ਸੰਗਰੂਰ, 26 ਮਾਰਚ (ਧੀਰਜ ਪਸੋਰੀਆ)-ਪੰਜਾਬ ਦੇ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀਆਂ ਖਾਲੀ ਹਜ਼ਾਰਾਂ ਅਸਾਮੀਆਂ ਅਨੁਸਾਰ ਈ.ਟੀ.ਟੀ., ਮਾਸਟਰ, ਲੈਕਚਰਾਰ, ਆਰਟ ਐਂਡ ਕਰਾਫ਼ਟ, ਡੀਪੀਈ ਸਮੇਤ ਬਾਕੀ ਵਿਸ਼ਿਆਂ ਦੀਆਂ ਨਵੀਆਂ ਭਰਤੀਆਂ ਦੇ ਇਸ਼ਤਿਹਾਰ ਜਾਰੀ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰਨ ਵਾਲੇ ਉੱਚ ਸਿੱਖਿਆ ਪ੍ਰਾਪਤ ਬੇਰੁਜ਼ਗਾਰ ਅਧਿਆਪਕਾਂ ਨੂੰ ਸਰਕਾਰੀ ਅਧਿਆਪਨ ਦੇਣ ਦੀ ਥਾਂ ਨਿੱਤ ਪੁਲਿਸੀਆ 'ਡੰਡੇ' ਨਾਲ ਨਿਵਾਜ਼ਿਆ ਜਾ ਰਿਹਾ ਹੈ | ਡੈਮੋਕੇ੍ਰਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਨੇ ਇਸ ਵਰਤਾਰੇ ਦਾ ਸਖ਼ਤ ਨੋਟਿਸ ਲੈਂਦੇ ਹੋਏ ਬੀਤੇ ਕੱਲ੍ਹ ਮੁੱਖ ਮੰਤਰੀ ਦੇ ਸੰਗਰੂਰ ਨਿਵਾਸ ਅੱਗੇ ਬੇਰੁਜ਼ਗਾਰ ਸਾਂਝੇ ਮੋਰਚੇ, ਬੇਰੁਜ਼ਗਾਰ ਲੈਕਚਰਾਰ ਯੂਨੀਅਨ, ਬੇਰੁਜ਼ਗਾਰ ਬੀ ਐਡ ਟੈੱਟ ਪਾਸ ਯੂਨੀਅਨ, ਸਰੀਰਕ ਸਿੱਖਿਆ ਮਾਸਟਰ ਕਾਡਰ ਯੂਨੀਅਨ ਦੇ ਅਧਿਆਪਕਾਂ ਨਾਲ ਤਿੱਖੀ ਖਿੱਚ ਧੂਹ ਤੇ ਦਸਤਾਰਾਂ ਨੂੰ ਪੈਰੀ ਰੋਲਣ ਤੋਂ ਬਾਅਦ ਪੁਲਿਸ ਵਲੋਂ ਉਨ੍ਹਾਂ ਨੂੰ ਨਜ਼ਰਬੰਦ ਕਰਨ ਦੀ ਸਖ਼ਤ ਨਿਖੇਧੀ ਕੀਤੀ ਹੈ | ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮਦੇਵ ਸਿੰਘ, ਸੂਬਾ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਸੂਬਾ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਨੇ ਇਸ ਸਬੰਧੀ ਮੀਡੀਆ ਨੂੰ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪਹਿਲਾਂ ਕਈ ਮੌਕਿਆਂ ਵਾਂਗ 23 ਮਾਰਚ ਦੇ ਸ਼ਹੀਦੀ ਦਿਹਾੜੇ ਵਾਲੇ ਦਿਨ ਵੀ ਮੁੱਖ ਮੰਤਰੀ ਦੀ ਰਿਹਾਇਸ਼ ਮੂਹਰੇ ਬੇਰੁਜ਼ਗਾਰ ਅਧਿਆਪਕਾਂ ਨਾਲ ਹੋਈ ਇਹ ਧੱਕੇਸ਼ਾਹੀ ਨੇ ਮੌਜੂਦਾ ਸਰਕਾਰ ਵਲੋਂ ਦਿੱਤੇ ਜਾਂਦੇ 'ਇਨਕਲਾਬ' ਜਾਂ 'ਬਦਲਾਅ' ਦੇ ਖੋਖਲੇ ਲਾਰਿਆਂ ਨੂੰ ਇੱਕ ਵਾਰ ਫਿਰ ਤੋਂ ਬੇਨਕਾਬ ਕੀਤਾ ਹੈ |