ਮੋਗਾ, 3 ਜੂਨ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਹਲਕਾ ਇੰਚਾਰਜ ਮਾਲਵਿਕਾ ਸੂਦ (ਵਿਧਾਨ ਸਭਾ ਹਲਕਾ ਮੋਗਾ) ਵਲੋਂ ਨਗਰ ਨਿਗਮ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੱਤੀ ਗਈ | ਉਨ੍ਹਾਂ ਕਿਹਾ ਕਿ ਸੱਤਾਧਾਰੀ ਪਾਰਟੀ ਵਲੋਂ ਕੀਤੀ ਗਈ ਧੱਕੇਸ਼ਾਹੀ ਦੇ ਬਾਵਜੂਦ ਵੀ ਲੋਕਾਂ ਨੇ ਕਾਂਗਰਸ ਪਾਰਟੀ 'ਤੇ ਆਪਣਾ ਭਰੋਸਾ ਜਤਾਇਆ ਹੈ, ਜੋ ਕਿ ਲੋਕਤੰਤਰ ਦੀ ਜਿੱਤ ਹੈ | ਮਾਲਵਿਕਾ ਸੂਦ ਨੇ ਕਿਹਾ ਕਿ ਉਹ ਵਾਰਡ ਵਾਸੀਆਂ ਦੇ ਦਿਲੋਂ ਧੰਨਵਾਦੀ ਹਨ, ਜਿਨ੍ਹਾਂ ਨੇ ਹਰ ਤਰ੍ਹਾਂ ਦੇ ਦਬਾਅ ਅਤੇ ਧੱਕੇਸ਼ਾਹੀ ਦੇ ਮਾਹੌਲ ਦੇ ਬਾਵਜੂਦ ਕਾਂਗਰਸ ਦੇ ਉਮੀਦਵਾਰਾਂ ਨੂੰ ਆਪਣੇ ਵਾਰਡਾਂ ਦਾ ਕੌਂਸਲਰ ਚੁਣਿਆ | ਉਨ੍ਹਾਂ ਕਿਹਾ ਕਿ ਇਹ ਜਿੱਤ ਸਿਰਫ਼ ਉਮੀਦਵਾਰਾਂ ਦੀ ਨਹੀਂ, ਸਗੋਂ ਲੋਕਾਂ ਦੀ ਜਿੱਤ ਹੈ, ਜਿਨ੍ਹਾਂ ਨੇ ਸੱਚ ਅਤੇ ਨਿਆਂ ਦਾ ਸਾਥ ਦਿੱਤਾ | ਉਨ੍ਹਾਂ ਕਿਹਾ ਕਿ ਜਿਹੜੇ ਉਮੀਦਵਾਰ ਇਸ ਚੋਣ ਵਿਚ ਜਿੱਤ ਨਹੀਂ ਸਕੇ, ਉਨ੍ਹਾਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ | ਸੂਦ ਨੇ ਉਨ੍ਹਾਂ ਨੂੰ ਆਪਣੇ-ਆਪਣੇ ਵਾਰਡਾਂ ਵਿਚ ਡਟੇ ਰਹਿਣ ਅਤੇ ਲੋਕਾਂ ਨਾਲ ਜੁੜੇ ਰਹਿਣ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਚੋਣਾਂ ਜਿੱਤ ਹਾਰ ਦਾ ਹਿੱਸਾ ਹੁੰਦੀਆਂ ਹਨ, ਪਰ ਸੇਵਾ ਦਾ ਜਜ਼ਬਾ ਹਮੇਸ਼ਾ ਜਾਰੀ ਰਹਿਣਾ ਚਾਹੀਦਾ ਹੈ | ਮਾਲਵਿਕਾ ਸੂਦ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਕਾਂਗਰਸ ਪਾਰਟੀ ਦੇ ਸਾਰੇ ਵਰਕਰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਆਪਣੀਆਂ ਸਰਗਰਮੀਆਂ ਨੂੰ ਹੋਰ ਤੇਜ਼ ਕਰਨ | ਉਨ੍ਹਾਂ ਨੇ ਦਾਅਵਾ ਕੀਤਾ ਕਿ ਨਗਰ ਨਿਗਮ ਚੋਣਾਂ ਦੌਰਾਨ ਜੋ ਧੱਕੇਸ਼ਾਹੀ ਕੀਤੀ ਗਈ ਹੈ, ਉਸ ਦਾ ਮੂੰਹ ਤੋੜ ਜਵਾਬ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਦੇਣਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਲਈ ਤਿਆਰ ਹਨ ਅਤੇ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿਚ ਲਿਆਉਣ ਲਈ ਮਨ ਬਣਾ ਚੁੱਕੇ ਹਨ | ਸੂਦ ਨੇ ਕਿਹਾ ਕਿ 2027 ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਨੀ ਤੈਅ ਹੈ ਅਤੇ ਸੂਬੇ ਦੇ ਲੋਕ ਸੱਤਾਧਾਰੀ ਪਾਰਟੀ ਨੂੰ ਸੱਤਾ ਤੋਂ ਬਾਹਰ ਕਰਨ ਲਈ ਪੂਰੀ ਤਰ੍ਹਾਂ ਤਿਆਰ ਬੈਠੇ ਹਨ |