ਮਸਤੂਆਣਾ ਸਾਹਿਬ, 20 ਜਨਵਰੀ (ਦਮਦਮੀ) - ਵੀਹਵੀਂ ਸਦੀ ਦੀ ਮਹਾਨ ਸ਼ਖ਼ਸੀਅਤ ਵਿੱਦਿਆ ਦਾਨੀ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਦੀ 99ਵੀਂ ਬਰਸੀ ਨੂੰ ਸਮਰਪਿਤ ਗੁਰਮਤਿ ਸਮਾਗਮ ਅਤੇ ਸਾਲਾਨਾ ਜੋੜ ਮੇਲਾ ਗੁਰਦੁਆਰਾ ਸੱਚਖੰਡ ਅੰਗੀਠਾ ਸਾਹਿਬ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ 30, 31 ਜਨਵਰੀ ਤੋਂ 1 ਫਰਵਰੀ ਤੱਕ ਸੰਤ ਸੇਵਕ ਜਥਾ ਅੰਗੀਠਾ ਸਾਹਿਬ ਦੇ ਪ੍ਰਬੰਧਕਾਂ ਦੀ ਨਿਗਰਾਨੀ ਹੇਠ ਇਲਾਕੇ ਅਤੇ ਦੇਸ਼ ਵਿਦੇਸ਼ ਦੀਆਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਸਦਕਾ ਬੜ੍ਹੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਰਜੀਤ ਸਿੰਘ, ਬਾਬਾ ਦਰਸ਼ਨ ਸਿੰਘ ਅਤੇ ਬਾਬਾ ਸੁਖਵਿੰਦਰ ਸਿੰਘ ਸੋਨੀ ਨੇ ਦੱਸਿਆ ਕਿ 29 ਜਨਵਰੀ ਨੂੰ ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭ ਕੀਤੀ ਜਾਵੇਗੀ ਅਤੇ 31 ਜਨਵਰੀ ਨੂੰ ਰਾਤਰੀ ਦੇ ਦੀਵਾਨ ਸਜਾਏ ਜਾਣਗੇ | ਇਸ ਮੌਕੇ ਗਿਆਨੀ ਬੰਤਾ ਸਿੰਘ ਮੁੰਡਾ ਪਿੰਡ ਵਾਲੇ, ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ ਵਾਲੇ ਅਤੇ ਸ੍ਰੀ ਹਰਿਮੰਦਰ ਸਾਹਿਬ ਅੰਮਿ੍ਤਸਰ ਸਾਹਿਬ ਤੋਂ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਾਮ ਬਾਣੀ ਨਾਲ ਜੋੜਨਗੇ | ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਦੱਸਿਆ ਕਿ ਇਹਨਾਂ ਬਰਸੀ ਸਮਾਗਮਾਂ ਮੌਕੇ ਇਲਾਕੇ ਦੀਆਂ ਲੱਖਾਂ ਦੀ ਤਾਦਾਦ 'ਚ ਸੰਗਤਾਂ ਤੋਂ ਇਲਾਵਾ ਦੇਸ਼-ਵਿਦੇਸ਼ ਤੋਂ ਵੀ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚ ਰਹੇ ਹਨ | ਜਿਨ੍ਹਾਂ ਦੇ ਰਹਿਣ-ਸਹਿਣ ਦੇ ਪ੍ਰਬੰਧ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ |