ਧੂਰੀ 31 ਮਾਰਚ (ਲਖਵੀਰ ਸਿੰਘ ਧਾਂਦਰਾ) - ਦੇਸ਼ ਭਗਤ ਕਾਲਜ ਬਰੜਵਾਲ ਵਿੱਚ ਟਰੇਨਿੰਗ ਐਂਡ ਕੈਪੇਸਿਟੀ ਬਿਲਡਿੰਗ ਆਫ਼ ਸਿਵਲ ਡਿਫੈਂਸ' ਤਹਿਤ ਇੱਕ ਹਫ਼ਤੇ ਤੱਕ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਈਟ) ਦਾ 7 ਦਿਨਾਂ ਦਾ ਟਰੇਨਿੰਗ ਕੈਂਪ ਆਯੋਜਿਤ ਕੀਤਾ ਗਿਆ | ਇਸ ਕੈਂਪ ਵਿੱਚ ਦੇਸ਼ ਭਗਤ ਕਾਲਜ ਬਰੜਵਾਲ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਿਵਲ ਡਿਫੈਂਸ ਨਾਲ ਸੰਬੰਧਿਤ ਮਹੱਤਵਪੂਰਨ ਜਾਣਕਾਰੀ ਹਾਸਲ ਕੀਤੀ | ਕੈਂਪ ਦੌਰਾਨ ਵਿਦਿਆਰਥੀਆਂ ਨੂੰ ਐਮਰਜੈਂਸੀ ਸਥਿਤੀਆਂ ਵਿੱਚ ਬਚਾਅ ਕਾਰਜ, ਰੈਸਕਿਊ ਓਪਰੇਸ਼ਨ, ਸੁਰੱਖਿਆ ਦੇ ਤਰੀਕੇ ਅਤੇ ਸਿਵਲ ਡਿਫੈਂਸ ਦੀ ਭੂਮਿਕਾ ਬਾਰੇ ਵਿਸਥਾਰਪੂਰਵਕ ਸਿਖਲਾਈ ਦਿੱਤੀ ਗਈ | ਇਸ ਪ੍ਰਸ਼ਿਕਸ਼ਣ ਨੇ ਵਿਦਿਆਰਥੀਆਂ ਵਿੱਚ ਸੇਵਾ ਭਾਵਨਾ, ਸਵੈ-ਰੱਖਿਆ ਅਤੇ ਸੰਕਟ ਸਮੇਂ ਜ਼ਿੰਮੇਵਾਰੀ ਨਿਭਾਉਣ ਦੀ ਸੋਚ ਨੂੰ ਹੋਰ ਮਜ਼ਬੂਤ ਕੀਤਾ | ਇਹ ਗਤੀਵਿਧੀ ਕਾਲਜ ਦੇ ਪਿ੍ੰਸੀਪਲ ਡਾ. ਬਲਬੀਰ ਸਿੰਘ ਦੀ ਰਹਿਨੁਮਾਈ ਹੇਠ ਸਫਲਤਾਪੂਰਵਕ ਸੰਪੰਨ ਹੋਈ | ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਮਾਜ ਸੇਵਾ ਅਤੇ ਮੁਸ਼ਕਲ ਸਮੇਂ ਮਨੁੱਖਤਾ ਦੀ ਸੇਵਾ ਲਈ ਹਮੇਸ਼ਾ ਤਿਆਰ ਰਹਿਣ ਦੀ ਪੇ੍ਰਰਨਾ ਦਿੱਤੀ | ਕਾਲਜ ਪ੍ਰਬੰਧਕਾਂ ਨੇ ਵਿਦਿਆਰਥੀਆਂ ਦੀ ਸਰਗਰਮ ਭਾਗੀਦਾਰੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਕੈਂਪ ਨੌਜਵਾਨਾਂ ਵਿੱਚ ਅਨੁਸ਼ਾਸਨ, ਸਹਿਯੋਗ ਅਤੇ ਦੇਸ਼ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਬਣਾਉਂਦੇ ਹਨ |