29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਜਨਗਣਨਾ-2027 ਦਾ ਸੁਨੇਹਾ ਘਰ-ਘਰ ਪਹੁੰਚਾ ਰਹੀ ਡਿਜੀਟਲ ਐਲ.ਈ.ਡੀ. ਵੈਨ

ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਜਨਗਣਨਾ-2027 ਦੀ ਪ੍ਰਕਿਰਿਆ ਵਿਚ ਲੋਕਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਜਾਗਰੂਕਤਾ ਮੁਹਿੰਮ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਡਿਜੀਟਲ ਐਲ.

ਅਜੀਤ ਡੈਸਕ 29-11-2026
ਮੋਗਾ, 28 ਨਵੰਬਰ (ਸੁਰਿੰਦਰਪਾਲ ਸਿੰਘ)-ਜਨਗਣਨਾ-2027 ਦੀ ਪ੍ਰਕਿਰਿਆ ਵਿਚ ਲੋਕਾਂ ਦੀ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੋਗਾ ਵਲੋਂ ਜਾਗਰੂਕਤਾ ਮੁਹਿੰਮ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਇਸੇ ਤਹਿਤ ਡਿਜੀਟਲ ਐਲ.ਈ.ਡੀ. ਵੈਨ ਰਾਹੀਂ ਧਰਮਕੋਟ ਸਬ-ਡਵੀਜ਼ਨ ਦੇ ਵੱਖ-ਵੱਖ ਪਿੰਡਾਂ ਵਿਚ ਪਹੁੰਚ ਕੇ ਲੋਕਾਂ ਨੂੰ ਜਨਗਣਨਾ ਦੇ ਮਹੱਤਵ, ਇਸ ਦੀ ਪ੍ਰਕਿਰਿਆ ਅਤੇ ਆਨਲਾਈਨ ਸਵੈ-ਗਣਨਾ ਦੀ ਸਹੂਲਤ ਬਾਰੇ ਜਾਣੂੰ ਕਰਵਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਜਨਗਣਨਾ ਅਧਿਕਾਰੀ ਸਾਗਰ ਸੇਤੀਆ ਨੇ ਕਿਹਾ ਕਿ ਜਨਗਣਨਾ ਦੇਸ਼ ਦੇ ਵਿਕਾਸ ਦੀ ਦਿਸ਼ਾ ਤੈਅ ਕਰਨ ਵਾਲਾ ਇਕ ਅਹਿਮ ਕੌਮੀ ਕਾਰਜ ਹੈ। ਇਸ ਵਿਚ ਹਰੇਕ ਪਰਿਵਾਰ ਵਲੋਂ ਸਹੀ ਅਤੇ ਮੁਕੰਮਲ ਜਾਣਕਾਰੀ ਦੇਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਾਡੀ ਜਨਗਣਨਾ ਸਾਡਾ ਵਿਕਾਸ ਦੇ ਸੰਦੇਸ਼ ਨਾਲ ਚੱਲ ਰਹੀ ਡਿਜੀਟਲ ਐਲ.ਈ.ਡੀ. ਵੈਨ ਲੋਕਾਂ ਨੂੰ ਸੌਖੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਜਾਗਰੂਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਤੋਂ 30 ਨਵੰਬਰ 2026 ਤੱਕ ਚਲਾਈ ਜਾ ਰਹੀ ਇਸ ਮੁਹਿੰਮ ਦੌਰਾਨ ਵੈਨ ਜ਼ਿਲ੍ਹੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਲੋਕਾਂ ਤੱਕ ਪਹੁੰਚ ਰਹੀ ਹੈ। ਇਸੇ ਲੜੀ ਤਹਿਤ ਅੱਜ ਕੈਲਾ, ਬਾਜੇਕੇ, ਢੋਲੇਵਾਲਾ, ਸੈਦ ਮੁਹੰਮਦ, ਤੋਤਾ ਸਿੰਘ ਵਾਲਾ, ਖੰਬੇ, ਧਰਮ ਸਿੰਘ ਵਾਲਾ, ਕਾਦਰ ਵਾਲਾ ਅਤੇ ਫ਼ਤਿਹਗੜ੍ਹ ਪੰਜਤੂਰ ਵਿਖੇ ਆਡੀਓ ਵੀਡੀਓ ਸੰਦੇਸ਼ਾਂ ਰਾਹੀਂ ਜਾਗਰੂਕਤਾ ਪੈਦਾ ਕੀਤੀ ਗਈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨਗਣਨਾ ਦੇ ਅੰਕੜਿਆਂ ਦੇ ਆਧਾਰ ‘ਤੇ ਭਵਿੱਖ ਵਿਚ ਸਿੱਖਿਆ, ਸਿਹਤ, ਸੜਕਾਂ, ਪੀਣ ਵਾਲੇ ਪਾਣੀ, ਬਿਜਲੀ ਅਤੇ ਹੋਰ ਬੁਨਿਆਦੀ ਸਹੂਲਤਾਂ ਸਬੰਧੀ ਯੋਜਨਾਵਾਂ ਤਿਆਰ ਕਰਨ ਵਿਚ ਮਦਦ ਮਿਲਦੀ ਹੈ। ਇਸ ਤੋਂ ਇਲਾਵਾ ਸਰਕਾਰੀ ਭਲਾਈ ਸਕੀਮਾਂ ਨੂੰ ਲੋੜਵੰਦ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚਾਉਣ ਲਈ ਵੀ ਇਹ ਅੰਕੜੇ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਦੱਸਿਆ ਕਿ ਜਨਗਣਨਾ-2027 ਦੇ ਪਹਿਲੇ ਪੜਾਅ ਤਹਿਤ 16 ਨਵੰਬਰ ਤੋਂ 30 ਨਵੰਬਰ 2026 ਤੱਕ ਸਵੈ-ਗਣਨਾ ਦੀ ਸਹੂਲਤ ਉਪਲਬਧ ਹੈ। ਇਸ ਤਹਿਤ ਨਾਗਰਿਕ ਅਧਿਕਾਰਤ ਵੈਬਸਾਈਟ ‘ਤੇ ਜਾ ਕੇ ਆਪਣੇ ਮਕਾਨ ਅਤੇ ਪਰਿਵਾਰ ਨਾਲ ਸਬੰਧਿਤ ਵੇਰਵੇ ਘਰ ਬੈਠੇ ਹੀ ਆਨਲਾਈਨ ਦਰਜ ਕਰਵਾ ਸਕਦੇ ਹਨ। ਸਵੈ-ਗਣਨਾ ਮੁਕੰਮਲ ਹੋਣ ‘ਤੇ ਇਕ ਵਿਲੱਖਣ ਸਵੈ-ਗਣਨਾ ਪਛਾਣ ਨੰਬਰ (ਐਸ.ਈ. ਆਈ.ਡੀ.) ਜਾਰੀ ਕੀਤਾ ਜਾਵੇਗਾ, ਜਿਸ ਨੂੰ ਬਾਅਦ ਵਿਚ ਘਰ-ਘਰ ਜਾਣ ਵਾਲੇ ਅਧਿਕਾਰਤ ਜਨਗਣਨਾ ਕਰਮਚਾਰੀ ਨਾਲ ਸਾਂਝਾ ਕਰਨਾ ਲਾਜ਼ਮੀ ਹੋਵੇਗਾ। ਸ੍ਰੀ ਸੇਤੀਆ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜਨਗਣਨਾ ਦੌਰਾਨ ਇਕੱਠੀ ਕੀਤੀ ਜਾਣ ਵਾਲੀ ਨਿੱਜੀ ਜਾਣਕਾਰੀ ਜਨਗਣਨਾ ਐਕਟ 1948 ਦੇ ਉਪਬੰਧਾਂ ਅਨੁਸਾਰ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀ ਜਾਣਕਾਰੀ ਬਿਨਾਂ ਕਿਸੇ ਝਿਜਕ ਦੇ ਸਹੀ ਢੰਗ ਨਾਲ ਮੁਹੱਈਆ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਧਰਮਕੋਟ ਸਬ-ਡਵੀਜ਼ਨ ਦੇ ਸਮੂਹ ਵਸਨੀਕਾਂ, ਗਰਾਮ ਪੰਚਾਇਤਾਂ, ਪਿੰਡਾਂ ਦੇ ਮੁਹਤਬਰਾਂ ਅਤੇ ਸਮਾਜਿਕ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਜਨਗਣਨਾ-2027 ਦੀ ਜਾਗਰੂਕਤਾ ਮੁਹਿੰਮ ਵਿਚ ਪ੍ਰਸ਼ਾਸਨ ਦਾ ਸਹਿਯੋਗ ਕਰਨ।
ਪਿਛਲੀ ਖ਼ਬਰ ਰੇਡ ਬੁੱਲ ਹਾਫ਼ ਕੋਰਟ 2026 ਵਿਸ਼ਵ ਕੱਪ ਲਈ ਮੋਗਾ ਤੋਂ ਰਵਾਨਾ ਹੋਇਆ ਗੁਰੂ ਨਾਨਕ ਬਾਸਕਟਬਾਲ ਅਕੈਡਮੀ ਦਾ ਖਿਡਾਰੀ ਏਕਨੂਰ ਜੌਹ... ਅਗਲੀ ਖ਼ਬਰ ਧਰਮਕੋਟ ਤੇ ਬਾਘਾ ਪੁਰਾਣਾ ਨਗਰ ਕੌਂਸਲ ਲਈ ਵੋਟਾਂ ਪਾਉਣ ਦਾ ਕੰਮ ਅਮਨ ਅਮਾਨ ਨਾਲ ਮੁਕੰਮਲ-63.71 ਫ਼ੀਸਦੀ ਹੋਈ ਵੋਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।