ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)- ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਸਵੇਰੇ ਅਚਨਚੇਤ ਨਿਰੀਖਣ ਤੋਂ ਬਾਅਦ ਨਗਰ ਨਿਗਮ ਕਮਿਸ਼ਨਰ, ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਜ਼ਿਕਰਯੋਗ ਹੈ ਕਿ ਨਿਰੀਖਣ ਦੌਰਾਨ ਸ਼ਹਿਰ ਭਰ ਵਿਚ ਸਫ਼ਾਈ ਅਤੇ ਸਵੱਛਤਾ ਵਿਚ ਕਾਫੀ ਕੁਤਾਹੀਆਂ ਪਾਈਆਂ ਗਈਆਂ ਸਨ। ਅੱਜ ਮੋਗਾ ਸ਼ਹਿਰ ਵਿਚ ਨਿਰੀਖਣ ਦੌਰਾਨ ਹਰਜੋਤ ਸਿੰਘ ਬੈਂਸ ਨੇ ਸ਼ਹਿਰ ਵਾਸੀਆਂ ਨਾਲ ਗੱਲਬਾਤ ਕੀਤੀ ਅਤੇ ਸ਼ਹਿਰ ਭਰ ਵਿਚ ਖੁੱਲ੍ਹੇ ਕੂੜੇ ਵਾਲੀਆਂ ਥਾਵਾਂ ਨੂੰ ਦੇਖਿਆ, ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੇ ‘’ਮਿਸ਼ਨ ਕਲੀਨ ਪੰਜਾਬ’’ ਅਧੀਨ ਨਿਰਧਾਰਿਤ ਸਫ਼ਾਈ ਮਾਪਦੰਡਾਂ ਦੀ ਸਿੱਧੀ-ਸਿੱਧੀ ਉਲੰਘਣਾ ਦੀ ਤਸਵੀਰ ਪੇਸ਼ ਕਰ ਰਹੀਆਂ ਸਨ। ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ‘’ਸਫ਼ਾਈ ਵਿੱਚ ਕੁਤਾਹੀ ਜਾਂ ਅਣਗਹਿਲੀ ਲਈ ਜ਼ੀਰੋ ਸਹਿਣਸ਼ੀਲਤਾ ਹੈ। ਅੱਜ ਮੋਗਾ ਵਿਚ ਮੇਰੇ ਨਿਰੀਖਣ ਨੇ ਇਹ ਸਪਸ਼ਟ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ ਬਿਹਤਰ ਤੇ ਸਾਫ਼ ਸੁਥਰੇ ਵਾਤਾਵਰਨ ਦੇ ਹੱਕਦਾਰ ਹਨ ਅਤੇ ਉਲੰਘਣਾ ਕਰਨ ਵਾਲੇ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਅਸੀਂ ਕੰਮ ਦੀ ਨਿਗਰਾਨੀ ਕਰ ਰਹੇ ਹਾਂ। ਇਹ ਮਿਸ਼ਨ ਕਲੀਨ ਪੰਜਾਬ ਦਾ ਮੂਲ ਸਿਧਾਂਤ ਹੈ। ਸ੍ਰ. ਬੈਂਸ ਇਸ ਮਹੀਨੇ ਸ਼ੁਰੂ ਕੀਤੀ ਗਈ ਤਕਨੀਕ-ਸੰਚਾਲਿਤ ਸੈਨੀਟੇਸ਼ਨ ਮੁਹਿੰਮ ‘’ਮਿਸ਼ਨ ਕਲੀਨ ਪੰਜਾਬ’’ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਹਨ। ਇਸ ਪਹਿਲਕਦਮੀ ਤਹਿਤ ਨਗਰ ਨਿਗਮ ਕਮਿਸ਼ਨਰਾਂ ਤੋਂ ਲੈ ਕੇ ਈ.ਓਜ. ਤੱਕ ਸਾਰੇ ਅਧਿਕਾਰੀਆਂ ਵਲੋਂ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਦੌਰੇ ਕਰਨਾ ਲਾਜ਼ਮੀ ਹੈ ਅਤੇ ਹਰੇਕ ਅਧਿਕਾਰੀ ਦੀ ਜਵਾਬਦੇਹੀ ਯਕੀਨੀ ਬਣਾਉਣ ਲਈ ਇਕ ਸਮਰਪਿਤ ਸੁਪਰਵਾਈਜ਼ਰੀ ਅਧਿਕਾਰੀ ਅਧੀਨ ਹਰੇਕ ਸ਼ਹਿਰ ਨੂੰ 10 ਕਿੱਲੋਮੀਟਰ ਦੇ ਜ਼ੋਨਾਂ ਵਿਚ ਵੰਡਿਆਂ ਗਿਆ ਹੈ। ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਨਾਗਰਿਕ ਸਵੱਛਤਾ ਬਾਰੇ ਦ੍ਰਿਸ਼ਟੀਕੋਣ ਦੀ ਪੁਸ਼ਟੀ ਕਰਦਿਆਂ ਸ੍ਰ. ਬੈਂਸ ਨੇ ਕਿਹਾ ਕਿ ਮਿਸ਼ਨ ਕਲੀਨ ਪੰਜਾਬ ਸਿਰਫ਼ ਸਰਕਾਰੀ ਫਾਈਲਾਂ ਵਿਚ ਨਹੀਂ ਬਲਕਿ ਸਿੱਧੀ ਪ੍ਰਸ਼ਾਸਕੀ ਦਖ਼ਲ ਅਤੇ ਜ਼ਮੀਨੀ ਪੱਧਰ ‘ਤੇ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰਾਂ ਵਿਚ ਅਚਨਚੇਤ ਨਿਰੀਖਣ ਜਾਰੀ ਰਹਿਣਗੇ ਅਤੇ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਜ਼ਿੰਮੇਵਾਰ ਮੰਨਿਆਂ ਜਾਵੇਗਾ। ਉਨ੍ਹਾਂ ਨੇ ਸਫ਼ਾਈ ਕਰਮਚਾਰੀਆਂ ਨੂੰ ਸੂਬੇ ਦੇ ਸ਼ਹਿਰੀ ਵਿਕਾਸ ਵਿਚ ਮੁੱਖ ਹਿੱਸੇਦਾਰ ਦੱਸਿਆ। ਬੈਂਸ ਨੇ ਕਿਹਾ ਅਸੀਂ ਮੋਗਾ ਵਿਚ ਮਿਸਾਲ ਕਾਇਮ ਕਰ ਰਹੇ ਹਾਂ। ਸਫ਼ਾਈ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾ ਸਕਦਾ। ਉਦੋਂ ਤੱਕ ਅਚਨਚੇਤ ਚੈਕਿੰਗ ਜਾਰੀ ਰਹੇਗੀ ਜਦੋਂ ਤੱਕ ਪੰਜਾਬ ਦਾ ਹਰ ਸ਼ਹਿਰ ਸਫ਼ਾਈ ਦੇ ਸਿਖਰਲੇ ਮਿਆਰਾਂ ਤੱਕ ਨਹੀਂ ਪਹੁੰਚਦਾ।
ਹਰਜੋਤ ਸਿੰਘ ਬੈਂਸ ਵਲੋਂ ਅਚਨਚੇਤ ਨਿਰੀਖਣ ਬਾਅਦ ਨਗਰ ਨਿਗਮ ਕਮਿਸ਼ਨਰ ਮੋਗਾ ਨੂੰ ਕਾਰਨ ਦੱਸੋ ਨੋਟਿਸ ਜਾਰੀ
ਅਜੀਤ ਡੈਸਕ
24-06-2026