ਬਾਘਾ ਪੁਰਾਣਾ, 24 ਜੁਲਾਈ (ਟਿੰਕੂ ਕਾਠਪਾਲ)-ਪਿਛਲੇ ਕਈ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ‘ਤੇ ਬੈਠੇ ਸਫ਼ਾਈ ਸੇਵਕਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਲਈ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਅਤੇ ਪਾਰਟੀ ਕੋਰ ਕਮੇਟੀ ਮੈਂਬਰ ਜਥੇਦਾਰ ਤੀਰਥ ਸਿੰਘ ਮਾਹਲਾ ਵਿਸ਼ੇਸ਼ ਤੌਰ ‘ਤੇ ਨਗਰ ਕੌਂਸਲ ਬਾਘਾ ਪੁਰਾਣਾ ਦੇ ਦਫ਼ਤਰ ਅੱਗੇ ਚੱਲ ਰਹੇ ਧਰਨੇ ਵਿਚ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਸਫ਼ਾਈ ਸੇਵਕਾਂ ਨਾਲ ਇਕਜੁੱਟਤਾ ਦਾ ਪ੍ਰਗਟਾਵਾ ਕਰਦਿਆਂ ਉਨ੍ਹਾਂ ਦੀਆਂ ਜਾਇਜ਼ ਮੰਗਾਂ ਦਾ ਸਮਰਥਨ ਕੀਤਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਲੋਕਤੰਤਰ ਵਿਚ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਢੰਗ ਨਾਲ ਰੋਸ ਪ੍ਰਦਰਸ਼ਨ ਕਰਨਾ ਅਤੇ ਧਰਨਾ ਦੇਣਾ ਹਰ ਨਾਗਰਿਕ ਦਾ ਸੰਵਿਧਾਨਕ ਹੱਕ ਹੈ। ਉਨ੍ਹਾਂ ਨੇ ਬੀਤੇ ਦਿਨੀਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ‘ਤੇ ਪੁਲਿਸ ਵਲੋਂ ਕੀਤੇ ਗਏ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿੰਦਾਂ ਕੀਤੀ। ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਫ਼ਾਈ ਸੇਵਕਾਂ ਨਾਲ ਤੁਰੰਤ ਗੱਲਬਾਤ ਕਰਕੇ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕੀਤਾ ਜਾਵੇ ਅਤੇ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਤੋਂ ਗੁਰੇਜ਼ ਕੀਤਾ ਜਾਵੇ। ਇਸ ਮੌਕੇ ਸਫ਼ਾਈ ਸੇਵਕ ਯੂਨੀਅਨ ਦੇ ਸੂਬਾ ਸਲਾਹਕਾਰ ਮਤਾਦੀਨ, ਯੂਨੀਅਨ ਦੇ ਬਾਘਾ ਪੁਰਾਣਾ ਪ੍ਰਧਾਨ ਮਨਜੀਤ ਸਿੰਘ, ਉਪ ਪ੍ਰਧਾਨ ਭਾਗਮਲ, ਸ਼੍ਰੋਮਣੀ ਅਕਾਲੀ ਦਲ ਦੇ ਆਗੂ ਕਾਲਾ ਰਾਜੇਆਣਾ, ਪ੍ਰਧਾਨ ਪਵਨ ਗੋਇਲ, ਰਣਜੀਤ ਸਿੰਘ ਝੀਤੇ, ਚੈਰੀ ਭਾਟੀਆ ਅਤੇ ਹੋਰ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਅਤੇ ਸਫ਼ਾਈ ਸੇਵਕ ਹਾਜ਼ਰ ਸਨ। ਧਰਨੇ ਦੌਰਾਨ ਬੁਲਾਰਿਆਂ ਨੇ ਵੀ ਸਰਕਾਰ ਤੋਂ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਲਦ ਮੰਨਣ ਅਤੇ ਬਰਨਾਲਾ ਲਾਠੀਚਾਰਜ ਦੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਕੀਤੀ।