08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਦਾ ਮੁੱਖ ਰਸਤੇ ਦੀ ਖਸਤਾ ਹਾਲਤ ਨੇ ਵਧਾਈ ਲੋਕਾਂ ਦੀ ਪ੍ਰੇਸ਼ਾਨੀ

ਅਜੀਤ ਡੈਸਕ 23-07-2026
ਬਾਘਾ ਪੁਰਾਣਾ, 22 ਜੁਲਾਈ (ਟਿੰਕੂ ਕਾਠਪਾਲ)-ਸਥਾਨਕ ਸ਼ਹਿਰ ਦੇ ਮੁਦਕੀ ਰੋਡ ‘ਤੇ ਸਥਿਤ ਤਹਿਸੀਲ ਕੰਪਲੈਕਸ ਬਾਘਾ ਪੁਰਾਣਾ ਦੀਆਂ ਬੁਨਿਆਦੀ ਸਹੂਲਤਾਂ ਬਦਹਾਲੀ ਦੀ ਤਸਵੀਰ ਪੇਸ਼ ਕਰ ਰਹੀਆਂ ਹਨ, ਜਿੱਥੇ ਇਕ ਪਾਸੇ ਸਿਵਲ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਦਫ਼ਤਰਾਂ ਤੱਕ ਪਹੁੰਚਣ ਲਈ ਮੁੱਖ ਰਸਤਾ ਪਿਛਲੇ ਲੰਬੇ ਸਮੇਂ ਤੋਂ ਖਸਤਾ ਹਾਲਤ ਵਿਚ ਪਿਆ ਹੋਇਆ ਹੈ, ਉੱਥੇ ਹੀ ਕੰਪਲੈਕਸ ਅੰਦਰ ਬਣੇ ਮਰਦਾਨਾ ਅਤੇ ਜਨਾਨਾ ਬਾਥਰੂਮਾਂ ਅਤੇ ਟਾਇਲਟਾਂ ਦੀ ਹਾਲਤ ਵੀ ਚਿੰਤਾਜਨਕ ਬਣੀ ਹੋਈ ਹੈ। ਇਸ ਕਾਰਨ ਰੋਜ਼ਾਨਾ ਆਪਣੇ ਕੰਮਾਂ ਲਈ ਤਹਿਸੀਲ ਕੰਪਲੈਕਸ ਆਉਣ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਲੋਕਾਂ ਅਤੇ ਵਕੀਲਾਂ ਦਾ ਕਹਿਣਾ ਹੈ ਕਿ ਮੁੱਖ ਰਸਤੇ ਦੀ ਮਾੜੀ ਹਾਲਤ ਸਬੰਧੀ ਕਈ ਵਾਰ ਪ੍ਰਸ਼ਾਸਨ ਦਾ ਧਿਆਨ ਦਿਵਾਇਆ ਜਾ ਚੁੱਕਾ ਹੈ। ਇਸ ਮੁੱਦੇ ਨੂੰ ਲੈ ਕੇ ਵੱਖ-ਵੱਖ ਅਖ਼ਬਾਰਾਂ ਵਿਚ ਵੀ ਖ਼ਬਰਾਂ ਪ੍ਰਕਾਸ਼ਿਤ ਹੋਈਆਂ, ਪਰ ਅਜੇ ਤੱਕ ਨਾ ਤਾਂ ਸੜਕ ਦੀ ਮੁਰੰਮਤ ਕੀਤੀ ਗਈ ਹੈ ਅਤੇ ਨਾ ਹੀ ਕੋਈ ਠੋਸ ਕਦਮ ਚੁੱਕਿਆ ਗਿਆ ਹੈ। ਬਰਸਾਤ ਦੇ ਦਿਨਾਂ ਵਿਚ ਰਸਤੇ ‘ਤੇ ਪਾਣੀ ਖੜ੍ਹਾ ਹੋ ਜਾਣ ਅਤੇ ਟੋਇਆਂ ਕਾਰਨ ਲੋਕਾਂ ਨੂੰ ਖਾਸੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਤਹਿਸੀਲ ਕੰਪਲੈਕਸ ਅੰਦਰ ਬਣੇ ਮਰਦਾਨਾ ਅਤੇ ਜਨਾਨਾ ਬਾਥਰੂਮਾਂ ਦੀ ਹਾਲਤ ਵੀ ਬਹੁਤ ਹੀ ਮਾੜੀ ਦੱਸੀ ਜਾ ਰਹੀ ਹੈ। ਟਾਇਲਟਾਂ ਵਿਚ ਨਾ ਤਾਂ ਪਾਣੀ ਦੀ ਵਿਵਸਥਾ ਹੈ ਅਤੇ ਨਾ ਹੀ ਨਿਯਮਤ ਸਫ਼ਾਈ ਕੀਤੀ ਜਾਂਦੀ ਹੈ। ਗੰਦਗੀ ਦੇ ਢੇਰ ਅਤੇ ਬਦਬੂ ਕਾਰਨ ਲੋਕਾਂ ਲਈ ਇਨ੍ਹਾਂ ਦੀ ਵਰਤੋਂ ਕਰਨੀ ਔਖੀ ਹੋ ਗਈ ਹੈ। ਰੋਜ਼ਾਨਾ ਵੱਡੀ ਗਿਣਤੀ ਵਿਚ ਲੋਕ, ਵਕੀਲ, ਕਰਮਚਾਰੀ ਅਤੇ ਦੂਰ-ਦੁਰਾਡੇ ਤੋਂ ਆਉਣ ਵਾਲੇ ਬਜ਼ੁਰਗ ਅਤੇ ਮਹਿਲਾਵਾਂ ਇੱਥੇ ਪਹੁੰਚਦੇ ਹਨ, ਪਰ ਉਨ੍ਹਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰਹਿਣਾ ਪੈ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਤਹਿਸੀਲ ਕੰਪਲੈਕਸ ਵਰਗੇ ਮਹੱਤਵਪੂਰਨ ਸਰਕਾਰੀ ਦਫ਼ਤਰ ਵਿਚ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਪ੍ਰਸ਼ਾਸਨ ਦੀ ਕਾਰਗੁਜ਼ਾਰੀ ‘ਤੇ ਸਵਾਲ ਖੜ੍ਹੇ ਕਰਦੀਆਂ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਮੁੱਖ ਰਸਤੇ ਦੀ ਤੁਰੰਤ ਮੁਰੰਮਤ ਕਰਵਾਉਣ ਦੇ ਨਾਲ-ਨਾਲ ਬਾਥਰੂਮਾਂ ਵਿਚ ਪਾਣੀ ਦੀ ਵਿਵਸਥਾ, ਨਿਯਮਤ ਸਫ਼ਾਈ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਈਆਂ ਜਾਣ। ਇਸ ਸਬੰਧੀ ਪੱਖ ਜਾਣਨ ਲਈ ਐਸ.ਡੀ.ਐਮ. ਬਾਘਾ ਪੁਰਾਣਾ ਨਾਲ ਮੋਬਾਈਲ ਫ਼ੋਨ ਰਾਹੀਂ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਉਨ੍ਹਾਂ ਵਲੋਂ ਫ਼ੋਨ ਨਹੀਂ ਚੁੱਕਿਆ ਗਿਆ। ਇਲਾਕਾ ਨਿਵਾਸੀਆਂ ਨੇ ਉਮੀਦ ਜਤਾਈ ਹੈ ਕਿ ਪ੍ਰਸ਼ਾਸਨ ਇਸ ਮਾਮਲੇ ਦਾ ਜਲਦ ਨੋਟਿਸ ਲੈਂਦਿਆਂ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਸਮੱਸਿਆਵਾਂ ਦਾ ਸਥਾਈ ਹੱਲ ਕਰੇਗਾ।
ਪਿਛਲੀ ਖ਼ਬਰ ਦੇਸ਼ ਦੇ ਸੰਵਿਧਾਨ ’ਚ ਪਾਪ ਪੁੰਨ ਨਾਂਅ ਦੀ ਕੋਈ ਚੀਜ਼ ਨਹੀਂ ਹੈ-ਡਾ. ਮਾਲਤੀ ਥਾਪਰ ਸਾਬਕਾ ਮੰਤਰੀ ਪੰਜਾਬ ਅਗਲੀ ਖ਼ਬਰ ਨਵੇਂ ਰਾਸ਼ਨ ਕਾਰਡ ਬਣਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿਚ ਮੈਂਬਰ ਸ਼ਾਮਿਲ ਕਰਨ ਲਈ ਆਨਲਾਈਨ ਅਰਜ਼ੀਆਂ ਭਰਨੀਆਂ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।