ਨਿਹਾਲ ਸਿੰਘ ਵਾਲਾ, 23 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਮੋਗਾ ਦਵਿੰਦਰ ਸਿੰਘ ਲੋਟੇ ਅਤੇ ਮੈਡਮ ਤਰਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਦੇ ਵਲੰਟੀਅਰਾਂ ਵਲੋਂ ਅੰਤਰ ਰਾਸ਼ਟਰੀ ਯੋਗਾ ਦਿਵਸ ਉਤਸ਼ਾਹ ਪੂਰਵਕ ਮਨਾਇਆ ਗਿਆ। ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਦੇਖ ਰੇਖ ਹੇਠ ਕਰਵਾਏ ਪ੍ਰਭਾਵਸ਼ਾਲੀ ਯੋਗਾ ਸਮਾਗਮ ਵਿਚ ਵਲੰਟੀਅਰਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਯੋਗਾ ਦੇ ਵੱਖ-ਵੱਖ ਆਸਨ ਕਰਵਾਏ ਅਤੇ ਹਰੇਕ ਆਸਨ ਦੇ ਲਾਭ ਵੀ ਨਾਲੋ-ਨਾਲ ਦੱਸੇ। ਉਨ੍ਹਾਂ ਦੱਸਿਆ ਕਿ ਜੇਕਰ ਅਸੀਂ ਰੋਜ਼ਾਨਾ ਯੋਗਾ ਕਰੀਏ ਤਾਂ ਹਰ ਬਿਮਾਰੀ ਤੋਂ ਨਿਜਾਤ ਪਾਈ ਜਾ ਸਕਦੀ ਹੈ। ਪ੍ਰਿੰਸੀਪਲ ਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਰੀਰਕ, ਮਾਨਸਿਕ ਤੇ ਬੌਧਿਕ ਵਿਕਾਸ ਲਈ ਯੋਗਾ ਬੇਹੱਦ ਜ਼ਰੂਰੀ ਹੈ। ਮੈਨੇਜਿੰਗ ਡਾਇਰੈਕਟਰ ਪ੍ਰਿੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਦੱਸਿਆ ਕਿ ਜੇਕਰ ਰੋਜ਼ਾਨਾ ਕਸਰਤ ਕਰਨ ਦੀ ਆਦਤ ਬਣਾ ਲਈਏ ਤਾਂ ਕੋਈ ਵੀ ਬਿਮਾਰੀ ਨੇੜੇ ਨਹੀਂ ਫਟਕੇਗੀ। ਬਾਨੀ ਪ੍ਰਿੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਮੰਨੀ ਹੋਈ ਸਚਾਈ ਹੈ ਕਿ ਤੰਦਰੁਸਤ ਸਰੀਰ ਵਿਚ ਹੀ ਤੰਦਰੁਸਤ ਦਿਮਾਗ਼ ਹੋ ਸਕਦਾ ਹੈ। ਇਸ ਤਰ੍ਹਾਂ ਹਰ ਵਿਦਿਆਰਥੀ ਲਈ ਯੋਗਾ, ਖੇਡਾਂ ਅਤੇ ਹੋਰ ਸਰੀਰਕ ਕਿਰਿਆਵਾਂ ਵਿਚ ਲਾਜ਼ਮੀ ਤੌਰ ਤੇ ਭਾਗ ਲੈਣਾ ਚਾਹੀਦਾ ਹੈ। ਵਾਈਸ ਪ੍ਰਿੰਸੀਪਲ ਮੈਡਮ ਮੀਨਾ ਜੈਨ ਨੇ ਕਿਹਾ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਯੋਗ ਆਸਨ ਬੇਹੱਦ ਜ਼ਰੂਰੀ ਹਨ। ਉਨ੍ਹਾਂ ਨੇ ਵਲੰਟੀਅਰਾਂ ਦੇ ਉਤਸ਼ਾਹ ਦੀ ਭਰਵੀਂ ਸ਼ਲਾਘਾ ਕੀਤੀ। ਸਕੂਲ ਦੇ ਸਮੁੱਚੇ ਸਟਾਫ਼ ਨੇ ਇਸ ਸਮਾਗਮ ਦੀ ਸਫਲਤਾ ਵਿਚ ਭਰਵਾਂ ਯੋਗਦਾਨ ਪਾਇਆ।
ਦਸਮੇਸ਼ ਸਕੂਲ ਬਿਲਾਸਪੁਰ ’ਚ ਮਨਾਇਆ ਕੌਮਾਂਤਰੀ ਯੋਗਾ ਦਿਵਸ
ਅਜੀਤ ਡੈਸਕ
24-06-2026