ਮਲੇਰਕੋਟਲਾ, 31 ਮਾਰਚ (ਮੁਹੰਮਦ ਹਨੀਫ਼ ਥਿੰਦ) - ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਕਣਕ ਦੀ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾਉਣ ਤੇ ਅੱਜ ਯਾਨੀਕਿ 1 ਅਪ੍ਰੈਲ ਤੋਂ 31 ਮਈ ਤੱਕ ਪਾਬੰਦੀ ਲਗਾਈ ਗਈ ਹੈ | ਉਨ੍ਹਾਂ ਹਦਾਇਤ ਕਰਦਿਆਂ ਕਿਹਾ ਕਿ ਕਣਕ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ ਅਤੇ ਆਮ ਤੌਰ ਤੇ ਕਣਕ ਕੱਟਣ ਉਪਰੰਤ ਕਣਕ ਦੇ ਨਾੜ ਨੂੰ ਕਿਸਾਨਾਂ ਵੱਲੋਂ ਅੱਗ ਲਗਾ ਦਿੱਤੀ ਜਾਂਦੀ ਹੈ | ਕਣਕ ਦੇ ਨਾੜ ਨੂੰ ਅੱਗ ਲਗਾਉਣ ਨਾਲ ਨੁਕਸਾਨ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ ਤੇ ਹਵਾ ਵਿਚ ਧੂੰਏਾ ਨਾਲ ਬਹੁਤ ਪ੍ਰਦੂਸ਼ਣ ਫੈਲਦਾ ਹੈ | ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋਣ ਦਾ ਡਰ ਰਹਿੰਦਾ ਹੈ | ਕਣਕ ਦੇ ਨਾੜ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜ਼ਮੀਨ ਦਾ ਉਪਯੋਗੀ ਕੱਲੜ ਜੋ ਕਿ ਜ਼ਮੀਨ ਲਈ ਬਹੁਤ ਲਾਭਦਾਇਕ ਹੈ ਦਾ ਵੀ ਨੁਕਸਾਨ ਹੁੰਦਾ ਹੈ | ਜ਼ਮੀਨ ਦੀ ਉੱਪਰਲੀ ਸਤ੍ਹਾ ਜਲਣ ਕਾਰਨ ਇਸ ਵਿਚ ਮੌਜੂਦ ਕਈ ਲਾਭ ਦਾਇਕ ਜੀਵਾਣੂ ਮਰ ਜਾਂਦੇ ਹਨ ਜਿਸ ਨਾਲ ਖੇਤ ਦੀ ਉਪਜਾਊ ਸ਼ਕਤੀ ਨਸ਼ਟ ਹੋ ਜਾਂਦੀ ਹੈ ਅਤੇ ਸੜਕਾਂ ਦੁਆਲੇ ਮੌਜੂਦ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਆਵਾਜਾਈ ਵਿਚ ਵਿਘਨ ਪੈਂਦਾ ਹੈ ਅਤੇ ਨਾਲ ਦੇ ਖੇਤ ਵਿਚ ਖੜ੍ਹੀ ਫ਼ਸਲ ਜਾਂ ਪਿੰਡ ਵਿਚ ਅੱਗ ਲੱਗਣ ਨਾਲ ਵੱਡੇ ਹਾਦਸੇ ਵਾਪਰਨ ਦਾ ਵੀ ਡਰ ਬਣਿਆ ਰਹਿੰਦਾ ਹੈ | ਜਿਸ ਦਾ ਸਿੱਧਾ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਅਤੇ ਉਸ ਦਾ ਅਸਰ ਦੇਸ਼ ਦੇ ਉਤਪਾਦਨ 'ਤੇ ਪੈਂਦਾ ਹੈ | ਜਿਸ ਕਰਕੇ ਕਣਕ ਦੀ ਰਹਿੰਦ- ਖੰੂਹਦ ਨੂੰ ਅੱਗ ਲਗਾਉਣ ਤੋਂ ਰੋਕਣਾ ਜ਼ਰੂਰੀ ਹੈ |