ਮਾਲੇਰਕੋਟਲਾ, 26 ਮਾਰਚ (ਮਨਜਿੰਦਰ ਸਿੰਘ ਸਰੌਦ)-ਪਿਛਲੇ ਲੰਬੇ ਸਮੇਂ ਤੋਂ ਸਮਾਜ ਸੇਵਾ ਦੇ ਖੇਤਰ ਅੰਦਰ ਅਹਿਮ ਯੋਗਦਾਨ ਪਾਉਣ ਵਾਲੀ ਜ਼ਿਲ੍ਹਾ ਮਲੇਰਕੋਟਲਾ ਦੀ ਉੱਘੀ ਸਮਾਜ ਸੇਵੀ ਸ਼ਖ਼ਸੀਅਤ ਤੇ ਵਾਤਾਵਰਨ ਪ੍ਰੇਮੀ ਇੰਦਰਜੀਤ ਸਿੰਘ ਮੁੰਡੇ ਚੇਅਰਮੈਨ ਕੇ.ਐੱਸ. ਗਰੁੱਪ ਇੰਟਰਨੈਸ਼ਨਲ ਪੀਸ ਐਵਾਰਡੀ ਦੀ ਸਰਪ੍ਰਸਤੀ ਹੇਠ ਕੇ.ਐੱਸ.ਗਰੁੱਪ ਮਾਲੇਰਕੋਟਲਾ ਤੇ ਇੰਟਰਨੈਸ਼ਨਲ ਸੰਸਥਾ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵਲੋਂ ਮਨੁੱਖਤਾ ਦੀ ਭਲਾਈ ਲਈ ਸਰਕਾਰੀ ਹਸਪਤਾਲ ਮਾਲੇਰਕੋਟਲਾ ਵਿਖੇ ਹਰ ਸਾਲ ਦੀ ਤਰ੍ਹਾਂ ਅੱਜ 27 ਮਾਰਚ ਦਿਨ ਸ਼ੁੱਕਰਵਾਰ ਨੂੰ ਮਹਾਂ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਕੌਮੀ ਪ੍ਰਧਾਨ ਮਨਦੀਪ ਸਿੰਘ ਖ਼ੁਰਦ ਨੇ ਦੱਸਿਆ ਕਿ ਇਸ ਸਲਾਨਾ ਕੈਂਪ ਦਾ ਉਦਘਾਟਨ ਗਗਨ ਅਜੀਤ ਸਿੰਘ ਜ਼ਿਲ੍ਹਾ ਪੁਲਿਸ ਮੁਖੀ ਮਾਲੇਰਕੋਟਲਾ ਤੇ ਇੰਦਰਜੀਤ ਸਿੰਘ ਮੁੰਡੇ ਚੇਅਰਮੈਨ ਕੇ.ਐੱਸ. ਗਰੁੱਪ ਵਲੋਂ ਆਪਣੇ ਕਰ ਕਮਲਾਂ ਨਾਲ ਕੀਤਾ ਜਾਵੇਗਾ | ਚੇਅਰਮੈਨ ਇੰਦਰਜੀਤ ਸਿੰਘ ਮੁੰਡੇ ਤੇ ਭਾਈ ਮਨਦੀਪ ਸਿੰਘ ਖ਼ੁਰਦ ਨੇ ਇਲਾਕੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਵੱਧ ਤੋਂ ਵੱਧ ਖ਼ੂਨਦਾਨ ਕੀਤਾ ਜਾਵੇ ਤਾਂ ਜੋ ਇਸ ਉਪਰਾਲੇ ਨਾਲ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਈ ਜਾ ਸਕੇ | ਉਨ੍ਹਾਂ ਕਿਹਾ ਕਿ ਖ਼ੂਨਦਾਨ ਮਹਾਂਦਾਨ ਹੈ ਜੋ ਕਿ ਹਰ ਇਕ ਤੰਦਰੁਸਤ ਨੌਜਵਾਨ ਨੂੰ ਸਾਲ ਵਿਚ 2 ਵਾਰ ਜ਼ਰੂਰ ਦਾਨ ਕਰਨਾ ਚਾਹੀਦਾ ਹੈ | ਉਨ੍ਹਾਂ ਦੱਸਿਆ ਕਿ ਖ਼ੂਨਦਾਨ ਕਰਨ ਵਾਲੇ ਨੌਜਵਾਨਾਂ ਨੂੰ ਸੰਸਥਾ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਜਾਵੇਗਾ | ਇਨ੍ਹਾਂ ਸੰਸਥਾਵਾਂ ਵਲੋਂ ਬੀਤੇ ਕਈ ਵਰਿ੍ਹਆਂ ਤੋਂ ਸਮਾਜ ਸੇਵਾ ਰਾਹੀਂ ਲੋੜਵੰਦਾਂ ਦੀ ਮਦਦ ਤੇ ਨੌਜਵਾਨਾਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਲਈ ਵੱਡੇ ਕਾਰਜ ਕੀਤੇ ਜਾਂਦੇ ਹਨ |