ਅਦਾਲਤੀ ਹੁਕਮਾਂ ’ਤੇ ਮੁੜ ਗਿਣਤੀ ਤੋਂ ਬਾਅਦ ਨਛੱਤਰ ਸਿੰਘ ਮੱਲ੍ਹੀ ਬਣੇ ਸਰਪੰਚ
ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਦਿੱਤੀ ਵਧਾਈ
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲ੍ਹੀਆਂ ਵਾਲਾ ਦੇ ਨਛੱਤਰ ਸਿੰਘ ਮੱਲ੍ਹੀ ਨੂੰ ਮਾਣਯੋਗ ਅਦਾਲਤ ਦੇ ਹੁਕਮਾਂ ਤਹਿਤ ਮੁੜ ਗਿਣਤੀ ਤੋਂ ਬਾਅਦ ਸਰਪੰਚ ਚੁਣੇ ਜਾਣ ‘ਤੇ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
ਮੋਗਾ, 2 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲ੍ਹੇ ਦੇ ਪਿੰਡ ਮੱਲ੍ਹੀਆਂ ਵਾਲਾ ਦੇ ਨਛੱਤਰ ਸਿੰਘ ਮੱਲ੍ਹੀ ਨੂੰ ਮਾਣਯੋਗ ਅਦਾਲਤ ਦੇ ਹੁਕਮਾਂ ਤਹਿਤ ਮੁੜ ਗਿਣਤੀ ਤੋਂ ਬਾਅਦ ਸਰਪੰਚ ਚੁਣੇ ਜਾਣ ‘ਤੇ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਨਛੱਤਰ ਸਿੰਘ ਮੱਲ੍ਹੀ ਦਾ ਮੂੰਹ ਮਿੱਠਾ ਕਰਵਾਇਆ ਅਤੇ ਫੁੱਲਾਂ ਦਾ ਹਾਰ ਪਹਿਨਾ ਕੇ ਉਨ੍ਹਾਂ ਦਾ ਸਵਾਗਤ ਤੇ ਸਨਮਾਨ ਕੀਤਾ। ਇਸ ਮੌਕੇ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਲੋਕਤੰਤਰਿਕ ਪ੍ਰਕਿਰਿਆ ਵਿਚ ਲੋਕਾਂ ਦਾ ਫ਼ੈਸਲਾ ਸਰਵਉੱਚ ਹੁੰਦਾ ਹੈ। ਮਾਣਯੋਗ ਅਦਾਲਤ ਦੇ ਹੁਕਮਾਂ ਤਹਿਤ ਹੋਈ ਮੁੜ ਗਿਣਤੀ ਤੋਂ ਬਾਅਦ ਨਛੱਤਰ ਸਿੰਘ ਮੱਲ੍ਹੀ ਦਾ ਸਰਪੰਚ ਚੁਣਿਆ ਜਾਣਾ ਉਨ੍ਹਾਂ ਲਈ ਖ਼ੁਸ਼ੀ ਦਾ ਮੌਕਾ ਹੈ। ਉਨ੍ਹਾਂ ਨਵ-ਨਿਯੁਕਤ ਸਰਪੰਚ ਨੂੰ ਵਧਾਈ ਦਿੰਦਿਆਂ ਉਮੀਦ ਜਤਾਈ ਕਿ ਉਹ ਸਮੁੱਚੀ ਪੰਚਾਇਤ ਨੂੰ ਨਾਲ ਲੈ ਕੇ ਪਿੰਡ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਪੂਰੀ ਇਮਾਨਦਾਰੀ, ਨਿਰਪੱਖਤਾ ਅਤੇ ਤਨਦੇਹੀ ਨਾਲ ਕੰਮ ਕਰਨਗੇ। ਵਿਧਾਇਕਾ ਨੇ ਕਿਹਾ ਕਿ ਪਿੰਡਾਂ ਦਾ ਸਰਬਪੱਖੀ ਵਿਕਾਸ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿਚ ਸ਼ਾਮਿਲ ਹੈ। ਪਿੰਡਾਂ ਵਿਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ, ਸਾਫ਼-ਸਫ਼ਾਈ, ਪੀਣ ਵਾਲਾ ਪਾਣੀ, ਗਲੀਆਂ-ਨਾਲੀਆਂ, ਸੜਕਾਂ ਅਤੇ ਹੋਰ ਵਿਕਾਸ ਕਾਰਜਾਂ ਨੂੰ ਤਰਜੀਹ ਦੇ ਆਧਾਰ ‘ਤੇ ਕਰਵਾਉਣ ਵਿਚ ਪੰਚਾਇਤਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨਛੱਤਰ ਸਿੰਘ ਮੱਲ੍ਹੀ ਅਤੇ ਸਮੁੱਚੀ ਪੰਚਾਇਤ ਨੂੰ ਭਰੋਸਾ ਦਿਵਾਇਆ ਕਿ ਪਿੰਡ ਦੇ ਵਿਕਾਸ ਨਾਲ ਸਬੰਧਿਤ ਜਾਇਜ਼ ਕੰਮਾਂ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਨਛੱਤਰ ਸਿੰਘ ਮੱਲ੍ਹੀ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਵਲੋਂ ਦਿੱਤੇ ਸਨਮਾਨ ਅਤੇ ਸ਼ੁੱਭਕਾਮਨਾਵਾਂ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਪਿੰਡ ਵਾਸੀਆਂ ਦੀਆਂ ਉਮੀਦਾਂ ‘ ਤੇ ਖਰਾ ਉੱਤਰਨ ਲਈ ਪੂਰੀ ਇਮਾਨਦਾਰੀ ਨਾਲ ਯਤਨ ਕਰਨਗੇ। ਉਨ੍ਹਾਂ ਪੰਚਾਇਤ ਦੇ ਸਾਰੇ ਮੈਂਬਰਾਂ ਨੂੰ ਨਾਲ ਲੈ ਕੇ ਪਿੰਡ ਦੇ ਵਿਕਾਸ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਕੰਮ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸਮਰਥਕਾਂ ਅਤੇ ਪਿੰਡ ਵਾਸੀਆਂ ਵਿਚ ਵੀ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ। ਹਾਜ਼ਰ ਲੋਕਾਂ ਨੇ ਨਛੱਤਰ ਸਿੰਘ ਮੱਲ੍ਹੀ ਨੂੰ ਸਰਪੰਚ ਚੁਣੇ ਜਾਣ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਸਫਲ ਕਾਰਜਕਾਲ ਲਈ ਸ਼ੁੱਭਕਾਮਨਾਵਾਂ ਦਿੱਤੀਆਂ।