ਕਿਸ਼ਨਪੁਰਾ ਕਲਾਂ, 30 ਮਾਰਚ (ਅਮੋਲਕ ਸਿੰਘ ਕਲਸੀ)-ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਖ਼ਾਲਸਾ ਨੂੰ ਪਾਰਲੀਮੈਂਟ ਚੋਣਾਂ ਸਮੇਂ ਭਾਰੀ ਬਹੁਮਤ ਨਾਲ ਜਿਤਾ ਕੇ ਲੋਕਾਂ ਨੇ ਆਪਣਾ ਨੁਮਾਇੰਦਾ ਚੁਣਿਆ ਸੀ | ਜਿਨ੍ਹਾਂ ਦੀ ਬਜਟ ਸੈਸ਼ਨ ਦੌਰਾਨ ਪਾਰਲੀਮੈਂਟ 'ਚ ਸ਼ਮੂਲੀਅਤ ਨੂੰ ਰੋਕਣਾ ਮੰਦਭਾਗਾ ਹੈ | ਇਹ ਪ੍ਰਗਟਾਵਾ ਅਕਾਲੀ ਦਲ ਵਾਰਿਸ ਪੰਜਾਬ ਪਾਰਟੀ ਜ਼ਿਲ੍ਹਾ ਮੋਗਾ ਦੇ ਇੰਚਾਰਜ ਅਮਨਦੀਪ ਸਿੰਘ ਖ਼ਾਲਸਾ ਨੇ ਕਸਬਾ ਕਿਸ਼ਨਪੁਰਾ ਕਲਾਂ ਵਿਖੇ ਹਰਭਜਨ ਸਿੰਘ ਬਾਬਾ ਦੇ ਗ੍ਰਹਿ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਕਰੀਬ ਤਿੰਨ ਸਾਲਾਂ ਤੋਂ ਮੈਂਬਰ ਜੋ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ 'ਤੇ ਝੂਠੇ ਦੋਸ਼ ਮੜ੍ਹ ਕੇ ਨਾਜਾਇਜ਼ ਐਨ.ਐਸ.ਏ. ਲਗਾ ਕੇ ਉਨ੍ਹਾਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਕੀਤਾ ਹੋਇਆ ਹੈ | ਖ਼ਾਲਸਾ ਨੇ ਕਿਹਾ ਕਿ ਇਸ ਦੇਸ਼ ਵਿਚ ਸਿੱਖ ਕੌਮ ਨਾਲ ਬੇਗਾਨਗੀ ਵਾਲਾ ਵਰਤਾਵਾ ਕੀਤਾ ਜਾ ਰਿਹਾ ਹੈ | ਉਨ੍ਹਾਂ ਰੋਸ ਜਿਤਾਉਂਦਿਆਂ ਕਿਹਾ ਕਿ ਇਕ ਪਾਸੇ ਗੰਭੀਰ ਦੋਸ਼ ਸਾਬਿਤ ਹੋ ਜਾਣ ਦੇ ਬਾਵਜੂਦ ਡੇਰਾ ਮੁਖੀ ਨੂੰ ਵਾਰ-ਵਾਰ ਪੈਰੋਲ ਦਿੱਤੀ ਜਾ ਰਹੀ ਹੈ ਜਦ ਕਿ ਲੋਕਤੰਤਰੀ ਢੰਗ ਨਾਲ ਚੁਣੇ ਗਏ ਮੈਂਬਰ ਪਾਰਲੀਮੈਂਟ ਭਾਈ ਅੰਮਿ੍ਤਪਾਲ ਸਿੰਘ ਨੂੰ ਬਜਟ ਸੈਸ਼ਨ ਵਿਚ ਸ਼ਮੂਲੀਅਤ ਕਰਨ ਤੋਂ ਹੀ ਰੋਕਿਆ ਜਾ ਰਿਹਾ ਹੈ | ਇੰਚਾਰਜ ਅਮਨਦੀਪ ਸਿੰਘ ਖ਼ਾਲਸਾ ਨੇ ਭਾਈ ਅੰਮਿ੍ਤਪਾਲ ਸਿੰਘ ਦੀ ਪਾਰਲੀਮੈਂਟ 'ਚ ਸ਼ਮੂਲੀਅਤ ਨੂੰ ਰੋਕਣ ਨੂੰ ਲੋਕਤੰਤਰ ਦਾ ਕਤਲ ਦੱਸਦਿਆਂ ਕਿਹਾ ਕਿ ਜੇਲ੍ਹਾਂ ਅੰਦਰ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਤੋਂ ਬਾਅਦ ਵੀ ਜੇਲ੍ਹਾਂ ਅੰਦਰ ਕਾਫ਼ੀ ਲੰਬੇ ਸਮੇਂ ਤੋਂ ਬੰਦ ਸਿੰਘਾਂ ਨਾਲ ਵੀ ਅਜਿਹੀਆਂ ਵਿਤਕਰੇ ਬਾਜ਼ੀ ਕਰਕੇ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ ਜਿਸ ਕਰਕੇ ਸਿੱਖ ਕੌਮ ਅੰਦਰ ਭਾਰੀ ਰੋਸ ਹੈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਨਿਰਵੈਰ ਸਿੰਘ ਖ਼ਾਲਸਾ, ਹਰਪਾਲ ਸਿੰਘ ਚੁਗਾਵਾ, ਮਾਸਟਰ ਹਰਦੀਪ ਸਿੰਘ ਚੁਗਾਵਾ ਆਦਿ ਹਾਜ਼ਰ ਸਨ |