ਮੋਗਾ, 30 ਮਾਰਚ (ਸੁਰਿੰਦਰਪਾਲ ਸਿੰਘ)-ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਪੰਜਾਬ (ਏਟਕ) ਦੇ ਸੂਬਾ ਜਨਰਲ ਸਕੱਤਰ ਜਗਸੀਰ ਸਿੰਘ ਖੋਸਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਯੂਨੀਅਨ ਵਲੋਂ 1 ਅਤੇ 2 ਅਪ੍ਰੈਲ ਨੂੰ ਬੇਰੁਜ਼ਗਾਰੀ ਭੱਤਾ ਪ੍ਰਾਪਤ ਕਰਨ ਲਈ ਪੰਜਾਬ ਭਰ ਵਿਚ ਜ਼ਿਲ੍ਹਾ ਪੱਧਰੀ ਦਿੱਤੇ ਜਾਣ ਵਾਲੇ ਧਰਨਿਆਂ ਦੀ ਤਰੀਕ ਵਿਚ ਤਬਦੀਲੀ ਕੀਤੀ ਗਈ ਹੈ | ਉਨ੍ਹਾਂ ਕਿਹਾ ਕਿ ਹੁਣ ਇਹ ਧਰਨੇ 10 ਅਪ੍ਰੈਲ ਨੂੰ ਦਿੱਤੇ ਜਾਣਗੇ | ਉਨ੍ਹਾਂ ਕਿਹਾ ਕਿ ਕੁਝ ਨਾ ਟਾਲੇ ਜਾ ਸਕਣ ਵਾਲੇ ਕਾਰਨਾਂ ਕਰ ਕੇ ਇਹ ਫ਼ੈਸਲਾ ਕੀਤਾ ਗਿਆ | ਜਗਸੀਰ ਸਿੰਘ ਖੋਸਾ ਨੇ ਸਾਰੇ ਨਰੇਗਾ ਮਜ਼ਦੂਰਾਂ ਨੂੰ ਅਪੀਲ ਕੀਤੀ ਕਿ ਉਹ 10 ਅਪ੍ਰੈਲ ਨੂੰ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਅਤੇ ਆਪਣੇ ਹੱਕਾਂ ਲਈ ਇਕੱਠੇ ਹੋ ਕੇ ਆਵਾਜ਼ ਬੁਲੰਦ ਕਰਨ | ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਭੱਤਾ ਮਜ਼ਦੂਰਾਂ ਦਾ ਹੱਕ ਹੈ ਅਤੇ ਇਸ ਨੂੰ ਪ੍ਰਾਪਤ ਕਰਨ ਲਈ ਸੰਘਰਸ਼ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ | ਯੂਨੀਅਨ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਮਜ਼ਦੂਰਾਂ ਦੀਆਂ ਜਾਇਜ਼ ਮੰਗਾਂ ਨੂੰ ਜਲਦੀ ਪੂਰਾ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਵਿਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ |