09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-07-2026

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਚੋਟੀਆਂ ਟੋਲ ਪਲਾਜ਼ਾ ਚਾਰ ਘੰਟੇ ਲਈ ਪਰਚੀ ਮੁਕਤ

ਅਜੀਤ ਡੈਸਕ 23-07-2026
ਲਹਿਰਾਗਾਗਾ, 22 ਜੁਲਾਈ (ਅਸ਼ੋਕ ਗਰਗ) – ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਲਹਿਰਾਗਾਗਾ ਇਲਾਕੇ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਅਤੇ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਨੂੰ ਪਿੰਡ ਚੋਟੀਆਂ ਸਥਿਤ ਟੋਲ ਪਲਾਜ਼ਾ ਨੂੰ ਚਾਰ ਘੰਟਿਆਂ ਲਈ ਪਰਚੀ ਮੁਕਤ ਕਰਕੇ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਰਾਜ ਸਰਕਾਰਾਂ ਖੇਤੀਬਾੜੀ ਸੈਕਟਰ ਨੂੰ ਤਬਾਹ ਕਰਨ ਵਾਲੀਆਂ ਨੀਤੀਆਂ ਲਾਗੂ ਕਰ ਰਹੀਆਂ ਹਨ। ਉਨ੍ਹਾਂ ਭਾਰਤ-ਅਮਰੀਕਾ ਵਪਾਰ ਸਮਝੌਤੇ, ਨਵੀਂ ਲੈਂਡ ਪੂਲਿੰਗ ਪਾਲਸੀ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਤੇ ਕੇਂਦਰ ਦੇ ਵਧਦੇ ਕੰਟਰੋਲ, ਕਿਸਾਨਾਂ ਦੀਆਂ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਨ ਅਤੇ ਦਿੱਲੀ ਵਿੱਚ ਸੰਘਰਸ਼ ਕਰ ਰਹੇ ਨੌਜਵਾਨਾਂ ‘ਤੇ ਲਾਠੀਚਾਰਜ ਦੀ ਨਿਖੇਧੀ ਕੀਤੀ। ਬੁਲਾਰਿਆਂ ਨੇ ਕਿਹਾ ਕਿ ਖੇਤੀਬਾੜੀ ਨੂੰ ਜਾਣਬੁੱਝ ਕੇ ਘਾਟੇ ਦਾ ਧੰਦਾ ਬਣਾਇਆ ਜਾ ਰਿਹਾ ਹੈ, ਜਦਕਿ ਇਹ ਦੇਸ਼ ਦੀ ਆਰਥਿਕਤਾ ਅਤੇ ਲੋਕਾਂ ਦੀ ਜ਼ਿੰਦਗੀ ਦੀ ਰੀੜ੍ਹ ਦੀ ਹੱਡੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕਿਸਾਨਾਂ ਨੂੰ ਫ਼ਸਲਾਂ ਦੇ ਵਾਜਬ ਭਾਅ ਨਹੀਂ ਦਿੱਤੇ ਜਾ ਰਹੇ ਅਤੇ ਖੇਤੀਬਾੜੀ ਨਾਲ ਸਬੰਧਤ ਕਮਿਸ਼ਨਾਂ ਦੀਆਂ ਸਿਫ਼ਾਰਸ਼ਾਂ ਵੀ ਲਾਗੂ ਨਹੀਂ ਕੀਤੀਆਂ ਜਾ ਰਹੀਆਂ। ਆਗੂਆਂ ਨੇ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਛੋਟੇ ਕਿਸਾਨਾਂ ਲਈ ਘਾਤਕ ਕਰਾਰ ਦਿੰਦਿਆਂ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦੇਸ਼ੀ ਖੇਤੀ ਉਤਪਾਦਾਂ ਨੂੰ ਉਤਸ਼ਾਹ ਮਿਲੇਗਾ ਅਤੇ ਦੇਸ਼ ਦੀ ਛੋਟੀ ਕਿਸਾਨੀ ਨੂੰ ਭਾਰੀ ਨੁਕਸਾਨ ਪਹੁੰਚੇਗਾ। ਇਸੇ ਤਰ੍ਹਾਂ ਪੰਜਾਬ ਸਰਕਾਰ ਦੀ ਨਵੀਂ ਲੈਂਡ ਪੂਲਿੰਗ ਪਾਲਸੀ ਦਾ ਵਿਰੋਧ ਕਰਦਿਆਂ ਉਨ੍ਹਾਂ ਕਿਹਾ ਕਿ ਕਿਸਾਨ ਕਿਸੇ ਵੀ ਕੀਮਤ ‘ਤੇ ਆਪਣੀ ਉਪਜਾਊ ਜ਼ਮੀਨ ਕੰਪਨੀਆਂ ਦੇ ਹਵਾਲੇ ਨਹੀਂ ਕਰਨਗੇ।ਬੁਲਾਰਿਆਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ‘ਤੇ ਕੇਂਦਰ ਦੇ ਕੰਟਰੋਲ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਨੇ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਦਰਸ਼ਨ ਸਿੰਘ ਚੰਗਾਲੀਵਾਲਾ ਅਤੇ ਜਨਕ ਸਿੰਘ ਭੁਟਾਲ, ਖੇਤੀਬਾੜੀ ਤੇ ਕਿਸਾਨ ਵਿਕਾਸ ਫਰੰਟ ਪੰਜਾਬ ਦੇ ਮਹਿੰਦਰ ਸਿੰਘ ਖੋਖਰ, ਕੁੱਲ ਹਿੰਦ ਕਿਸਾਨ ਸਭਾ ਦੇ ਸਤਵੰਤ ਸਿੰਘ ਖੰਡੇਵਾਦ, ਕਿਸਾਨ ਫੈਡਰੇਸ਼ਨ ਦੇ ਹਰਮੇਲ ਸਿੰਘ ਮਹਿਰੋਕ, ਕਿਸਾਨ ਯੂਨੀਅਨ ਰਾਜੇਵਾਲ ਦੇ ਬਲਵਿੰਦਰ ਸਿੰਘ ਘੋੜੇਨਾਬ, ਪੰਜਾਬ ਕਿਸਾਨ ਯੂਨੀਅਨ ਦੇ ਸਵਰਨ ਸਿੰਘ ਨਵਾਂ ਗਾਓਂ, ਜਮਹੂਰੀ ਅਧਿਕਾਰ ਸਭਾ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਭੁਟਾਲ, ਕਿਰਤੀ ਕਿਸਾਨ ਯੂਨੀਅਨ ਦੇ ਨਿਰਭੈ ਸਿੰਘ ਖਾਈ, ਲਛਮਣ ਸਿੰਘ ਅਲੀਸ਼ੇਰ, ਐਡਵੋਕੇਟ ਪ੍ਰੇਮਪਾਲ ਸਿੰਘ, ਗੁਰਪ੍ਰੀਤ ਸਿੰਘ ਸੰਗਤਪੁਰਾ, ਗੁਰਮੇਲ ਸਿੰਘ ਕੜੈਲ ਅਤੇ ਟੋਲ ਪਲਾਜ਼ਾ ਵਰਕਰ ਯੂਨੀਅਨ ਦੇ ਨੁਮਾਇੰਦਿਆਂ ਨੇ ਵੀ ਸੰਬੋਧਨ ਕੀਤਾ। ਸਮਾਗਮ ਦੀ ਸਟੇਜ ਸਕੱਤਰੀ ਦੀ ਜ਼ਿੰਮੇਵਾਰੀ ਸ਼ਿਵਰਾਜ ਸਿੰਘ ਨੇ ਨਿਭਾਈ।
ਪਿਛਲੀ ਖ਼ਬਰ ਘੱਗਰ ਦੀਆਂ ਪੁਰਾਣੀਆਂ ਤਸਵੀਰਾਂ ਤੇ ਵੀਡੀਓਆਂ ਵਾਇਰਲ ਕਰਨਾ ਬਣਿਆ ਲੋਕਾਂ ਲਈ ਸਿਰਦਰਦ ਅਗਲੀ ਖ਼ਬਰ ਸੜਕ ਹਾਦਸੇ ’ਚ ਨੌਜਵਾਨ ਗੰਭੀਰ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।