ਮਲੇਰਕੋਟਲਾ, 26 ਮਾਰਚ (ਮੁਹੰਮਦ ਹਨੀਫ਼ ਥਿੰਦ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨਾਲ ਥਾਣਾ ਜੰਡਿਆਲਾ ਗੁਰੂ ਦੇ ਮੁਖੀ ਨਰੇਸ਼ ਕੁਮਾਰ ਤੇ ਸਿਪਾਹੀ ਮਲੂਕ ਸਿੰਘ ਵੱਲੋਂ ਬਦਸਲੂਕੀ ਕਰਨ, ਉਨ੍ਹਾਂ ਦੇ ਪਰਿਵਾਰ ਨਾਲ ਧੱਕਾ ਕਰਨ ਤੇ ਧਮਕੀਆਂ ਦੇਣ ਦੇ ਮਾਮਲੇ ਸਬੰਧੀ ਉਨ੍ਹਾਂ ਨੂੰ ਹਵਾਲਾਤ ਵਿਚ ਬੰਦ ਕਰਨ ਦੇ ਮਾਮਲੇ ਨੂੰ ਲੈ ਕੇ ਬੀਤੇ ਦਿਨੀਂ ਸੂਬੇ ਭਰ ਦੇ ਡੀ.ਸੀ. ਦਫ਼ਤਰ ਕਰਮਚਾਰੀਆਂ ਨੇ ਦੋ ਦਿਨਾਂ ਹੜਤਾਲ ਕਰ ਕੇ ਅੰਮਿ੍ਤਸਰ ਦਿਹਾਤੀ ਦੇ ਜ਼ਿਲ੍ਹਾ ਪੁਲਿਸ ਮੁਖੀ ਦੇ ਦਫ਼ਤਰ ਦੇ ਬਾਹਰ ਰੋਸ ਵਿਖਾਵਾ ਕੀਤਾ ਸੀ | ਜਿਸ ਉਪਰੰਤ ਦੋਹਾਂ ਪੁਲਿਸ ਕਰਮਚਾਰੀਆਂ ਨੂੰ ਮੁਅੱਤਲ ਕਰ ਕੇ ਪੰਜ ਦਿਨਾਂ ਦੇ ਵਿਚ ਵਿਸ਼ੇਸ਼ ਜਾਂਚ ਟੀਮ ਵੱਲੋਂ ਰਿਪੋਰਟ ਮੰਗਣ ਅਤੇ ਸਬੰਧਿਤ ਕਰਮਚਾਰੀਆਂ ਵਿਰੁੱਧ ਕੇਸ ਦਰਜ ਕਰਨ ਦੇ ਭਰੋਸੇ ਤੋਂ ਬਾਅਦ ਕਰਮਚਾਰੀਆਂ ਨੇ ਆਪਣੀ ਹੜਤਾਲ ਮੁਲਤਵੀ ਕਰ ਦਿੱਤੀ ਸੀ ਪਰ ਪੁਲਿਸ ਦੀ ਲਾਰੇ ਲਗਾਉਣ ਦੀ ਨੀਤੀ ਨੂੰ ਵੇਖਦੇ ਹੋਏ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਮੁੜ ਸੂਬਾ ਪੱਧਰੀ ਸੰਘਰਸ਼ ਦਾ ਐਲਾਨ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ. ਸ਼ਰਨਵੀਰ ਸਿੰਘ ਅਤੇ ਜਨਰਲ ਸਕੱਤਰ ਦਿਲਜਾਨ ਅਲੀ ਨੇ ਦੱਸਿਆ ਕਿ 27 ਮਾਰਚ ਨੂੰ ਪੰਜਾਬ ਭਰ ਵਿਚ ਪੰਜਾਬ ਸਰਕਾਰ ਅਤੇ ਐੱਸ.ਐੱਚ.ਓ. ਨਰੇਸ਼ ਕੁਮਾਰ ਦੇ ਪੁਤਲੇ ਫੂਕੇ ਜਾਣਗੇ ਅਤੇ 30 ਮਾਰਚ ਨੂੰ ਸੂਬੇ ਦੇ ਵੱਖ-ਵੱਖ ਸ਼ਹਿਰਾਂ ਵਿਚ ਮੋਟਰਸਾਈਕਲ ਰੈਲੀਆਂ ਕੀਤੀਆਂ ਜਾਣਗੀਆਂ ਅਤੇ 2 ਅਪ੍ਰੈਲ ਨੂੰ ਇਨਸਾਫ਼ ਦੀ ਮੰਗ ਨੂੰ ਲੈ ਕੇ ਮੁੜ ਐੱਸ.ਐੱਸ.ਪੀ. ਦਫ਼ਤਰ ਦਿਹਾਤੀ ਦਾ ਘਿਰਾਓ ਕਰ ਕੇ ਰੋਸ ਧਰਨਾ ਦਿੱਤਾ ਜਾਵੇਗਾ | ਉਨ੍ਹਾਂ ਕਿਹਾ ਕਿ ਜੇਕਰ ਸਬੰਧਤ ਪੁਲਿਸ ਕਰਮਚਾਰੀਆਂ ਵਿਰੁੱਧ ਕੇਸ ਦਰਜ ਨਾ ਕੀਤਾ ਗਿਆ ਤਾਂ 7 ਅਪ੍ਰੈਲ ਨੂੰ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਵਿਖੇ ਵਿਧਾਇਕ ਦੇ ਘਰ ਦਾ ਘਿਰਾਓ ਕਰ ਕੇ ਸੂਬਾ ਪੱਧਰੀ ਰੋਸ ਵਿਖਾਵਾ ਕੀਤਾ ਜਾਵੇਗਾ |