ਸੁਚਾਰੂ ਢੰਗ ਨਾਲ ਜਾਰੀ ਹੈ | ਅੰਤ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ 'ਤੇ ਫੈਲ ਰਹੀਆਂ ਗ਼ਲਤ ਅਫ਼ਵਾਹਾਂ ਕਾਰਨ ਘਬਰਾਹਟ ਵਿਚ ਆ ਕੇ ਪੈਟਰੋਲ, ਡੀਜ਼ਲ ਜਾਂ ਗੈਸ ਖ਼ਰੀਦਣ ਲਈ ਲਾਈਨਾਂ ਨਾ ਲਗਾਈਆਂ ਜਾਣ | ਸਰਕਾਰ ਵਲੋਂ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਨਿਰੰਤਰ ਅਤੇ ਬਿਨਾਂ ਰੁਕਾਵਟ ਜਾਰੀ ਹੈ |